- ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਖਿਲਾਫ ਇਕਜੁੱਟ ਹੋਣ ਦਾ ਦਿੱਤਾ ਸੱਦਾ
- ਯੁਵਾ ਸਸ਼ਕਤੀਕਰਨ ਦਿਵਸ 'ਤੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ
- ਹਜ਼ਾਰਾਂ ਵਿਅਕਤੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਦੀ ਚੁੱਕੀ ਸਹੁੰ
- ਕੈਬਨਿਟ ਮੰਤਰੀ ਨੇ ਖੁਦ ਮੋਟਰਸਾਈਕਲ ਚਲਾਕੇ ਮੋਟਰਸਾਈਕਲ ਰੋਡ ਸ਼ੋਅ ਦੀ ਕੀਤੀ ਅਗਵਾਈ
ਹੁਸ਼ਿਆਰਪੁਰ, 23 ਮਾਰਚ: ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਗਈ ਹੈ ਅਤੇ ਨੌਜਵਾਨ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ਪੈ ਰਹੇ ਹਨ। ਉਹ ਅੱਜ ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਸ਼ਹੀਦੇ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਮਨਾਏ ਗਏ ਯੁਵਾ ਸਸ਼ਕਤੀਕਰਨ ਦਿਵਸ 'ਤੇ ਇਕੱਤਰ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਅਪਨਾਉਣ ਦੀ ਲੋੜ ਹੈ ਅਤੇ ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਸਮਾਜਿਕ ਕੁਰੀਤੀਆਂ ਖਿਲਾਫ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀਆਂ ਅਲਾਮਤਾਂ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਭ੍ਰਿਸ਼ਟਾਚਾਰ 'ਤੇ ਲਗਾਮ ਕੱਸਣ ਲਈ ਇਕਜੁੱਟਤਾ ਬਹੁਤ ਜ਼ਰੂਰੀ ਹੈ।
ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜੀਅ-ਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਸੂਬਾ ਵਾਸੀ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਨਸ਼ਾ ਰੋਕੂ ਅਫ਼ਸਰ (ਡਰੱਗ ਅਬਿਊਜ਼ ਪਰੀਵੈਨਸ਼ਨ ਆਫਿਸਰਜ਼-ਡੀ.ਏ.ਪੀ.ਓ) ਵਲੰਟੀਅਰ ਬਣਕੇ ਜਾਗਰੂਕਤਾ ਫੈਲਾਉਣ, ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਉਣ ਲਈ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਇਸ ਨਿਵੇਕਲੀ ਪਹਿਲ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਭ ਧਿਰਾਂ ਨੂੰ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਸਦਕਾ ਦੇਸ਼ ਦੇ ਵੱਡੇ-ਵੱਡੇ ਉਦਯੋਗ ਅਤੇ ਮਲਟੀ ਨੈਸ਼ਨਲ ਕੰਪਨੀਆਂ ਪੰਜਾਬ ਵੱਲ ਉਮੀਦ ਨਾਲ ਦੇਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿਛਲੇ ਇਕ ਸਾਲ ਵਿਚ 72 ਹਜ਼ਾਰ ਨੌਜਵਾਨਾਂ ਨੂੰ ਵੱਖ-ਵੱਖ ਮਲਟੀ ਨੈਸ਼ਨਲ ਕੰਪਨੀਆਂ ਵਿਚ ਨੌਕਰੀ ਦਿਵਾਈ ਗਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਹੁਨਰਮੰਦ ਬਣਾਇਆ ਜਾ ਰਿਹਾ ਹੈ ਅਤੇ ਸਰਕਾਰ ਵਲੋਂ ਨੌਜਵਾਨਾਂ ਲਈ ਨੌਕਰੀਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨੌਜਵਾਨ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਅਤੇ ਖੇਡਾਂ ਵੱਲ ਅੱਗੇ ਵੱਧਣ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿਚ ਪਹਿਲਕਦਮੀ ਦਿਖਾਉਣ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਕਦੇ ਕਾਮਯਾਬ ਨਹੀਂ ਹੁੰਦੇ, ਬਲਕਿ ਆਪਣੀ ਸਿਹਤ ਨੂੰ ਹੀ ਖਰਾਬ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਡੀ.ਏ.ਪੀ.ਓ ਮੁਹਿੰਮ ਤਹਿਤ ਵਲੰਟੀਅਰ ਬਣਕੇ ਨੌਜਵਾਨ ਅਤੇ ਹੋਰ ਪੰਜਾਬ ਵਾਸੀ ਸਮਾਜ ਨੂੰ ਨਸ਼ਾ ਮੁਕਤ ਕਰਨ ਵਿਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਸਮਾਜ ਪ੍ਰਤੀ ਆਪਣੇ ਫਰਜ਼ ਨੂੰ ਨਿਭਾਉਂਦੇ ਹੋਏ ਨਸ਼ੇ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਉਣ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਖੁਦ ਮੋਟਰਸਾਈਕਲ ਚਲਾਕੇ ਨੌਜਵਾਨਾਂ ਵਲੋਂ ਕੱਢੇ ਗਏ ਮੋਟਰਸਾਈਕਲ ਰੋਡ ਸ਼ੋਅ ਦੀ ਅਗਵਾਈ ਕੀਤੀ। ਇਸ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖਟਕੜ ਕਲਾਂ ਵਿਚ ਹੋਏ ਰਾਜ ਪੱਧਰੀ ਸਮਾਗਮ ਤੋਂ ਸਿੱਧੇ ਪ੍ਰਸਾਰਣ ਰਾਹੀਂ ਨਸ਼ਿਆਂ ਖਿਲਾਫ ਸਹੁੰ ਵੀ ਚੁਕਾਈ ਗਈ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕੈਬਨਿਟ ਮੰਤਰੀ ਨੂੰ ਡੇਪੋ ਦੀ ਮੈਂਬਰਸ਼ਿਪ ਦਾ ਕਾਰਡ ਵੀ ਸੌਂਪਿਆ। ਇਸ ਮੌਕੇ ਹਲਕਾ ਵਿਧਾਇਕ ਟਾਂਡਾ ਸ਼੍ਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਹੁਸ਼ਿਆਰਪੁਰ ਸ਼੍ਰੀ ਸੁੰਦਰ ਸ਼ਾਮ ਅਰੋੜਾ ਅਤੇ ਹਲਕਾ ਵਿਧਾਇਕ ਸ਼ਾਮ ਚੁਰਾਸੀ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ਼੍ਰੀ ਪਵਨ ਕੁਮਾਰ ਆਦੀਆ ਨੇ ਵੀ ਸੰਬੋਧਨ ਕੀਤਾ।
ਸਮਾਗਮ ਦੌਰਾਨ ਰਿਆਤ-ਬਾਹਰਾ ਗਰੁੱਪ ਦੇ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਨਸ਼ਿਆਂ ਖਿਲਾਫ ਸਕਿੱਟ ਅਤੇ ਕਵਿਤਾ ਵੀ ਪੇਸ਼ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ, ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ, ਕਮਾਡੈਂਟ ਪੀ.ਆਰ.ਟੀ.ਸੀ ਸ਼੍ਰੀ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਮਰਜੀਤ ਸਿੰਘ, ਪੀ.ਸੀ.ਐਸ. (ਅੰਡਰ ਟ੍ਰੇਨਿੰਗ) ਸ਼੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
No comments:
Post a Comment