- ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ
- ਡਿਪਟੀ ਕਮਿਸ਼ਨਰ ਨੇ ਨਸ਼ਿਆਂ ਖਿਲਾਫ਼ ਕੀਤੇ ਜਾ ਰਹੇ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 22 ਮਾਰਚ: ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਸੀਨੀਅਰ ਬਲਬੀਰ ਸਿੰਘ ਓਲੰਪੀਅਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ 23 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਵਲੋਂ ਅੱਜ ਇਕ ਵਿਸ਼ੇਸ਼ ਮੀਟਿੰਗ ਸਮਾਗਮ ਵਾਲੀ ਥਾਂ 'ਤੇ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਕਮਾਂਡੈਂਟ ਪੀ.ਆਰ.ਟੀ.ਸੀ. ਜਹਾਨਖੇਲਾਂ ਸ੍ਰੀ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ ਅਤੇ ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਸ੍ਰ: ਚਰਨਜੀਤ ਸਿੰਘ ਚੰਨੀ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਖਟਕੜ ਕਲਾਂ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਤੋਂ ਸਿੱਧੇ ਪ੍ਰਸਾਰਣ ਰਾਹੀਂ ਡੀ.ਏ.ਪੀ.ਓ. (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼) ਤਹਿਤ ਸੂਬੇ ਦੇ ਹਰ ਇਲਾਕੇ ਨੂੰ 'ਨਸ਼ਾ ਮੁਕਤ ਮੁਹੱਲਾ' ਬਣਾਉਣ ਲਈ ਸਹੁੰ ਵੀ ਚੁਕਾਈ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਾਲ ਜੋੜਿਆ ਜਾਵੇ ਅਤੇ ਉਨ੍ਹਾਂ ਨੂੰ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਖੜਕੜਕਲਾਂ ਵਿਖੇ ਹੋਣ ਵਾਲੇ ਸਮਾਗਮ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਦਿਖਾਇਆ ਜਾਵੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਵਿਰੁੱਧ ਦਿਵਾਈ ਜਾਣ ਵਾਲੀ ਸਹੁੰ ਰਾਹੀਂ ਸਾਰਿਆਂ ਨੂੰ ਨਸ਼ਿਆਂ ਖਿਲਾਫ਼ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੱਢੀ ਜਾ ਰਹੀ ਮੋਟਰ ਸਾਈਕਲ ਰੈਲੀ ਵੀ ਖਿੱਚ ਦਾ ਕੇਂਦਰ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਡੇਪੋ ਰਜਿਸਟਰੇਸ਼ਨ ਲਈ ਵੱਖਰਾ ਕਾਊਂਟਰ ਵੀ ਬਣਾਇਆ ਜਾਵੇਗਾ, ਤਾਂ ਜੋ ਮੌਕੇ 'ਤੇ ਹੀ ਰਜਿਸਟਰੇਸ਼ਨ ਕੀਤੀ ਜਾ ਸਕੇ। ਉਨ੍ਹਾਂ ਸੱਦਾ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਨਸ਼ਿਆਂ ਖਿਲਾਫ਼ ਨਿੱਤਰ ਕੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ।
No comments:
Post a Comment