- ਵਧੀਕ ਡਿਪਟੀ ਕਮਿਸ਼ਨਰ ਅਨੁਪਮ ਕਲੇਰ ਨੇ ਰੈਲੀ ਨੂੰ ਕੀਤਾ ਰਵਾਨਾ
ਹੁਸ਼ਿਆਰਪੁਰ, 9 ਮਾਰਚ:ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਮਨਾਏ ਜਾ ਰਹੇ ਪੰਦਰਵਾੜਾ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਕ ਵਿਸ਼ਾਲ ਸੰਕਲਪ ਰੈਲੀ ਕੱਢੀ ਗਈ, ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਵਿੱਚ ਲੜਕੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਸਬੰਧੀ ਝਾਕੀਆਂ ਤੋਂ ਇਲਾਵਾ ਵੱਖ-ਵੱਖ ਸਲੋਗਨ ਆਦਿ ਵੀ ਫੜੇ ਹੋਏ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਲਿੰਗ ਅਨੁਪਾਤ ਵਿੱਚ ਸੂਬੇ ਵਿਚੋਂ ਮੋਹਰੀ ਰੋਲ ਅਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ, ਬਲਕਿ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੌਕੇ ਮਿਲਣ 'ਤੇ ਲੜਕੀਆਂ ਸਿੱਧ ਕਰ ਸਕਦੀਆਂ ਹਨ ਕਿ ਉਹ ਕਿਸੇ ਤੋਂ ਘੱਟ ਨਹੀਂ ਹਨ।
ਸ੍ਰੀਮਤੀ ਕਲੇਰ ਨੇ ਕਿਹਾ ਕਿ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹੇ ਵਿੱਚ ਇਸ ਸੰਕਲਪ ਰੈਲੀ ਰਾਹੀਂ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਲੜਕੀਆਂ ਨੂੰ ਲੜਕਿਆਂ ਵਾਂਗ ਹੀ ਬਰਾਬਰ ਦੇ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਖਿਲਾਫ਼ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਲੜਕੀਆਂ ਨੂੰ ਪੇਟ ਵਿੱਚ ਹੀ ਮਾਰਨਾ ਬਹੁਤ ਵੱਡਾ ਅਪਰਾਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਬਾਲਿਕਾ ਮੰਚ ਸਥਾਪਿਤ ਕਰਨ ਵਾਲਾ ਪਹਿਲਾ ਜ਼ਿਲ੍ਹਾ ਹੈ, ਜਿਸ ਵਿੱਚ ਇਸ ਮੰਚ ਜ਼ਰੀਏ ਸਕੂਲੀ ਵਿਦਿਆਰਥਣਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਲੋਂ 15 ਮਾਰਚ ਤੱਕ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਲੜਕੀਆਂ ਦੇ ਲਿੰਗ ਅਨੁਪਾਤ ਨੂੰ ਸੁਧਾਰਨ ਤੋਂ ਇਲਾਵਾ ਲੜਕੀਆਂ ਦੇ ਸਮਾਜਿਕ, ਆਰਥਿਕ ਤੇ ਬੌਧਿਕ ਵਿਕਾਸ ਸਬੰਧੀ ਗਤੀਵਿਧੀਆਂ ਦੇ ਪ੍ਰੋਗਰਾਮ ਉਲੀਕੇ ਗਏ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿੱਤਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਸੀ.ਡੀ.ਪੀ.ਓ. ਸ੍ਰੀਮਤੀ ਰਣਜੀਤ ਕੌਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਔਰਤਾਂ ਅਤੇ ਲੜਕੀਆਂ ਸ਼ਾਮਲ ਸਨ।
No comments:
Post a Comment