- ਕਿਹਾ, 5825 ਗਰਭਵਤੀ ਮਹਿਲਾਵਾਂ ਨੂੰ 84 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਦਿੱਤਾ ਗਿਆ ਹੈ ਲਾਭ
ਹੁਸ਼ਿਆਰਪੁਰ, 6 ਮਾਰਚ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀ.ਐਮ.ਐਮ.ਵੀ.ਵਾਈ) ਰਾਹੀਂ ਜ਼ਿਲ੍ਹੇ ਦੀਆਂ 5825 ਗਰਭਵਤੀ ਮਹਿਲਾਵਾਂ ਨੂੰ 84 ਲੱਖ 52 ਹਜ਼ਾਰ ਰੁਪਏ ਦੀ ਰਾਸ਼ੀ ਦਾ ਲਾਭ ਮੁਹੱਈਆ ਕਰਵਾਇਆ ਗਿਆ ਹੈ। ਇਸ ਸਕੀਮ ਅਧੀਨ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਸੂਬੇ ਵਿਚੋਂ ਮੋਹਰੀ ਰੋਲ ਅਦਾ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਕੀਮ 1 ਜਨਵਰੀ 2017 ਤੋਂ ਪੂਰੇ ਭਾਰਤ ਸਮੇਤ ਰਾਜ ਵਿੱਚ ਵੀ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਅਧੀਨ ਪਹਿਲੀ ਵਾਰ ਗਰਭਧਾਰਨ ਕਰਨ ਵਾਲੀਆਂ ਮਹਿਲਾਵਾਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਲਈ 5000 ਹਜ਼ਾਰ ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 1000 ਰੁਪਏ ਦੀ ਪਹਿਲੀ ਰਾਸ਼ੀ ਦੀ ਕਿਸ਼ਤ ਗਰਭਵਤੀ ਮਹਿਲਾ ਵਲੋਂ ਆਂਗਣਵਾੜੀ ਵਰਕਰ ਕੋਲ ਰਜਿਸਟਰੇਸ਼ਨ ਅਤੇ ਜੱਚਾ-ਬੱਚਾ ਕਾਰਡ ਬਣਾਉਣ ਸਮੇਂ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਦੂਜੀ ਕਿਸ਼ਤ ਦੀ ਰਾਸ਼ੀ 6 ਮਹੀਨੇ ਦੀ ਗਰਭ ਅਵਸਥਾ ਦੌਰਾਨ ਡਾਕਟਰੀ ਜਾਂਚ ਤੋਂ ਬਾਅਦ 2 ਹਜ਼ਾਰ ਰੁਪਏ ਅਤੇ ਤੀਜੀ ਕਿਸ਼ਤ ਦੀ 2 ਹਜ਼ਾਰ ਰੁਪਏ ਦੀ ਰਾਸ਼ੀ ਡਿਲੀਵਰੀ ਤੋਂ ਬਾਅਦ ਬੱਚੇ ਦੇ ਟੀਕਾਕਰਨ ਪੂਰਾ ਕਰਾਉਣ ਅਤੇ ਸਿਹਤ ਤੇ ਪੌਸ਼ਟਿਕ ਕਮੇਟੀ ਦੇ ਸੈਸ਼ਨ ਅਟੈਂਡ ਕਰਨ ਤੋਂ ਬਾਅਦ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਕਿਸ਼ਤਾਂ ਵਾਸਤੇ ਗਰਭਵਤੀ ਮਹਿਲਾ ਵਲੋਂ ਵੱਖ-ਵੱਖ ਨਿਯਮਤ ਫਾਰਮ ਵੀ ਭਰਨੇ ਹੁੰਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਕੇਂਦਰ, ਰਾਜ ਦੇ ਕਰਮਚਾਰੀ ਅਤੇ ਅਰਧ ਸਰਕਾਰੀ ਖੇਤਰ ਵਿੱਚ ਕੰਮ ਕਰਦੀਆਂ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈਣ ਦੀਆਂ ਹੱਕਦਾਰ ਨਹੀਂ ਹੁੰਦੀਆਂ, ਕਿਉਂਕਿ ਉਨ੍ਹਾਂ ਨੂੰ ਤਨਖਾਹ ਸਮੇਤ ਮਾਤਰਤੱਵ ਛੁੱਟੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜਿਹੜੀਆਂ ਗਰਭਵਤੀ ਮਾਵਾਂ ਪਹਿਲਾਂ ਇਸ ਤਰ੍ਹਾਂ ਦੀਆਂ ਸਮਾਨ ਯੋਜਨਾਵਾਂ ਦਾ ਲਾਭ ਲੈ ਰਹੀਆਂ ਹੋਣ, ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਨਹੀਂ ਦਿੱਤਾ ਜਾ ਸਕਦਾ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਸਕੀਮ ਲਈ ਵਧੇਰੇ ਜਾਣਕਾਰੀ ਲਈ ਆਂਗਣਵਾੜੀ ਵਰਕਰ, ਸੁਪਰਵਾਈਜ਼ਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵਿਭਾਗ ਨੂੰ ਕੋਈ ਬਿਨੈਪੱਤਰ ਮਿਲਦਾ ਹੈ, ਤਾਂ ਛਾਣਬੀਣ ਉਪਰੰਤ ਇਸ ਨੂੰ ਆਨਲਾਈਨ ਕਰ ਦਿੱਤਾ ਜਾਂਦਾ ਹੈ ਅਤੇ ਬਣਦੀ ਰਾਸ਼ੀ ਬਿਨੈਕਾਰ ਦੇ ਬੈਂਕ ਖਾਤੇ ਵਿੱਚ ਸਿੱਧੇ ਤੌਰ 'ਤੇ ਟਰਾਂਸਫਰ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਬਾਰੇ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈਬ ਸਾਈਟ PMMVY.COM 'ਤੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
No comments:
Post a Comment