- ਕਿਹਾ, ਖਟਕੜਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਸਿੱਧੇ ਪ੍ਰਸਾਰਣ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਚੁਕਾਈ ਜਾਵੇਗੀ ਸਹੁੰ
ਹੁਸ਼ਿਆਰਪੁਰ, 21 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 23 ਮਾਰਚ ਨੂੰ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਸੀਨੀਅਰ ਬਲਬੀਰ ਸਿੰਘ ਓਲੰਪੀਅਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਸ੍ਰ: ਚਰਨਜੀਤ ਸਿੰਘ ਚੰਨੀ ਪਹੁੰਚ ਰਹੇ ਹਨ। ਉਹ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਮਾਗਮ ਦੌਰਾਨ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਨਸ਼ਾ ਰੋਕੂ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਧ ਚੜ੍ਹ ਕੇ ਹਿੱਸਾ ਪਾਉਣ ਸਬੰਧੀ ਸਹੁੰ ਵੀ ਚੁਕਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਹੁੰ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਖਟਕੜਕਲਾਂ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਜ਼ਿਲ੍ਹੇ ਵਿੱਚ ਸਿੱਧੇ ਪ੍ਰਸਾਰਣ ਰਾਹੀਂ ਚੁਕਾਈ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਾਲ ਜੋੜਿਆ ਜਾਵੇ ਅਤੇ ਉਨ੍ਹਾਂ ਨੂੰ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਖੜਕੜਕਲਾਂ ਵਿਖੇ ਹੋਣ ਵਾਲੇ ਸਮਾਗਮ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਦਿਖਾਇਆ ਜਾਵੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਵਿਰੁੱਧ ਦਿਵਾਈ ਜਾਣ ਵਾਲੀ ਸਹੁੰ ਰਾਹੀਂ ਸਾਰਿਆਂ ਨੂੰ ਨਸ਼ਿਆਂ ਖਿਲਾਫ਼ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੱਢੀ ਜਾ ਰਹੀ ਮੋਟਰ ਸਾਈਕਲ ਰੈਲੀ ਵੀ ਖਿੱਚ ਦਾ ਕੇਂਦਰ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਡੇਪੋ ਰਜਿਸਟਰੇਸ਼ਨ ਲਈ ਵੱਖਰਾ ਕਾਊਂਟਰ ਵੀ ਬਣਾਇਆ ਜਾਵੇਗਾ, ਤਾਂ ਜੋ ਮੌਕੇ 'ਤੇ ਹੀ ਰਜਿਸਟਰੇਸ਼ਨ ਕੀਤੀ ਜਾ ਸਕੇ। ਉਨ੍ਹਾਂ ਸੱਦਾ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਨਸ਼ਿਆਂ ਖਿਲਾਫ਼ ਨਿੱਤਰ ਕੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. ਅੰਡਰ ਟਰੇਨਿੰਗ ਸ੍ਰੀ ਅਮਿਤ ਸਰੀਨ, ਡੀ.ਐਸ.ਪੀ. ਪੀ.ਆਰ.ਟੀ.ਸੀ. ਜਹਾਨਖੇਲਾਂ ਸ੍ਰੀ ਮਲਕੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਸਿਵਲ ਸਰਜਨ ਡਾ. ਰੇਨੂ ਸੂਦ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।
No comments:
Post a Comment