ਮੰਡੀਆਂ 'ਚ ਕਿਸਾਨਾਂ ਦੀ ਖੱਜਲ-ਖੁਆਰੀ ਸਹਿਣ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ


  • ਕਿਸਾਨਾਂ ਨੂੰ ਕਣਕ ਦੀ ਪਰਾਲੀ/ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ
  • ਹੁਣ ਤੱਕ ਖਰੀਦੀ ਜਾ ਚੁੱਕੀ ਹੈ 1 ਲੱਖ 70 ਹਜ਼ਾਰ 979 ਮੀਟਰਕ ਟਨ ਕਣਕ
  • ਆੜ੍ਹਤੀਆਂ ਨੂੰ ਕੀਤੀ ਗਈ 203.27 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ

ਹੁਸ਼ਿਆਰਪੁਰ , 27 ਅਪ੍ਰੈਲ (           ) :

                       ਮੰਡੀਆਂ ਵਿਚੋਂ ਕਣਕ ਦੀ ਨਿਰਵਿਘਨ ਖਰੀਦ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਵਿਪੁਲ ਉਜਵਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਦੀ ਖੱਜਲ-ਖੁਆਰੀ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤੀ ਜਾਵੇਗੀ। ਉਹ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਬੰਧਤ ਅਧਿਕਾਰੀਆਂ ਕੋਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਖਰੀਦ ਦੌਰਾਨ ਕਿਸਾਨਾਂ ਨੂੰ ਅਦਾਇਗੀ, ਲਿਫਟਿੰਗ ਅਤੇ ਬਾਰਦਾਨੇ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾਲ ਜੂਝਣ ਨਹੀਂ ਦਿੱਤਾ ਜਾਵੇਗਾ।

         ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਇਸ ਵਾਰ ਟ੍ਰਾਂਸਪੋਰਟੇਸ਼ਨ ਟੈਂਡਰ ਪ੍ਰਕਿਰਿਆ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਲਿਆ ਕੇ, ਰਾਜ ਨੂੰ ਢੋਆ-ਢੁਆਈ ਵਿੱਚ ਪੈਂਦੇ ਘਾਟੇ ਨੂੰ ਪੂਰਾ ਕਰਨ ਦਾ ਯਤਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ, ਬਲਕਿ ਖੇਤਾਂ ਵਿਚ ਹੀ ਦਬਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਦੱਸਿਆ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।

         ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 62 ਮੰਡੀਆਂ ਵਿੱਚ ਹੁਣ ਤੱਕ 1 ਲੱਖ 72 ਹਜ਼ਾਰ 210 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ 1 ਲੱਖ 70 ਹਜ਼ਾਰ 979 ਮੀਟਰਕ ਟਨ ਕਣਕ ਦੀ ਖਰੀਦ ਵੱਖ-ਵੱਖ ਏਜੰਸੀਆਂ ਵਲੋਂ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 36,063 ਮੀਟਰਕ ਟਨ, ਮਾਰਕਫੈਡ ਵਲੋਂ 32,917 ਮੀਟਰਕ ਟਨ, ਪਨਸਪ ਵਲੋਂ 28,404 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 21,768 ਮੀਟਰਕ ਟਨ, ਪੰਜਾਬ ਐਗਰੋ ਵਲੋਂ 14,185 ਮੀਟਰਕ ਟਨ, ਐਫ.ਸੀ.ਆਈ ਵਲੋਂ 36,855 ਮੀਟਰਕ ਟਨ, ਜਦਕਿ ਵਪਾਰੀਆਂ ਵਲੋਂ ਪ੍ਰਾਈਵੇਟ ਤੌਰ 'ਤੇ 787 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

        ਸ਼੍ਰੀ ਵਿਪੁਲ ਉਜਵਲ ਨੇ ਸਬੰਧਤ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰਤ ਖੇਤਰ ਵਿਚ ਆਉਂਦੀਆਂ ਮੰਡੀਆਂ ਦੀ ਲਗਾਤਾਰ ਨਿਗਰਾਨੀ ਰੱਖਣ ਲਈ ਆਖਿਆ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 203.27 ਕਰੋੜ ਰੁਪਏ (100 ਫੀਸਦੀ) ਕਣਕ ਦੀ ਅਦਾਇਗੀ ਵੀ ਆੜ੍ਹਤੀਆਂ ਨੂੰ ਕਰ ਦਿੱਤੀ ਗਈ ਹੈ, ਜਦਕਿ ਕਰੀਬ 70 ਫੀਸਦੀ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਾਲ 3,28,554 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਦੀ ਆਸ ਹੈ। ਪਿਛਲੇ ਸਾਲ ਕੁੱਲ 2,98,696 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ, ਜਿਸ ਵਿਚੋਂ ਖਰੀਦ ਏਜੰਸੀਆਂ ਵਲੋਂ 2,85,727 ਮੀਟਰਕ ਟਨ, ਜਦਕਿ ਵਪਾਰੀਆਂ ਵਲੋਂ 12,969 ਮੀਟਰਕ ਟਨ ਪ੍ਰਾਈਵੇਟ ਖਰੀਦ ਕੀਤੀ ਗਈ ਸੀ।

ਜਾਟ ਰੈਜੀਮੈਂਟਲ ਸੈਂਟਰ ਬਰੇਲੀ ਵਿਖੇ ਭਰਤੀ ਰੈਲੀ 28 ਮਈ ਤੋਂ


ਹੁਸ਼ਿਆਰਪੁਰ, 26 ਅਪ੍ਰੈਲ:

          ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਦਲਵਿੰਦਰ ਸਿੰਘ ਨੇ ਦੱਸਿਆ ਕਿ ਜਾਟ ਰੈਜੀਮੈਂਟਲ ਸੈਂਟਰ ਬਰੇਲੀ ਵਿਖੇ ਯੂਨਿਟ ਹੈਡਕੁਆਰਟਰ ਕੋਟੇ (ਯੂ.ਐਚ.ਕਿਊ) ਤਹਿਤ 28 ਮਈ ਤੋਂ 01 ਜੂਨ 2018 ਤੱਕ ਸੋਲਜਰ ਜੀ.ਡੀ., ਸੋਲਜਰ ਟਰੇਡਮੈਂਨ ਅਤੇ ਸੋਲਜਰ ਕਲਰਕ ਕੈਟਾਗਿਰੀ ਲਈ ਭਰਤੀ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 28 ਮਈ ਨੂੰ ਸੋਲਜਰ ਜੀ.ਡੀ., 31 ਮਈ ਨੂੰ ਸੋਲਜਰ ਟਰੇਡਮੈਨ ਅਤੇ 01 ਜੂਨ ਨੂੰ ਸੋਲਜਰ ਕਲਰਕ ਕੈਟਾਗਿਰੀ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਓਪਨ ਕੈਟਾਗਿਰੀ ਵਿੱਚ ਕੋਈ ਭਰਤੀ ਨਹੀਂ ਕੀਤੀ ਜਾਵੇਗੀ।

           ਉਨ੍ਹਾਂ ਦੱਸਿਆ ਕਿ ਭਰਤੀ ਲਈ ਸੋਲਜਰ ਜੀ.ਡੀ. ਦੀ ਉਮਰ ਸਾਢੇ 17 ਸਾਲ ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਭਾਰ 50 ਕਿਲੋ ਰੱਖਿਆ ਗਿਆ ਹੈ, ਜਦਕਿ ਸੋਲਜਰ ਕਲਰਕ ਅਤੇ ਸੋਲਜਰ ਟਰੇਡਮੈਨ ਕੈਟਾਗਿਰੀ ਦੀ ਉਮਰ ਸਾਢੇ 17 ਸਾਲ ਤੋਂ 23 ਸਾਲ, ਕੱਦ 162 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਭਾਰ 50 ਕਿਲੋ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੋਲਜਰ ਕਲਰਕ ਲਈ 12ਵੀਂ 60 ਪ੍ਰਤੀਸ਼ਤ ਅੰਕਾ ਨਾਲ ਪਾਸ ਕੀਤੀ ਹੋਵੇ ਅਤੇ ਹਰੇਕ ਵਿਚੋਂ 50 ਪ੍ਰਤੀਸ਼ਤ ਨੰਬਰ ਹੋਣ ਅਤੇ ਸੋਲਜਰ ਜੀ.ਡੀ. ਲਈ 10ਵੀਂ 45 ਪ੍ਰਤੀਸ਼ਤ ਨੰਬਰਾਂ ਨਾਲ ਪਾਸ ਕੀਤੀ ਹੋਈ ਹੋਵੇ ਅਤੇ ਹਰੇਕ ਵਿਸ਼ੇ ਵਿਚੋਂ 33 ਪ੍ਰਤੀਸ਼ਤ ਨੰਬਰ ਹੋਣੇ ਜ਼ਰੂਰੀ ਹਨ।

           ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ।

ਟਰਾਂਸਪੋਰਟ ਵਿਭਾਗ ਨੇ ਟਰੈਫ਼ਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ


ਹੁਸ਼ਿਆਰਪੁਰ, 24 ਅਪ੍ਰੈਲ:

                       ਟਰਾਂਸਪੋਰਟ ਵਿਭਾਗ ਵਲੋਂ ਰਾਜ ਵਿੱਚ ਮਨਾਏ ਜਾ ਰਹੇ 29ਵੇਂ ਸੜਕ ਸੁਰੱਖਿਆ ਸਪਤਾਹ ਦੇ ਤਹਿਤ ਵਾਹਨ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਅਮਨ ਆਟੋ ਇੰਜੀਨੀਅਰ ਅਤੇ ਪ੍ਰਦੂਸ਼ਣ ਚੈਕ ਸੈਂਟਰ ਵਿੱਚ ਸੈਮੀਨਾਰ ਲਗਾਇਆ ਗਿਆ। ਰਿਜਨਲ ਟਰਾਂਸਪੋਰਟ ਅਫ਼ਸਰ ਸ੍ਰੀ ਮਨਜੀਤ ਸਿੰਘ ਦੀ ਅਗਵਾਈ ਹੇਠ ਲਗਵਾਏ ਗਏ ਸੈਮੀਨਾਰ ਦੌਰਾਨ ਸ਼ਹਿਰ ਦੇ ਮੇਨ ਚੌਹਾਰਿਆਂ ਵਿੱਚ ਟਰੈਫ਼ਿਕ ਨਿਯਮਾਂ ਨੂੰ ਦਰਸਾਉਂਦੇ ਬੈਨਰ ਵੀ ਲਗਾਏ ਗਏ।

        ਆਪਣੇ ਸੰਬੋਧਨ ਵਿੱਚ ਆਰ.ਟੀ.ਓ. ਮਨਜੀਤ ਸਿੰਘ ਨੇ ਕਿਹਾ ਕਿ ਵੱਧ ਰਹੀਆਂ ਸੜਕ ਦੁਰਘਟਨਾਵਾਂ ਦੇ ਮੱਦੇ ਨਜ਼ਰ ਰਾਜ ਵਿੱਚ ਟਰਾਂਸਪੋਰਟ ਵਿਭਾਗ ਵਲੋਂ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 30 ਅਪ੍ਰੈਲ ਤੱਕ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾਵਾਂ 'ਤੇ ਤਾਂ ਹੀ ਕਾਬੂ ਪਾਇਆ ਜਾ ਸਕਦਾ ਹੈ, ਜੇਕਰ ਵਾਹਨ ਚਾਲਕ ਟਰੈਫਿਕ ਨਿਯਮਾਂ ਦਾ ਪਾਲਣ ਕਰਨ। ਇਸ ਮੌਕੇ 'ਤੇ ਸ੍ਰੀ ਵਿਜੇ ਅਰੋੜਾ, ਸ੍ਰੀ ਕੁਲਦੀਪ ਸਿੰਘ, ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਅਵਤਾਰ ਸਿੰਘ, ਇੰਸਪੈਕਟਰ ਸ੍ਰੀ ਤਲਵਿੰਦਰ ਕੁਮਾਰ, ਸ੍ਰੀ ਗੋਲਡੀ ਵਿਰਦੀ, ਏ.ਐਸ.ਆਈ. ਸ੍ਰੀ ਨਰੇਸ਼ ਕੁਮਾਰ ਅਤੇ ਸ੍ਰੀ ਅਮਨਦੀਪ ਸਿੰਘ ਵੀ ਮੌਜੂਦ ਸਨ।

ਯਾਦਗਾਰੀ ਹੋ ਨਿੱਬੜਿਆ ਦੋਆਬਾ ਰੇਡੀਉ ਦਾ ਪਹਿਲਾ ਲਾਈਵ ਸ਼ੋਅ


  • ਸਾਹਿਤਿਕ ਗੀਤ ਅਜੋਕੀ ਗਾਇਕੀ ਲਈ ਬੇਹੱਦ ਅਹਿਮ: ਗੁਰਦੀਪ ਸਿੰਘ
  • ਸਮਾਜਿਕ ਤਾਣੇ-ਬਾਣੇ ਨੂੰ ਮਜਬੂਤ ਕਰਦਾ ਹੈ ਮੀਡੀਆ: ਨਰਿੰਦਰ ਸਿੰਘ ਜੱਸਲ
  • ਅਸ਼ੋਕ ਪੁਰੀ ਦੇ ਨਾਟਕ 'ਸੋਨ ਤਰੰਗਾਂ' ਅਤੇ ਲੋਕ ਗਾਇਕਾਂ ਨੇ ਦਰਸ਼ਕ ਕੀਲੇ
ਤਲਵਾੜਾ, 22 ਅਪ੍ਰੈਲ: ਦੁਨੀਆਂ ਭਰ ਵਿੱਚ ਸੁਣੇ ਜਾਂਦੇ 'ਦੋਆਬਾ ਰੇਡੀਉ' ਦਾ ਇੱਕ ਸਾਲ ਪੂਰਾ ਹੋਣ ਤੇ ਕਰਵਾਇਆ ਪਹਿਲਾ ਲਾਈਵ ਸ਼ੋਅ ਯਾਦਗਾਰੀ ਹੋ ਨਿੱਬੜਿਆ ਜਿਸ ਵਿਚ ਉੱਘੇ ਸਮਾਜ ਸੇਵੀ ਨਰਿੰਦਰ ਸਿੰਘ ਜੱਸਲ, ਗਜ਼ਲ ਗਾਇਕ ਗੁਰਦੀਪ ਸਿੰਘ ਅਤੇ ਬਲਬੀਰ ਸਿੰਘ ਬਿੱਲਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
'ਇਸ਼ਕ ਆਖ਼ਦਾ ਏ ...' ਵਰਗੇ ਅਨੇਕਾਂ ਹਰਮਨਪਿਆਰੇ ਗੀਤ ਦੇ ਗਾਇਕੀ ਅਤੇ ਉੱਘੇ ਸੰਗੀਤਕਾਰ ਗੁਰਦੀਪ ਸਿੰਘ ਨੇ ਆਪਣੇ ਸੰਬੋਧਨ ਰਾਹੀਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਗੀਤਾਂ ਦੀ ਚੋਣ ਕਰਨ ਵੇਲੇ ਸਾਹਿਤਿਕ ਰੰਗ ਨੂੰ ਪਹਿਲ ਦੇਣੀ ਚਾਹੀਦੀ ਹੈ ਜਿਸ ਨਾਲ ਗਾਇਕੀ ਦਾ ਘੇਰਾ ਹੋਰ ਮੋਕਲਾ ਅਤੇ ਮਜਬੂਤ ਹੋਵੇਗਾ। ਉਨ੍ਹਾਂ ਦੋਆਬਾ ਰੇਡੀਉ ਵੱਲੋਂ ਪਿਛਲੇ ਇੱਕ ਸਾਲ ਮਿਆਰੀ ਪ੍ਰੋਗਰਾਮ ਪੇਸ਼ ਕਰਨ ਉੱਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਉੱਘੇ ਸਮਾਜ ਸੇਵੀ ਅਤੇ ਸ਼ਿਵ ਨਾਮਦੇਵ ਆਪਣਾ ਘਰ ਆਸ਼ਰਮ ਹਰਦੋਖ਼ਾਨਪੁਰ ਦੇ ਮੁਖੀ ਸ. ਨਰਿੰਦਰ ਸਿੰਘ ਜੱਸਲ ਨੇ ਵਧੀਆ ਪ੍ਰੋਗਰਾਮਾਂ ਦੀ ਪੇਸ਼ਕਾਰੀ ਨੂੰ ਪ੍ਰਭਾਵਸ਼ਾਲੀ ਦੱਸਿਆ ਅਤੇ ਕਿਹਾ ਕਿ ਇੰਟਰਨੈੱਟ ਦੇ ਯੁੱਗ ਵਿੱਚ ਮੀਡੀਆ ਸਮਾਜਿਕ ਤਾਣੇ-ਬਾਣੇ ਨੂੰ ਮਜਬੂਤ ਕਰ ਰਿਹਾ ਹੈ ਅਤੇ ਚੰਗੇ ਸੰਸਕਾਰਾਂ ਨਾਲ ਭਰਪੂਰ ਪਰਿਵਾਰ ਮਜਬੂਤ ਹੁੰਦੇ ਹਨ। ਬਲਬੀਰ ਸਿੰਘ ਬਿੱਲਾ ਸੂਬਾ ਕੰਜ਼ਿਉਮਰ ਪ੍ਰੋਟੈਕਸ਼ਨ ਆਰਗੇਨਾਈਜੇਸ਼ਨ ਨੇ ਸੰਚਾਰ ਸਾਧਨਾਂ ਰਾਹੀਂ ਗ੍ਰਾਹਕ ਜਾਗਰੂਕਤਾ ਮੁਹਿੰਮ ਨੂੰ ਕਾਰਗਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਨਾਟਕਕਾਰ ਅਤੇ ਅਦਾਕਾਰ ਅਸ਼ੋਕ ਪੁਰੀ ਦੀ ਟੀਮ ਵੱਲੋਂ ਪੇਸ਼ ਨਾਟਕ'ਸੋਨ ਤਰੰਗਾਂ' ਨੇ ਦਰਸ਼ਕਾਂ ਦੇ ਮਨਾਂ ਤੇ ਡੂੰਘੀ ਛਾਪ ਛੱਡੀ। ਸ਼ਾਇਰਾ ਨਿੰਮੀ ਵਸ਼ਿਸ਼ਟ ਅਤੇ ਸ਼ਾਇਰ ਡਾ. ਅਮਰਜੀਤ ਅਨੀਸ ਦੇ ਬਾਕਮਾਲ ਸ਼ਾਇਰੀ ਨਾਲ ਖ਼ੂਬਸੂਰਤ ਮਾਹੌਲ ਸਿਰਜਿਆ। ਅਨਿਲ ਕੁਮਾਰ ਕਾਇਮਜ਼ ਪ੍ਰੋਡੱਕਸ਼ਨ ਅਤੇ ਸਲੀਪਿੰਗ ਡਸਟ ਯੂ. ਕੇ. ਤੋਂ ਇਲਾਵਾ ਪੰਜਾਬੀ ਸਾਹਿਤ ਅਤੇ ਕਲਾ ਮੰਚ (ਰਜਿ: ) ਤਲਵਾੜਾ ਦੇ ਸਹਿਯੋਗ ਨਾਲ ਮਾਵਾਂ ਅਤੇ ਧੀਆਂ ਨੂੰ ਸਮਰਪਿਤ ਇਸ ਸ਼ੋਅ ਵਿੱਚ ਸਮਰਜੀਤ ਸ਼ਮੀ ਦੀ ਬੇਟੀ ਅੰਮ੍ਰਿਤ ਕੌਰ ਦੇ ਜਨਮ ਦਿਨ ਦਾ ਮੰਚ ਤੋਂ ਕੇਕ ਕੱਟਿਆ ਗਿਆ। ਉਂਕਾਰ ਬਾਜਵਾ ਅਤੇ ਰਮਨਪ੍ਰੀਤ ਵੱਲੋਂ ਮੰਚ ਸੰਚਾਲਨ ਕੀਤਾ ਗਿਆ। ਰਾਣਾ ਐਵਰਗ੍ਰੀਨ ਗਰੁੱਪ ਦੇ ਸੰਗੀਤ ਵਿੱਚ ਲੋਕ ਗਾਇਕ ਜੀ. ਪੀ. ਬਾਲੀ, ਪ੍ਰਵੀਨ ਰੰਗੀਲਾ, ਅਮਰੀਕ ਜੱਸਲ, ਅਸਲਮ ਅਲੀ, ਰਣਜੀਤ ਬਿੱਟਾ, ਮਲਕੀਤ ਬੁੱਲਾ, ਡਿੰਪਲ ਰਾਜਾ, ਤਾਜ ਨਗੀਨਾ, ਮਨੋਹਰ ਧਾਰੀਵਾਲ,
ਜੱਗੀ ਜੱਟ ਨੇ ਆਪਣੇ ਹਿੱਟ ਗੀਤਾਂ ਨਾਲ ਖ਼ੂਬ ਸਮਾਂ ਬੰਨ੍ਹਿਆ। ਰੇਡੀਉ ਦੀ ਟੀਮ ਵੱਲੋਂ ਗੁਰਜੀਤ ਸਿੰਘ ਭੰਵਰਾ ਵੱਲੋਂ ਮਹਿਮਾਨਾਂ ਸਵਾਗਤ ਕੀਤਾ ਗਿਆ ਅਤੇ ਪ੍ਰਸਾਰਿਤ ਹੁੰਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ। ਦੋਆਬਾ ਰੇਡੀਉ ਦੀ ਐਪ ਡਿਵੈਲਪ ਕਰਨ ਲਈ ਵਰਿੰਦਰ ਸਿੰਘ (ਐਂਡਰਾਇਡ) ਅਤੇ ਪਰਮ ਦਲਜੀਤ ਸਿੰਘ (ਆਈ. ਓ. ਐੱਸ.) ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰਵੀ ਮਾਨ ਪ੍ਰੋਮੋਟਰ, ਐਡਵੋਕੇਟ ਨਰਿੰਦਰ ਸ਼ਰਮਾ, ਕੁਲਵਿੰਦਰ ਸਿੰਘ ਜੰਡਾ, ਹਰਦੀਪ ਕੌਰ ਜੱਸਲ, ਰਾਜਿੰਦਰ ਵਸ਼ਿਸ਼ਟ, ਡਾ. ਸੁਰਿੰਦਰ ਮੰਡ, ਹਰਬੰਸ ਹੀਉਂ, ਸੁਰਿੰਦਰ ਸਿੰਘ ਤਲਵਾੜਾ, ਪ੍ਰਿੰ. ਜਨਮੀਤ ਸਿੰਘ, ਮਨਜੀਤ ਸਿੰਘ ਹਾਜੀਪੁਰ, ਜਸਕਰਨ ਸਿੰਘ, ਸਿਮਰਨਪ੍ਰੀਤ ਸਿੰਘ, ਜਸਵੀਰ ਕੌਰ ਜੱਸ, ਹਰਸ਼ਵਿੰਦਰ ਕੌਰ, ਗੁਰਮੀਤ ਸਲੈਚ, ਜੇ. ਐੱਸ. ਗਿੱਲ, ਗੋਬਿੰਦ ਸੁਖੀਜਾ, ਰੂਪ ਜਲੰਧਰ, ਪਰਮ, ਬੇਅੰਤ ਸਿੰਘ, ਪਰਮਜੀਤ ਸਿੰਘ ਪੰਮਾ, ਜਸਵੰਤ ਖ਼ਾਨਪੁਰੀ, ਤੀਰਥ ਚੰਦ ਸਰੋਆ, ਬਲਵਿੰਦਰ ਸਿੰਘ ਸਿੱਧੂ, ਕੁਲਵਿੰਦਰ ਮਠਾਰੂ, ਰਾਜਿੰਦਰ ਸਿੰਘ, ਦਵਿੰਦਰ ਸਿੰਘ, ਡਾ. ਰਾਜ ਕੁਮਾਰ, ਜਰਨੈਲ ਜੈਲੀ, ਵਿਪਨ ਸਲਗੋਤਰਾ, ਐੱਚ. ਐੱਸ. ਮਿੱਠੂ, ਨਰੇਸ਼ ਵਰਮਾ, ਹੈੱਡਮਾਸਟਰ ਰਾਜ ਕੁਮਾਰ, ਕੁਲਵੰਤ ਸਿੰਘ ਰੰਧਾਵਾ ਆਦਿ ਸਮੇਤ ਇਸ ਮੌਕੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜਰ ਸਨ।

ਵਿਦਿਆਰਥੀਆਂ ਨੂੰ 'ਸੂਚਨਾ ਦਾ ਅਧਿਕਾਰ ਐਕਟ-2005' ਸਬੰਧੀ ਦਿੱਤੀ ਜਾਣਕਾਰੀ

 
  • ਸਵਾਮੀ ਸਰਵਾਨੰਦ ਗਿਰੀ ਰਿਜ਼ਨਲ ਸੈਂਟਰ ਵਿਖੇ ਵਰਕਸ਼ਾਪ ਦਾ ਆਯੋਜਨ

ਹੁਸ਼ਿਆਰਪੁਰ,  24 ਅਪ੍ਰੈਲ:

           ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ (ਮੈਗਸੀਪਾ) ਅਤੇ ਰਿਜ਼ਨਲ ਸੈਂਟਰ ਜਲੰਧਰ ਵਲੋਂ ਸਵਾਮੀ ਸਰਵਾਨੰਦ ਗਿਰੀ ਰਿਜ਼ਨਲ ਸੈਂਟਰ ਪੰਜਾਬ ਯੂਨੀਵਰਸਿਟੀ ਕੈਂਪਸ ਵਿਖੇ 'ਸੂਚਨਾ ਦਾ ਅਧਿਕਾਰ ਐਕਟ-2005' ਸਬੰਧੀ ਵਰਕਸ਼ਾਪ ਲਗਾਈ ਗਈ।  

            ਵਰਕਸ਼ਾਪ ਦੌਰਾਨ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਦੇ ਡਾਇਰੈਕਟਰ ਡਾ. ਐਚ.ਐਸ. ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕੋਈ ਵੀ ਵਿਅਕਤੀ ਆਈ.ਟੀ.ਆਈ ਐਕਟ ਅਧੀਨ ਲੋਕ ਅਥਾਰਟੀ ਲਈ ਕੀਤੇ ਜਾਂਦੇ ਕੰਮਾਂ ਦੀ ਜਾਣਕਾਰੀ ਸਬੰਧਤ ਅਦਾਰੇ ਕੋਲਂੋ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਨੂੰ ਸੁਚਾਰੂ ਢੰਗ
ਨਾਲ ਲਾਗੂ ਕਰਨ ਲਈ ਕੇਂਦਰੀ ਸੂਚਨਾ ਕਮਿਸ਼ਨ ਅਤੇ ਰਾਜ ਸੂਚਨਾ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।


        ਇਸ ਦੌਰਾਨ ਸੇਵਾ ਮੁਕਤ ਡੀ.ਸੀ.ਪੀ.ਅਤੇ ਜਨਰਲ ਮੈਨੇਜਰ ਤੇ ਪ੍ਰਬੰਧਕ ਮੈਗਸੀਪਾ ਸ੍ਰੀ ਐਸ.ਪੀ. ਜੋਸ਼ੀ ਨੇ ਬਹੁਤ ਹੀ ਬਰੀਕੀ ਨਾਲ ਸੂਚਨਾ ਦੇ ਅਧਿਕਾਰ ਦੇ ਐਕਟ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਐਕਟ ਅਧੀਨ ਭਾਰਤ ਦੇ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਦਾ ਉਪਬੰਧ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਹ  ਐਕਟ ਕੰਮ ਵਿੱਚ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ 'ਤੇ ਨਕੇਲ ਕੱਸਣ ਵਿੱਚ ਅਹਿਮ ਰੋਲ ਅਦਾ ਕਰ ਰਿਹਾ ਹੈ। ਇਸ ਦੌਰਾਨ ਸ੍ਰ: ਦਰਸ਼ਨ ਸਿੰਘ ਨੇ ਪਬਲਿਕ ਇਨਫਰਮੇਸ਼ਨ ਅਫ਼ਸਰ, ਸੂਚਨਾ ਲੈਣ ਸਬੰਧੀ ਫੀਸ ਅਤੇ ਸੂਚਨਾ ਹਾਸਲ ਕਰਨ ਦੇ ਵੱਖ-ਵੱਖ ਤਰੀਕਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ 'ਤੇ ਸੈਂਟਰ ਦੇ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਣੇ 'ਸਮਰਪਣ' ਦੇ ਮੈਂਬਰ



  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੇ 'ਸਮਰਪਣ ਪ੍ਰੋਜੈਕਟ' ਦੀ ਕੀਤੀ ਸ਼ਲਾਘਾ
  • ਡਿਪਟੀ ਕਮਿਸ਼ਨਰ ਨੇ ਪ੍ਰਗਟਾਇਆ ਧੰਨਵਾਦ

ਹੁਸ਼ਿਆਰਪੁਰ, 24 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੇ 'ਸਮਰਪਣ ਪ੍ਰੋਜੈਕਟ' ਨੂੰ ਉਦੋਂ ਹੋਰ ਬਲ ਮਿਲਿਆ, ਜਦੋਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਵੀ ਸਮਰਪਣ ਦੇ ਮੈਂਬਰ ਬਣ ਗਏ। ਪਿਛਲੇ ਦਿਨੀਂ ਹੁਸ਼ਿਆਪੁਰ ਜ਼ਿਲ੍ਹੇ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਸਮਰਪਣ ਮੈਂਬਰਸ਼ਿਪ ਦੀ ਰਸੀਦ ਸੌਂਪੀ। ਇਸ ਮੌਕੇ ਸਮਰਪਣ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਦਾਨੀ-ਸੱਜਣਾਂ ਦੇ ਸਹਿਯੋਗ ਨਾਲ ਕੀਤੇ ਜਾਂਦੇ ਅਜਿਹੇ ਉਪਰਾਲਿਆਂ ਨਾਲ ਸਮਾਜਿਕ ਤੰਦਾਂ ਹੋਰ ਮਜ਼ਬੂਤ ਹੁੰਦੀਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਦੀ ਤਾਰੀਫ ਕਰਦਿਆਂ ਕਿਹਾ
ਕਿ 'ਸਮਰਪਣ ਪ੍ਰੋਜੈਕਟ' ਸੂਬੇ ਵਿਚੋਂ ਇਕ ਨਿਵੇਕਲੀ ਪਹਿਲ ਹੈ।

             ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸ਼ੁਰੂ ਕੀਤੇ ਗਏ 'ਸਮਰਪਣ ਪ੍ਰੋਜੈਕਟ' ਨੂੰ ਦਿਨੋਂ-ਦਿਨ ਕਾਮਯਾਬੀ ਮਿਲ ਰਹੀ ਹੈ, ਜਿਸ ਸਦਕਾ ਹੁਣ ਤੱਕ 15 ਹਜ਼ਾਰ ਤੋਂ ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ। ਇਨ੍ਹਾਂ ਮੈਂਬਰਾਂ ਵਿਚ ਜਿੱਥੇ ਐਨ.ਆਰ.ਆਈਜ਼, ਮੰਤਰੀ ਸਹਿਬਾਨ, ਹਲਕਾ ਵਿਧਾਇਕ, ਪੱਤਰਕਾਰ ਸਹਿਬਾਨ ਸ਼ਾਮਿਲ ਹਨ, ਉਥੇ ਆਮ ਜਨਤਾ, ਅਧਿਆਪਕ ਵਰਗ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਾਚਾਰੀ ਵੀ ਸ਼ਾਮਿਲ ਹਨ।

               ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਾਨੀ-ਸੱਜਣਾਂ ਦੇ ਸਹਿਯੋਗ ਨਾਲ 'ਸਮਰਪਣ' ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 15 ਹਜ਼ਾਰ ਤੋਂ ਵੱਧ ਦਾਨੀ-ਸੱਜਣ 'ਸਮਰਪਣ' ਦੇ ਮੈਂਬਰ ਬਣ ਚੁੱਕੇ ਹਨ ਅਤੇ ਇਹ ਪ੍ਰੋਜੈਕਟ ਇਕ ਜਨ ਮੁਹਿੰਮ ਦਾ ਰੂਪ ਧਾਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਮੈਂਬਰ ਬਣਾਏ ਜਾ ਰਹੇ ਹਨ ਅਤੇ ਦਾਨੀ-ਸੱਜਣਾਂ ਦੇ ਸਹਿਯੋਗ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣ 'ਸਮਰਪਣ' ਤਹਿਤ ਰੋਜ਼ਾਨਾ ਇਕ ਰੁਪਏ ਦੇ ਹਿਸਾਬ ਨਾਲ 365 ਰੁਪਏ ਦਾ ਯੋਗਦਾਨ ਪਾ ਸਕਦੇ ਹਨ।

         ਉਧਰ ਦਾਨੀ-ਸੱਜਣਾਂ ਨੇ ਵੀ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਇਹ ਉਪਰਾਲਾ ਬਹੁਤ ਹੀ ਵਧੀਆ ਹੈ, ਕਿਉਂਕਿ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਸਾਲ ਦੇ ਕੇਵਲ 365 ਰੁਪਏ ਦਾਨ ਕਰਨ ਨਾਲ ਹੀ ਸਮਰਪਣ ਨਾਲ ਜੁੜਿਆ ਜਾ ਸਕਦਾ ਹੈ।

ਸੂਬੇ 'ਚ ਉਦਯੋਗ ਨੂੰ ਪ੍ਰਫੁਲਤ ਕਰਨ 'ਚ ਕੋਈ ਕਸਰ ਨਹੀਂ ਛੱਡੇਗੀ ਪੰਜਾਬ ਸਰਕਾਰ : ਕੈਬਨਿਟ ਮੰਤਰੀ


  • ਸੂਬਾ ਸਰਕਾਰ ਵਲੋਂ 5 ਰੁਪਏ ਪ੍ਰਤੀ ਯੂਨਿਟ ਬਿਜਲੀ ਅਤੇ ਹੋਰ ਸਹੂਲਤਾਂ ਦੇਣ ਨਾਲ ਉਦਯੋਗਿਕ ਖੇਤਰ ਫੜੇਗਾ ਤੇਜ਼ੀ : ਅਰੋੜਾ
  • ਮਤਰੀ ਪਦ ਦਾ ਚਾਰਜ ਲੈਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਾਰਡ ਆਫ਼ ਆਨਰ
ਹੁਸ਼ਿਆਰਪੁਰ, 23 ਅਪ੍ਰੈਲ:

                       ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਦੇ ਉਦਯੋਗ ਨੂੰ ਪ੍ਰਫੁਲਤ ਕਰਨ ਵਿੱਚ ਪੰਜਾਬ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਇਕ ਵਧੀਆ ਮਾਹੌਲ ਦਿੱਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਉਦਯੋਗ ਸੂਬੇ ਵਿੱਚ ਸਥਾਪਿਤ ਹੋ ਸਕਣ। ਉਨ੍ਹਾਂ ਕਿਹਾ ਕਿ ਇਕੱਲਾ ਪੰਜਾਬ ਅਜਿਹਾ ਰਾਜ ਹੈ, ਜਿਥੇ ਬਿਜਲੀ ਦਾ ਰੇਟ 5 ਰੁਪਏ ਪ੍ਰਤੀ ਯੂਨਿਟ ਕੀਤਾ ਗਿਆ ਹੈ, ਜਦਕਿ ਬਾਕੀ ਰਾਜਾਂ ਵਿੱਚ ਇਸ ਦੀ ਕੀਮਤ ਸਾਢੇ 7 ਤੋਂ 8 ਰੁਪਏ ਦੇ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਇਸ ਛੋਟ ਨਾਲ ਉਦਯੋਗਾਂ ਲਈ ਵਧੇਰੇ ਸੰਭਾਵਨਾਵਾਂ ਪੈਦਾ ਹੋਣਗੀਆਂ ਅਤੇ ਦੂਸਰੇ
ਰਾਜਾਂ ਵਿਚੋਂ ਵੀ ਉਦਯੋਗਪਤੀ ਪੰਜਾਬ ਵਿੱਚ ਆ ਕੇ ਉਦਯੋਗ ਸਥਾਪਿਤ ਕਰ ਸਕਣਗੇ।


           ਸ੍ਰੀ ਅਰੋੜਾ ਨੇ ਕਿਹਾ ਕਿ ਹੁਣ ਉਹ ਸਮਾਂ ਆ ਗਿਆ ਹੈ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਹੋਰ ਤੇਜ਼ੀ ਫੜੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਨਵੀਂ ਉਦਯੋਗਿਕ ਨੀਤੀ-2017 ਬਣਾਈ ਗਈ ਹੈ, ਉਹ ਜਿਥੇ ਉਦਯੋਗਾਂ ਲਈ ਲਾਭਦਾਇਕ ਸਾਬਤ ਹੋਵੇਗੀ, ਉਥੇ ਸੂਬੇ ਦੀ ਹੋਰ ਤਰੱਕੀ ਵਿੱਚ ਵੀ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਨਵੈਸਟਮੈਂਟ ਪ੍ਰਮੋਸ਼ਨ ਬੋਰਡ ਨਾਲ ਵੀ ਉਦਯੋਗ ਨੂੰ ਕਾਫ਼ੀ ਹੁੰਗਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਕ ਛੱਤ ਥੱਲੇ ਹੀ ਉਦਯੋਗਾਂ ਨਾਲ ਸਬੰਧਤ ਇਸ ਬੋਰਡ ਜ਼ਰੀਏ ਸੁਵਿਧਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵਾਂ ਉਦਯੋਗ ਲਗਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਦੀ ਜ਼ਰੂਰਤ ਪੈਂਦੀ ਹੈ, ਜਿਸ ਲਈ ਪੰਜਾਬ ਇਨਵੈਸਟਮੈਂਟ ਪ੍ਰਮੋਸ਼ਨ ਬੋਰਡ ਨਾਮਕ ਸਿੰਗਲ ਵਿੰਡੋ ਸੰਸਥਾ ਸਹਾਈ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਜ਼ਰੀਏ ਉਦਯੋਗਪਤੀਆਂ ਨੂੰ ਇਕੋ ਛੱਤ ਥੱਲੇ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਇੰਡਸਟਰੀ ਲਈ ਬੇਹੱਦ ਆਸ਼ਾਵਾਦੀ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਗਤੀਸ਼ੀਲ ਨਵੀਂ ਉਦਯੋਗਿਕ ਪਾਲਿਸੀ ਤਹਿਤ ਸਟੈਂਪ ਡਿਊਟੀ, ਬਿਜਲੀ ਦਾ ਰੇਟ, ਮਿਉਂਸੀਪਲ ਕਾਰਪੋਰੇਸ਼ਨ ਅਧੀਨ ਹਾਊਸ ਟੈਕਸ ਦੀ ਛੁਟ ਜਾਂ ਜੀ.ਐਸ.ਟੀ. ਦੀ ਜੋ ਛੋਟ ਦਿੱਤੀ ਗਈ ਹੈ, ਉਹ ਬਹੁਤ ਹੀ ਵਧੀਆ ਕਦਮ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਵਿੱਚ ਪ੍ਰਗਟਾਏ ਗਏ ਭਰੋਸੇ 'ਤੇ ਖ਼ਰ੍ਹੇ ਉੱਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਪਾਰਦਰਸ਼ਤਾ ਲਿਆਉਣੀ ਉਨ੍ਹਾਂ ਦੀ ਵਿਸ਼ੇਸ਼ ਤਰਜੀਹ ਰਹੇਗੀ।

              ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਵਿਸ਼ੇਸ਼ ਨੀਤੀ ਤਹਿਤ ਸੂਬੇ ਭਰ ਵਿੱਚ ਕਣਕ ਦੀ ਖਰੀਦ ਅਤੇ ਅਦਾਇਗੀ ਪ੍ਰਕਿਰਿਆ ਬੜੇ ਸੁਚੱਜੇ ਤਰੀਕੇ ਨਾਲ ਚੱਲ ਰਹੀ ਹੈ। ਕਿਸਾਨਾਂ ਦੀ ਜਿਣਸ ਦੀ ਕੀਮਤ ਉਨ੍ਹਾਂ ਨੂੰ ਨਾਲ-ਨਾਲ ਖਰੀਦ ਤੋਂ 48 ਘੰਟੇ ਵਿੱਚ-ਵਿੱਚ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਅਦਾਇਗੀ ਲਈ ਸਰਕਾਰੇ-ਦਰਬਾਰੇ ਪ੍ਰੇਸ਼ਾਨ ਨਾ ਹੋਣਾ ਪਵੇ। ਇਸੇ ਤਰ੍ਹਾਂ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਆਨਲਾਈਨ ਵਿਧੀ ਰਾਹੀਂ ਨਾਲ ਦੀ ਨਾਲ ਹੀ ਕੀਤੀ ਜਾ ਰਹੀ ਹੈ।

ਉਦਯੋਗ ਤੇ ਵਣਜ ਮੰਤਰੀ ਨੇ ਦਾਅਵੇ ਨਾਲ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ ਦੀ ਕਮੀ ਨਹੀਂ ਹੈ ਅਤੇ ਖਰੀਦ ਅਤੇ ਅਦਾਇਗੀ ਪ੍ਰਕਿਰਿਆ ਵੀ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਪੀ. (ਐਚ) ਸ੍ਰੀ ਬਲਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੂੰ ਵਧਾਈਆਂ ਦਿੱਤੀਆਂ।

ਕੰਢੀ ਖੇਤਰ ਦੇ ਪਥਰੀਲੇ ਟਿੱਬਿਆਂ ਵਿੱਚੋਂ ਰੇਤਾ ਬਜਰੀ ਖਣਨ ਦੀ ਅਥਾਹ ਸੰਭਾਵਨਾ: ਨਵਜੋਤ ਸਿੰਘ ਸਿੱਧੂ


  • 1000 ਕਰੱਸ਼ਰ ਲੱਗਣ ਦੀ ਸੰਭਾਵਨਾ ਅਤੇ ਸਾਲਾਨਾ 1500 ਕਰੋੜ ਰੁਪਏ ਕਮਾਉਣ ਦਾ ਅਨੁਮਾਨ
  • 50 ਕਿਲੋ ਮੀਟਰ ਖੇਤਰ ਵਿੱਚ ਰੇਤਾ ਬਜਰੀ ਦਾ 150 ਸਾਲ ਦਾ ਭੰਡਾਰ ਮੌਜੂਦ
  • ਨਵਜੋਤ ਸਿੰਘ ਸਿੱਧੂ ਵੱਲੋਂ ਧਾਮੀਆ ਪਿੰਡ ਨੇੜੇ ਕਰੱਸ਼ਰ ਵਾਲੀ ਥਾਂ ਦਾ ਦੌਰਾ
  • ਖਣਨ ਬਾਰੇ ਕੈਬਨਿਟ ਸਬ ਕਮੇਟੀ ਦੋ ਦਿਨਾਂ ਅੰਦਰ ਅੰਤਿਮ ਮੀਟਿੰਗ ਕਰ ਕੇ ਰਿਪੋਰਟ ਸੌਂਪੇਗੀ 
  • ਹੁਸ਼ਿਆਰਪੁਰ ਵਿਖੇ ਕਰੱਸ਼ਰ ਮਾਲਕਾਂ ਨਾਲ ਮੀਟਿੰਗ ਕਰ ਕੇ ਵੀ ਲਏ ਸੁਝਾਅ

ਹੁਸ਼ਿਆਰਪੁਰ, 23 ਅਪ੍ਰੈਲ:

           ਖਣਨ ਬਾਰੇ ਕੈਬਨਿਟ ਸਬ ਕਮੇਟੀ ਦੇ ਮੁਖੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ ਨਵਜੋਤ ਸਿੰਘ ਸਿੱਧੂ ਨੇ ਅੱਜ ਮੁਕੇਰੀਆ ਨੇੜੇ ਹਾਜੀਪੁਰ ਟੀ ਪੁਆਇੰਟ ਕੋਲ ਧਾਮੀਆਂ ਪਿੰਡ ਵਿਖੇ ਕਰੈਸ਼ਰ ਵਾਲੀ ਥਾਂ ਦਾ ਦੌਰਾ ਕੀਤਾ। ਸ. ਸਿੱਧੂ ਨੇ ਕਿਹਾ ਕਿ ਖਣਨ ਬਾਰੇ ਨੀਤੀ ਬਣਾਉਣ ਲਈ ਮੁੱਖ ਮੰਤਰੀ ਜੀ ਵੱਲੋਂ ਬਣਾਈ ਕਮੇਟੀ

ਦੇ ਮੁਖੀ ਨਾਤੇ ਉਹ ਜ਼ਮੀਨੀ ਹਕੀਕਤਾਂ ਜਾਣਨ ਅਤੇ ਪੱਥਰਾਂ ਨੂੰ ਤੋੜ ਕੇ ਬਜਰੀ ਤੇ ਰੇਤਾ ਬਣਾਉਣ ਵਾਲੇ ਕਰੱਸ਼ਰਾਂ ਨੂੰ ਵੀ ਨੀਤੀ ਦਾ ਹਿੱਸਾ ਬਣਾਉਣ ਲਈ ਉਹ ਅੱਜ ਇੱਥੇ ਆਏ ਹਨ। ਧਾਮੀਆਂ ਪਿੰਡ ਨੇੜੇ ਖੇਤੀਬਾੜੀ ਵਾਲੀ ਜ਼ਮੀਨ ਜਿੱਥੇ ਪਥਰੀਲੇ ਟਿੱਬੇ ਹਨ, ਦਾ ਦੌਰਾ ਕਰਨ ਉਪਰੰਤ ਸ: ਸਿੱਧੂ ਨੇ ਕਿਹਾ ਕਿ ਜੇਕਰ ਇਨ੍ਹਾਂ ਟਿੱਬਿਆਂ 'ਚ ਕਰੱਸ਼ਰ ਲਗਾ ਕੇ ਰੇਤਾ ਤੇ ਬਜਰੀ ਕੱਢੀ ਜਾਵੇ ਤਾਂ ਇਹ ਟਿੱਬੇ ਪੱਧਰੇ ਹੋ ਕੇ ਵਾਹੀਯੋਗ ਵੀ ਬਣ ਸਕਣਗੇ ਅਤੇ ਸਰਕਾਰ ਦੀ
ਆਮਦਨ ਵਿੱਚ ਵੀ ਵਾਧਾ ਹੋਵੇਗਾ। 


           ਸ: ਸਿੱਧੂ ਨੇ ਕਿਹਾ ਕਿ ਇਨ੍ਹਾਂ ਟਿੱਬਿਆਂ ਵਿੱਚ ਅਥਾਹ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅਧਿਐਨ ਮੁਤਾਬਕ ਤਿੰਨ ਵਰਗ ਕਿਲੋ ਮੀਟਰ ਦੇ ਖੇਤਰ ਵਿੱਚ 30 ਫੁੱਟ ਦੇ ਪਥਰੀਲੇ ਟਿੱਬਿਆਂ ਵਿੱਚੋਂ ਪੂਰੇ ਪੰਜਾਬ ਦੀ ਇਕ ਸਾਲ ਦੀ ਮੰਗ ਪੂਰੀ ਹੋ ਸਕਦੀ ਹੈ ਅਤੇ 50 ਕਿਲੋ ਮੀਟਰ ਦੇ ਖੇਤਰ ਵਿੱਚੋਂ ਅਗਲੇ 150 ਸਾਲ ਦੀ ਮੰਗ ਪੂਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਕ ਵਰਗ ਕਿਲੋ ਮੀਟਰ ਖੇਤਰ ਵਿੱਚ 10 ਫੁੱਟ ਦੇ ਟਿੱਬਿਆਂ ਵਿੱਚੋਂ 32 ਲੱਖ ਟਨ ਅਤੇ 30 ਫੁੱਟ ਤੱਕ ਇਕ ਕਰੋੜ ਟਨ ਦਾ ਰੇਤਾ ਬਜਰੀ ਨਿਕਲ ਸਕਦਾ। ਉਨ੍ਹਾਂ ਕਿਹਾ ਕਿ ਇਥੇ 1000 ਕਰੱਸ਼ਰ ਲੱਗਣ ਦੀ ਸੰਭਾਵਨਾ ਹੈ ਜਿੱਥੋਂ ਸੂਬੇ ਨੂੰ 1500 ਕਰੋੜ ਰੁਪਏ ਦੀ ਕਮਾਈ ਦਾ ਅਨੁਮਾਨ ਹੈ।

           ਸ: ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਤੇਲੰਗਨਾ ਸੂਬੇ ਦਾ ਮਾਡਲ ਦੇਖਣ ਤੋਂ ਬਾਅਦ ਦਰਿਆਵਾਂ ਰਾਹੀਂ ਖਣਨ ਤੋਂ ਪੰਜਾਬ ਵਿੱਚ ਸਾਲਾਨਾ 4000 ਕਰੋੜ ਰੁਪਏ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਤੇਲੰਗਨਾ ਵਿੱਚ ਇੱਕੋ ਨਦੀ ਗੋਦਾਵਰੀ ਹੈ ਜਿਸ ਦੀ ਲੰਬਾਈ 350 ਕਿੱਲੋਮੀਟਰ ਦੇ ਕਰੀਬ ਹੈ ਅਤੇ ਇਸ ਮੌਜੂਦਾ ਸਾਲ ਵਿੱਚ ਉੱਥੋਂ ਦੀ ਸਰਕਾਰ ਨੇ ਖਣਨ ਤੋਂ 1300 ਤੋਂ 1400 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਤੇਲੰਗਨਾ ਚਾਰ ਸਾਲਾਂ ਅੰਦਰ 10 ਕਰੋੜ ਰੁਪਏ ਤੋਂ ਲੈ ਕੇ 750 ਕਰੋੜ ਤੱਕ ਪਹੁੰਚ ਗਿਆ ਅਤੇ ਮੌਜੂਦਾ ਸਾਲ ਦੇ ਪਹਿਲੇ 11 ਦਿਨਾਂ ਵਿੱਚ 41 ਕਰੋੜ ਰੁਪਏ ਤੱਕ ਦੀ ਕਮਾਈ ਕਰ ਚੁੱਕੀ ਹੈ ਅਤੇ ਇਕ ਸਾਲ ਅੰਦਰ 1300 ਤੋਂ 1400 ਕਰੋੜ ਰੁਪਏ
ਤੱਕ ਕਮਾਈ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਿੰਨ ਦਰਿਆਵਾਂ ਦੀ ਲੰਬਾਈ 1150 ਕਿੱਲੋਮੀਟਰ ਦੇ ਕਰੀਬ ਹੈ ਜੋ ਕਿ ਤੇਲੰਗਨਾ ਨਾਲ਼ੋਂ ਤਿੰਨ ਗੁਣੀ ਵੱਧ ਹੈ ਅਤੇ ਪੰਜਾਬ ਦੇ ਦਰਿਆ ਹਿਮਾਲਿਆ ਤੋਂ ਆਉਂਦੇ ਹੋਣ ਕਰ ਕੇ ਰੇਤੇ ਦੀ ਕੁਆਲਟੀ ਵਧੀਆ ਅਤੇ ਸਮੱਰਥਾ ਵੀ ਵੱਧ ਹੋਣ ਕਰ ਕੇ ਪੰਜਾਬ ਦੇ ਦਰਿਆਵਾਂ ਤੋਂ ਖਣਨ ਰਾਹੀਂ 4000 ਕਰੋੜ ਰੁਪਏ ਕਮਾਏ ਜਾ ਸਕਦੇ ਹਨ।ਪੰਜਾਬ ਵਿੱਚ ਪਿਛਲੀ ਸਰਕਾਰ ਨੇ 40 ਕਰੋੜ ਹੀ ਸਾਲਾਨਾ ਕਮਾਇਆ ਹੈ।ਇਸ ਤਰ੍ਹਾਂ ਪੰਜਾਬ ਦੇ ਖ਼ਜ਼ਾਨੇ ਨੂੰ ਚੋਖਾ ਨੁਕਸਾਨ ਹੋਇਆ।


           ਉਨ੍ਹਾਂ ਕਿਹਾ ਕਿ ਖਣਨ ਬਾਰੇ ਬਣੀ ਕੈਬਨਿਟ ਸਬ ਕਮੇਟੀ ਦੋ ਦਿਨਾਂ ਅੰਦਰ ਅੰਤਿਮ ਮੀਟਿੰਗ ਕਰ ਕੇ ਆਪਣੀ ਮੁਕੰਮਲ ਰਿਪੋਰਟ ਕੈਬਨਿਟ ਨੂੰ ਸੌਂਪੇਗੀ। ਇਸ ਰਿਪੋਰਟ ਵਿੱਚ ਦਰਿਆਵਾਂ ਵਿੱਚੋਂ ਰੇਤੇ ਦੇ ਖਣਨ ਅਤੇ ਕੰਢੀ ਖੇਤਰ ਦੇ ਪਥਰੀਲੇ ਪਹਾੜਾਂ ਵਿੱਚ ਕਰੱਸ਼ਰ ਲਗਾ ਕੇ ਬਜਰੀ ਬਣਾਉਣ ਸੰਬੰਧੀ ਵਿਆਪਕ ਤੇ ਕਾਰਗਾਰ ਨੀਤੀ ਸ਼ਾਮਲ ਹੋਵੇਗੀ।ਉਨ੍ਹਾਂ ਕਿਹਾ ਕਿ ਕਰੱਸ਼ਰ ਨੀਤੀ ਹਿਮਾਚਲ ਪ੍ਰਦੇਸ਼ ਪੈਟਰਨ ਉਤੇ ਬਣਾਈ ਜਾਵੇਗੀ।
           ਸ ਸਿੱਧੂ ਨੇ ਇਸ ਤੋਂ ਪਹਿਲਾ ਹੁਸ਼ਿਆਰਪੁਰ ਵਿਖੇ ਕਰੱਸ਼ਰ ਮਾਲਕਾਂ ਨਾਲ ਮੀਟਿੰਗ ਕਰ ਕੇ ਵੀ ਉਨ੍ਹਾਂ ਦੇ ਸੁਝਾਅ ਲਏ ਤਾਂ ਜੋ ਉਨ੍ਹਾਂ ਦੀ ਰਾਏ ਵੀ ਰਿਪੋਰਟ ਵਿੱਚ ਸ਼ਾਮਲ ਕੀਤੀ ਜਾ ਸਕੇ। ਇਸ ਮੌਕੇ ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ, ਖਣਨ ਦੇ ਪ੍ਰਮੁਖ ਸਕੱਤਰ ਸ੍ਰੀ ਜਸਪਾਲ ਸਿੰਘ, ਡਾਇਰੈਕਟਰ ਸ੍ਰੀ ਕੁਮਾਰ ਰਾਹੁਲ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐਸ ਐਸ ਪੀ ਸ੍ਰੀ ਜੇ. ਏਲਨਚੇਲੀਅਨ, ਚੀਫ ਇੰਜਨੀਅਰ ਸ੍ਰੀ ਵਿਨੋਦ ਚੌਧਰੀ ਤੇ ਕੈਬਨਿਟ ਮੰਤਰੀ ਦੇ ਸਲਾਹਕਾਰ ਸ੍ਰੀ ਅੰਗਦ ਸਿੰਘ ਸੋਹੀ ਵੀ ਹਾਜ਼ਰ ਸਨ।

ਕੌਮੀ ਲੋਕ ਅਦਾਲਤ ਵਿੱਚ 1758 ਕੇਸਾਂ ਦੀ ਸੁਣਵਾਈ ਦੌਰਾਨ 517 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ


ਹੁਸ਼ਿਆਰਪੁਰ, 22 ਅਪ੍ਰੈਲ:

                  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸਾਲ 2018 ਦੀ ਦੂਜੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ.ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼ (ਐਕਸਕਲਿਊਡਿੰਗ ਨਾਨ-ਕੰਪਾਉਂਡਏਬਲ),
ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕਰਾਉਣ ਲਈ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ 4 ਬੈਂਚ, ਗੜ੍ਹਸ਼ੰਕਰ, ਮੁਕੇਰੀਆਂ ਅਤੇ ਦਸੂਹਾ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ। ਜ਼ਿਲ੍ਹਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ ਵਿੱਚ 1758 ਕੇਸਾਂ ਦੀ ਸੁਣਵਾਈ ਹੋਈ ਅਤੇ 517 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਅਤੇ 3,42,89,217 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

                  ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਜ਼ਿਲ੍ਹਾ ਲੋਕ ਅਦਾਲਤ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

Ô-ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 34,407 ਮੀਟ੍ਰਿਕ ਟਨ ਹੋਈ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ




  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 34,407 ਮੀਟ੍ਰਿਕ ਟਨ ਹੋਈ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 20 ਅਪ੍ਰੈਲ:

                       ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਨਿਰੰਤਰ ਕੀਤੀ ਜਾ ਰਹੀ ਹੈ। ਪਿਛਲੇ ਦਿਨ ਤੱਕ ਮੰਡੀਆਂ ਵਿੱਚ 34,995 ਮੀਟ੍ਰਿਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 34,407 ਮੀਟ੍ਰਿਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 11.17 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।

                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਗਈ ਕਣਕ ਦੇ ਵੇਰਵੇ ਅਨੁਸਾਰ ਪਨਗਰੇਨ ਵਲੋਂ 8110 ਮੀਟ੍ਰਿਕ ਟਨ, ਮਾਰਕਫੈਡ ਵਲੋਂ 5002, ਪਨਸਪ ਵਲੋਂ 4837, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵਲੋਂ 4051, ਪੰਜਾਬ ਐਗਰੋ ਵਲੋਂ 5505, ਐਫ.ਸੀ.ਆਈ. ਵਲੋਂ 6754 ਅਤੇ ਵਪਾਰੀਆਂ ਵਲੋਂ 148 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

                ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਤੋਂ ਲੈ ਕੇ ਹੋਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਬਾਰਦਾਨੇ ਸਮੇਤ ਹੋਰ ਮੁਢਲੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

                       ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿ ਮੰਡੀਆਂ ਵਿਚ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕੀ ਕਣਕ ਲਿਆਂਦੀ ਜਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ਸਲ ਕੱਟਣ ਤੋਂ ਬਾਅਦ ਨਾੜ ਅਤੇ ਰਹਿੰਦ-ਖੁੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ। ਇਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਇਸ ਦਾ ਧੂੰਆਂ ਮਨੁੱਖੀ ਜੀਵਨ ਲਈ ਵੀ ਹਾਨੀਕਾਰਕ ਹੁੰਦਾ ਹੈ।

ਜੰਗਲਾਂ ਵਿੱਚ ਅੱਗ ਲੱਗਣ 'ਤੇ 250715 'ਤੇ ਦਿੱਤੀ ਜਾ ਸਕਦੀ ਹੈ ਸੂਚਨਾ


ਹੁਸ਼ਿਆਰਪੁਰ, 20 ਅਪ੍ਰੈਲ:

                       ਗਰਮੀਆਂ ਦੇ ਸੀਜ਼ਨ ਦੌਰਾਨ ਜੰਗਲਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਵਣ ਮੰਡਲ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰ: 01882-250715 ਹੈ। ਇਹ ਕੰਟਰੋਲ ਰੂਮ 24 ਘੰਟੇ ਖੁੱਲ੍ਹਾ ਰਹੇਗਾ ਅਤੇ ਹਰ ਸਮੇਂ ਇਕ ਕਰਮਚਾਰੀ ਡਿਊਟੀ 'ਤੇ ਤਾਇਨਾਤ ਰਹੇਗਾ।  ਇਹ ਜਾਣਕਾਰੀ ਦਿੰਦੇ ਹੋਏ ਵਣ ਮੰਡਲ ਅਫ਼ਸਰ ਸ੍ਰੀ ਸੁਰਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਵਿੱਚ ਤਾਇਨਾਤ ਕਰਮਚਾਰੀ ਕਿਸੇ ਵੀ ਜੰਗਲ ਵਿੱਚ ਲੱਗੀ ਅੱਗ ਵਾਲੇ ਸੰਦੇਸ਼ ਪ੍ਰਾਪਤ ਕਰੇਗਾ ਅਤੇ ਇਸ ਦਾ ਰਿਕਾਰਡ ਵੀ ਮੇਨਟੇਨ ਕਰੇਗਾ। ਇਸ ਅੱਗ ਸਬੰਧੀ ਸੂਚਨਾ ਉਹ ਸਬੰਧਤ ਵਣ ਰੇਂਜ ਅਫ਼ਸਰ ਅਤੇ ਹੇਠਲੇ ਕਾਰਜਕਾਰੀ ਅਮਲੇ ਨੂੰ ਤੁਰੰਤ ਦੇਵਾਗਾ, ਤਾਂ ਜੋ ਅੱਗ 'ਤੇ ਕਾਬੂ ਪਾਉਣ ਲਈ ਕਾਰਵਾਈ ਤੁਰੰਤ ਕੀਤੀ ਜਾ ਸਕੇ। ਇਹ ਕੰਟਰੋਲ ਰੂਮ 30 ਜੂਨ ਤੱਕ ਕੰਮ ਕਰੇਗਾ।

ਵੈਕਟਰ ਬੌਰਨ ਬਿਮਾਰੀਆਂ ਨੂੰ ਫੈਲਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ

ਕਿਹਾ, ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾ ਕੇ ਕੂਲਰਾਂ, ਟਾਇਰਾਂ ਅਤੇ ਡੱਬਿਆਂ ਵਿੱਚੋ ਪਾਣੀ ਕੱਢ ਕੇ ਕੀਤੀ ਜਾਵੇ ਸਫ਼ਾਈ
ਹੁਸ਼ਿਆਰਪੁਰ, 20 ਅਪ੍ਰੈਲ:

                       ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਮਲੇਰੀਆ, ਡੇਂਗੂ, ਚਿਕੁਨਗੁਨੀਆਂ ਅਤੇ ਵੈਕਟਰ ਬੌਰਨ (ਪਾਣੀ ਨਾਲ ਸਬੰਧਤ ਬਿਮਾਰੀਆਂ) ਬਿਮਾਰੀਆਂ ਦੇ ਵਾਧੇ ਦੀ ਰੋਕਥਾਮ ਲਈ ਵੱਧ ਤੋਂ ਵੱਧ ਜ਼ਿਲ੍ਹਾ ਨਿਵਾਸੀਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਦੇ ਫੈਲਣ ਦਾ ਮੁੱਖ ਕਾਰਨ ਜਾਗਰੂਕਤਾ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਵੱਧਦੇ ਤਾਪਮਾਨ ਵਿੱਚ ਸ਼ੁਰੂਆਤੀ ਤੌਰ 'ਤੇ ਇਹ ਬਿਮਾਰੀਆਂ ਫੈਲਣੀਆਂ ਸ਼ੁਰੂ ਹੋ ਜਾਂਦੀਆਂ ਹਨ। ਇਨ੍ਹਾਂ ਤੋਂ ਬਚਾਅ ਦਾ ਇਕੋ ਤਰੀਕਾ ਇਹ ਹੈ ਕਿ ਸੀਜ਼ਨ ਦੌਰਾਨ ਕੂਲਰ, ਟਾਇਰਾਂ, ਡੱਬਿਆਂ
ਆਦਿ ਵਿੱਚ ਪਾਣੀ ਨਾ ਜਮ੍ਹਾਂ ਹੋਣ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਨਗਰ ਨਿਗਮ, ਨਗਰ ਕੌਂਸਲਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਸਮੇਂ-ਸਮੇਂ ਸਿਰ ਘਰਾਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕਰਨ ਅਤੇ ਜਿਥੇ ਕਿਤੇ ਵੀ ਕੋਈ ਕਮੀ ਪਾਈ ਜਾਂਦੀ ਹੈ, ਤਾਂ ਇਸ ਸਬੰਧੀ ਜਾਗਰੂਕਤਾ ਲਿਆਂਦੀ ਜਾਵੇ।

                       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਬਿਮਾਰੀਆਂ ਤੋਂ ਬਚਾਓ ਲਈ ਸਰਕਾਰੀ ਮੁਲਾਜਮ ਅਤੇ ਆਮ ਜਨਤਾ ਵੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦਿਨ ਸਰਕਾਰੀ ਦਫਤਰਾਂ, ਘਰਾਂ ਦੇ ਕੂਲਰ, ਫਰਿਜ਼ ਦੀਆਂ ਟਰੇਆਂ, ਪੰਛੀਆਂ ਵਾਸਤੇ ਪੀਣ ਵਾਲੇ ਪਾਣੀ ਦੇ ਬਰਤਨਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਨ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਟਪਾ ਦੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਅਤੇ ਤਾਲਮੇਲ ਕਮੇਟੀ ਵਲੋਂ ਵੀ ਜ਼ਿਲ੍ਹੇ ਵਿੱਚ 31 ਮਈ ਤੱਕ ਯੂਥ ਅਗੇਂਸਟ ਤੰਬਾਕੂ ਨਾਮਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਜਾਨਲੇਵਾ ਹੈ। ਸਾਨੂੰ ਤੰਬਾਕੂ ਵਿਰੁੱਧ ਡੱਟ ਕੇ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਸਾਡਾ ਇਹ ਵੀ ਫਰਜ਼ ਬਣਦਾ ਹੈ ਕਿ ਜੇਕਰ ਜਨਤਕ ਥਾਵਾਂ 'ਤੇ ਕੋਈ ਸਿਗਰਟਨੋਸ਼ੀ ਕਰਦਾ ਹੈ, ਤਾਂ ਉਸ ਨੂੰ ਨਿਮਰਤਾ ਸਹਿਤ ਅਜਿਹਾ ਕਰਨ ਤੋਂ ਰੋਕਿਆ ਜਾਵੇ।

ਕੈਂਪ ਅਤੇ ਸੈਮੀਨਾਰ ਲਗਾਕੇ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਕੀਤਾ ਜਾ ਰਿਹਾ ਜਾਗਰੂਕ : ਜ਼ਿਲ੍ਹਾ ਤੇ ਸੈਸ਼ਨ ਜੱਜ


  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋਈ ਬੈਠਕ

ਹੁਸ਼ਿਆਰਪੁਰ, 19 ਅਪ੍ਰੈਲ:

              ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਐਸ.ਕੇ. ਅਰੋੜਾ ਨੇ ਕਿਹਾ ਕਿ ਲੋੜਵੰਦ ਵਿਅਕਤੀਆਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਪਹੁੰਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਤੋਂ ਇਲਵਾ ਸਮੇਂ-ਸਮੇਂ 'ਤੇ ਸੈਮੀਨਾਰ ਅਤੇ ਕੈਂਪ ਲਗਾਕੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਸਬੰਧੀ ਲੋੜਵੰਦਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਹ ਅੱਜ  ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ, ਜਿਸ ਵਿੱਚ ਨਿਆਂਇਕ, ਸਿਵਲ ਅਤੇ ਪੁਲਿਸ ਦੇ ਅਧਿਕਾਰੀ ਮੌਜੂਦ ਸਨ।

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਉਠਾਉਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਧਨ ਦੀ ਬੱਚਤ ਹੋ ਸਕੇ। ਉਨ੍ਹਾਂ ਕਿਹਾ ਕਿ ਨਾਲਸਾ ਦੀਆਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਲੀਗਲ ਏਡ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਵੀ ਲੀਗਲ ਏਡ ਕਲੀਨਿਕ ਖੋਲ੍ਹ ਕੇ ਵੱਧ ਤੋਂ ਵੱਧ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (ਨਾਲਸਾ) ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਣ।

ਇਸ ਦੌਰਾਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ, ਸੀ.ਜੇ.ਐਮ.ਸ੍ਰੀ ਅਸ਼ੀਸ਼ ਸਾਲਦੀ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅਮਰਜੀਤ ਸਿੰਘ,  ਡੀ.ਐਸ.ਪੀ. ਸ੍ਰੀ ਸੁਖਵਿੰਦਰ ਸਿੰਘ ਅਤੇ ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਗੁਰਦੀਪ ਸਿੰਘ ਵੀ ਮੌਜੂਦ ਸਨ।

23 ਤੋਂ 30 ਅਪ੍ਰੈਲ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਹਫ਼ਤਾ



ਹੁਸ਼ਿਆਰਪੁਰ, 19 ਅਪ੍ਰੈਲ:

                       ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ 29ਵਾਂ ਸੜਕ ਸੁਰੱਖਿਆ ਹਫ਼ਤਾ 23 ਤੋਂ 30 ਅਪ੍ਰੈਲ 2018 ਤੱਕ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ  23 ਅਪ੍ਰੈਲ ਨੂੰ ਵੱਖ-ਵੱਖ ਚੌਂਕਾਂ ਵਿੱਚ ਸੜਕ ਸੁਰੱਖਿਆ ਸਬੰਧੀ ਬੈਨਰ ਲਗਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 24 ਅਪ੍ਰੈਲ ਨੂੰ ਵੱਖ-ਵੱਖ ਪ੍ਰਦੂਸ਼ਣ ਚੈਕ ਸੈਂਟਰਾਂ 'ਤੇ ਸਵੇਰੇ 9 ਤੋਂ 11 ਵਜੇ ਤੱਕ ਵਹੀਕਲਾਂ ਦੇ ਮੁਫ਼ਤ ਪ੍ਰਦੂਸ਼ਣ ਵੀ ਚੈਕ ਕੀਤੇ ਜਾਣਗੇ ਅਤੇ 25 ਅਪ੍ਰੈਲ ਨੂੰ ਦਾਣਾ ਮੰਡੀ ਵਿਖੇ ਟਰੈਕਟਰ ਟਰਾਲੀਆਂ 'ਤੇ ਰਿਫਲੈਕਟਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 26 ਅਪ੍ਰੈਲ ਨੂੰ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਦੀ ਵਰਕਸ਼ਾਪ ਵਿੱਚ ਬੱਸਾਂ ਦੇ ਡਰਾਇਵਰਾਂ ਦੀਆਂ ਅੱਖਾਂ ਦੇ ਚੈਕਅਪ ਕੀਤੇ ਜਾਣਗੇ ਅਤੇ 27 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾਘਰ ਵਿਖੇ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਅਪ੍ਰੈਲ ਨੂੰ ਗੱਡੀਆਂ 'ਤੇ ਰਿਫਲੈਕਟਰ ਲਗਾਏ ਜਾਣਗੇ ਅਤੇ 29 ਅਪ੍ਰੈਲ ਨੂੰ ਦਸੂਹਾ ਅਤੇ ਮੁਕੇਰੀਆਂ ਵਿਖੇ ਪ੍ਰਦੂਸ਼ਣ ਚੈਕ ਸੈਂਟਰਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 30 ਅਪ੍ਰੈਲ ਨੂੰ ਮੋਟਰ ਗੱਡੀ ਇੰਸਪੈਕਟਰ ਵਲੋਂ ਬੱਸਾਂ ਦੀ ਚੈਕਿੰਗ ਵੀ ਕੀਤੀ ਜਾਵੇ।

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਨੇ 'ਸਮਰਪਣ' ਪ੍ਰੋਜੈਕਟ ਲਈ ਪਾਇਆ ਯੋਗਦਾਨ



                                                                         
ਹੁਸ਼ਿਆਰਪੁਰ,  19 ਅਪ੍ਰੈਲ :

           ਸ੍ਰੀ ਗੁਰੂ  ਰਾਮਦਾਸ ਕਾਲਜ ਆਫ਼ ਨਰਸਿੰਗ ਦੀ ਪ੍ਰਿੰਸੀਪਲ ਡਿੰਪਲ ਸੰਧੂ ਵਲੋਂ 'ਸਮਰਪਣ' ਪ੍ਰੋਜੈਕਟ ਲਈ 25 ਪਰਚੀਆਂ ਕਟਵਾ ਕੇ 9125 ਰੁਪਏ ਦੀ ਰਾਸ਼ੀ ਸੌਂਪੀ ਗਈ ਹੈ। ਇਸ ਸਬੰਧੀ ਜਾਣਕਾਰੀ  ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਨੇ ਦੱਸਿਆ ਕਿ ਕਾਲਜ ਦੀ ਐਮ.ਡੀ. ਦਵਿੰਦਰ ਅੋਲਖ ਦੀ
ਯੋਗ ਅਗਵਾਈ ਵਿੱਚ 'ਸਮਰਪਣ' ਪ੍ਰੋਜੈਕਟ ਲਈ ਇਹ ਪਰਚੀਆਂ ਮੰਜੂ ਬਾਲਾ ਨੇ ਪ੍ਰਾਪਤ ਕੀਤੀਆਂ ਹਨ।

                ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਾਲਜ ਸਟਾਫ਼ ਅਤੇ ਵਿਦਿਆਰਥਆਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ  ਕਿ 'ਸਮਰਪਣ' ਪ੍ਰੋਜੈਕਟ ਲਈ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ।



ਫੋਟੋ ਕੈਪਸ਼ਨ: ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਦੀ ਪ੍ਰਿੰਸੀਪਲ ਡਿੰਪਲ ਸੰਧੂ ਮੈਡਮ ਮੰਜੂ ਬਾਲਾ ਨੂੰ 'ਸਮਰਪਣ'  ਪ੍ਰੋਜੈਕਟ ਲਈ ਰਾਸ਼ੀ ਸੌਂਪਦੇ ਹੋਏ।

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਨੇ 'ਸਮਰਪਣ' ਪ੍ਰੋਜੈਕਟ ਲਈ ਪਾਇਆ ਯੋਗਦਾਨ


                                                                         

ਹੁਸ਼ਿਆਰਪੁਰ,  19 ਅਪ੍ਰੈਲ :

           ਸ੍ਰੀ ਗੁਰੂ  ਰਾਮਦਾਸ ਕਾਲਜ ਆਫ਼ ਨਰਸਿੰਗ ਦੀ ਪ੍ਰਿੰਸੀਪਲ ਡਿੰਪਲ ਸੰਧੂ ਵਲੋਂ 'ਸਮਰਪਣ' ਪ੍ਰੋਜੈਕਟ ਲਈ 25 ਪਰਚੀਆਂ ਕਟਵਾ ਕੇ 9125 ਰੁਪਏ ਦੀ ਰਾਸ਼ੀ ਸੌਂਪੀ ਗਈ ਹੈ। ਇਸ ਸਬੰਧੀ ਜਾਣਕਾਰੀ  ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਨੇ ਦੱਸਿਆ ਕਿ ਕਾਲਜ ਦੀ ਐਮ.ਡੀ. ਦਵਿੰਦਰ ਅੋਲਖ ਦੀ ਯੋਗ ਅਗਵਾਈ ਵਿੱਚ 'ਸਮਰਪਣ' ਪ੍ਰੋਜੈਕਟ ਲਈ ਇਹ ਪਰਚੀਆਂ ਮੰਜੂ ਬਾਲਾ ਨੇ ਪ੍ਰਾਪਤ ਕੀਤੀਆਂ ਹਨ।

                ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਾਲਜ ਸਟਾਫ਼ ਅਤੇ ਵਿਦਿਆਰਥਆਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ  ਕਿ 'ਸਮਰਪਣ' ਪ੍ਰੋਜੈਕਟ ਲਈ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ।



ਫੋਟੋ ਕੈਪਸ਼ਨ: ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਦੀ ਪ੍ਰਿੰਸੀਪਲ ਡਿੰਪਲ ਸੰਧੂ ਮੈਡਮ ਮੰਜੂ ਬਾਲਾ ਨੂੰ 'ਸਮਰਪਣ'  ਪ੍ਰੋਜੈਕਟ ਲਈ ਰਾਸ਼ੀ ਸੌਂਪਦੇ ਹੋਏ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 19 ਅਪ੍ਰੈਲ:

                       ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਦੱਸਿਆ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਚਰਾਉਂਦੇ ਹਨ। ਅਜਿਹਾ ਕਰਨ ਨਾਲ ਸੜਕਾਂ ਉਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜੋ ਜ਼ਿਲ੍ਹੇ ਵਿੱਚ ਬੂਟੇ ਲਗਾਏ ਜਾਂਦੇ ਹਨ, ਉਨ੍ਹਾਂ ਨੂੰ ਵੀ ਪਸ਼ੂ ਨੁਕਸਾਨ ਪਹੁੰਚਾਉਂਦੇ ਹਨ।

                       ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਹੋਰ ਹੁਕਮ ਜਾਰੀ ਕੀਤਾ ਹੈ, ਜਿਸ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਦੋਵੇਂ ਹੁਕਮ 16 ਜੂਨ 2018 ਤੱਕ ਲਾਗੂ ਰਹਿਣਗੇ।

ਕੌਮੀ ਲੋਕ ਅਦਾਲਤ 22 ਅਪ੍ਰੈਲ ਨੂੰ

ਹੁਸ਼ਿਆਰਪੁਰ,  19 ਅਪ੍ਰੈਲ:

                             ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ. ਨਗਰ ਦੇ ਦਿਸ਼ਾ -ਨਿਰਦੇਸ਼ਾ ਅਨੁਸਾਰ 22 ਅਪ੍ਰੈਲ ਨੂੰ ਜ਼ਿਲ੍ਹਾ ਹੁਸਿਆਰਪੁਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਲਗਾਈ ਜਾ ਰਹੀ ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ.ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼, ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਨੇ  ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।

ਕਿਸਾਨਾਂ ਨੂੰ ਸਹੂਲਤਾਂ ਦੇਣ ਲਈ 'ਮੰਡੀ 'ਚ ਮੰਜੀ' ਮੁਹਿੰਮ ਦੀ ਸ਼ੁਰੂਆਤ


  • ਹਲਕਾ ਵਿਧਾਇਕ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਨੇ 24 ਘੰਟੇ ਸੁਵਿਧਾ ਦੇਣ ਵਾਲੀ ਵਿਸ਼ੇਸ਼ ਮੁਹਿੰਮ ਦਾ ਕੀਤਾ ਆਗਾਜ਼

  • 'ਮੰਡੀ 'ਚ ਮੰਜੀ' ਵਰਗੀ ਮੁਹਿੰਮ ਸੂਬੇ 'ਚ ਨਿਵੇਕਲੀ ਪਹਿਲ : ਡਾ. ਰਾਜ ਕੁਮਾਰ


  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 18 ਅਪ੍ਰੈਲ (               ) : ਕਿਸਾਨਾਂ ਨੂੰ ਮੰਡੀਆਂ ਵਿਚ 24 ਘੰਟੇ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸਾਰਾ ਦਿਨ ਦੇ ਥੱਕੇ-ਟੁੱਟੇ ਕਿਸਾਨਾਂ ਦੇ ਆਰਾਮ ਲਈ 'ਮੰਡੀ 'ਚ ਮੰਜੀ' ਨਾਮਕ ਇਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਚੱਬੇਵਾਲ ਮੰਡੀ ਤੋਂ ਕੀਤਾ ਗਿਆ ਹੈ। ਇਹ ਮੁਹਿੰਮ ਸੂਬੇ ਵਿਚੋਂ ਪਹਿਲੀ ਨਿਵੇਕਲੀ ਕਿਸਮ ਦੀ ਮੁਹਿੰਮ ਹੈ।

      'ਮੰਡੀ 'ਚ ਮੰਜੀ' ਮੁਹਿੰਮ ਦਾ ਆਗਾਜ਼ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਚੱਬੇਵਾਲ ਖਰੀਦ ਕੇਂਦਰ ਤੋਂ ਅੱਜ ਕਰ ਦਿੱਤਾ ਹੈ। ਆਪਣੇ ਵਿਧਾਇਕੀ ਭੱਤੇ ਵਿਚੋਂ ਯੋਗਦਾਨ ਪਾ ਕੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਇਸ ਸਕੀਮ ਜ਼ਰੀਏ ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ
ਕਿ ਮੰਡੀਆਂ ਵਿਚ ਫਸਲ ਲਿਆਉਣ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ, ਲਿਫਟਿੰਗ, ਬਾਰਦਾਨੇ, ਸਿਹਤ, ਪੀਣ ਵਾਲੇ ਪਾਣੀ ਸਮੇਤ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝਣਾ ਨਹੀਂ ਪਵੇਗਾ, ਬਲਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ 'ਮੰਡੀ 'ਚ ਮੰਜੀ' ਮੁਹਿੰਮ ਤਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੈਲਪਲਾਈਨ ਨੰਬਰ 98766-70000, 90418-98460 ਸ਼ੁਰੂ ਕੀਤੇ ਗਏ ਹਨ ਅਤੇ ਕਿਸਾਨ ਕਿਸੇ ਵੀ ਸਮੱਸਿਆ ਲਈ ਇਨ੍ਹਾਂ ਨੰਬਰਾਂ 'ਤੇ ਫੋਨ ਕਰਕੇ ਆਪਣੀ ਮੁਸ਼ਕਿਲ ਦੱਸ ਸਕਦੇ ਹਨ।


          ਹਲਕਾ ਵਿਧਾਇਕ ਨੇ ਕਿਹਾ 'ਮੰਡੀ 'ਚ ਮੰਜੀ' ਮੁਹਿੰਮ ਸੂਬੇ ਵਿਚੋਂ ਇਕ ਨਿਵੇਕਲੀ ਪਹਿਲ ਹੋਵੇਗੀ ਅਤੇ ਇਸ ਮੁਹਿੰਮ ਜ਼ਰੀਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਲਈ ਪੈਰਾ ਮੈਡੀਕਲ ਸਟਾਫ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ 24 ਘੰਟੇ ਐਮਰਜੈਂਸੀ ਲਈ ਇਕ ਐਬੂਲੈਂਸ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੱਬੇਵਾਲ ਹਲਕੇ ਦੀਆਂ ਤਿੰਨੋਂ ਮੰਡੀਆਂ ਲਈ ਫਾਇਰ ਬ੍ਰਿਗੇਡ ਦੀ ਸਹੂਲਤ ਵੀ 24 ਘੰਟੇ ਲਈ ਹੋਵੇਗੀ, ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਤੁਰੰਤ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਅਸਲੀ ਹਮਦਰਦ ਹਨ ਅਤੇ ਉਨ੍ਹਾਂ ਮੰਡੀਆਂ ਵਿਚ ਕਿਸਾਨਾਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਹੋਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਚੁੱਕਣ ਲਈ ਪੱਬਾਂ ਭਾਰ ਹੈ ਅਤੇ ਕਿਸਾਨਾਂ ਨੂੰ ਕਣਕ ਦੇ ਸੀਜ਼ਨ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਦੀ ਮੰਡੀ ਲਈ ਸੜਕਾਂ, ਫੜ ਅਤੇ ਹੋਰ ਸਹੂਲਤਾਂ ਲਈ ਕਰੀਬ 2 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਸਿੰਚਾਈ ਲਈ 30 ਟਿਊਬਵੈਲ ਵੀ ਪੰਜਾਬ ਸਰਕਾਰ ਵਲੋਂ ਇਸ ਹਲਕੇ ਵਿਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਸਾਲ ਵਿਚ 4250 ਕਰੋੜ ਰੁਪਏ ਦੇ ਕਿਸਾਨੀ ਕਰਜ਼ੇ ਮਾਫ ਕੀਤੇ ਜਾਣਗੇ, ਜਦਕਿ ਹਲਕਾ ਚੱਬੇਵਾਲ ਦੇ 357 ਕਿਸਾਨਾਂ ਦਾ ਕਰੀਬ 2 ਕਰੋੜ ਰੁਪਏ ਤੱਕ ਦੀ ਰਾਸ਼ੀ ਦਾ ਕਰਜ਼ਾ ਮਾਫ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਹੋਰ ਲੋੜਵੰਦ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮਾਫ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਪਰਾਲੀ/ਨਾੜ ਨਾ ਸਾੜਨ ਦੀ ਅਪੀਲ ਵੀ ਕੀਤੀ।



           ਡਾ. ਰਾਜ ਕੁਮਾਰ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਪ੍ਰੇਰਦਿਆਂ ਕਿਹਾ ਕਿ ਸਰਕਾਰ ਵਲੋਂ ਬਜਟ ਵਿਚ 100 ਕਰੋੜ ਰੁਪਏ ਫਸਲਾਂ ਦੀ ਰਹਿੰਦ-ਖੂੰਹਦ ਸੰਭਾਲਣ ਲਈ ਰੱਖੇ ਗਏ ਹਨ ਅਤੇ ਆਰ.ਬੀ.ਆਈ ਤੋਂ 18 ਕਰੋੜ ਰੁਪਏ ਦੀ ਸੀ.ਸੀ. ਲਿਮਟ ਨੂੰ ਵੀ ਪ੍ਰਵਾਨਗੀ ਮਿਲ ਗਈ ਹੈ, ਜਿਸ ਨਾਲ ਕਣਕਾਂ ਦਾ ਵਕਤੀ ਭੁਗਤਾਨ ਹੋ ਸਕੇਗਾ। ਉਨ੍ਹਾਂ ਕਿਹਾ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵੀ 1753 ਟਨ ਕੀਤਾ ਗਿਆ ਹੈ, ਜੋ ਪਿਛਲੇ ਸਾਲ ਨਾਲੋਂ 110 ਰੁਪਏ ਵੱਧ ਹੈ।

        ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਦੀਆਂ 62 ਮੰਡੀਆਂ ਵਿਚ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੱਬੇਵਾਲ ਮੰਡੀ ਵਿਚ ਪਿਛਲੇ ਸਾਲ 1 ਲੱਖ, 25 ਹਜ਼ਾਰ ਕੁਇੰਟਲ ਕਣਕ ਦੀ ਖਰੀਦ ਹੋਈ ਸੀ, ਜਦਕਿ ਇਸ ਵਾਰ 10 ਫੀਸਦੀ ਵਧੇਰੇ ਆਮਦ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 1500 ਕੁਇੰਟਲ ਕਣਕ ਮੰਡੀ ਵਿਚ ਪਹੁੰਚ ਚੁੱਕੀ ਹੈ।

      ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਤੋਂ ਲੈਕੇ ਸਮੇ-ਸਿਰ ਲਿਫਟਿੰਗ ਅਤੇ ਅਦਾਇਗੀ ਯਕੀਨੀ ਬਣਾਈ ਜਾਵੇਗੀ, ਜਦਕਿ ਕਿਸਾਨਾਂ ਨੂੰ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

          ਇਸ ਮੌਕੇ ਐਸ.ਡੀ.ਐਮ. ਸ਼੍ਰੀ ਜਿਤੇਂਦਰ ਜੋਰਵਾਲ, ਸੱਕਤਰ ਸ਼੍ਰੀ ਵਿਕਰਮਜੀਤ ਸਿੰਘ, ਡਾ. ਪੰਕਜ ਕੁਮਾਰ, ਸਰਪੰਚ ਚੱਬੇਵਾਲ ਸ਼੍ਰੀ ਸ਼ਿਵ ਰੰਜਨ, ਸਰਪੰਚ ਅੱਤੋਵਾਲ ਸ਼੍ਰੀ ਸੱਤ ਪ੍ਰਕਾਸ਼, ਸ਼੍ਰੀ ਜਸਵਾਲ ਸਿੰਘ, ਡਾ. ਜਤਿੰਦਰ ਕੁਮਾਰ, ਐਸ.ਐਮ.ਓ ਡਾ. ਖਰਬੰਦਾ, ਸ਼੍ਰੀ ਸਰਬਜੀਤ ਸਿੰਘ, ਸ਼੍ਰੀ ਮਹਿੰਦਰ ਸਿੰਘ, ਸ਼੍ਰੀ ਦਲਜੀਤ ਸਹੋਤਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ


  • ਮੀਟਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ , 13 ਅਪ੍ਰੈਲ (           ) :

                  ਮੰਡੀਆਂ ਵਿਚੋਂ ਕਣਕ ਦੇ ਇੱਕ-ਇੱਕ ਦਾਣੇ ਨੂੰ ਚੁੱਕਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦੇ ਹੋਏ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਵਿਪੁਲ ਉਜਵਲ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਖਿਆ ਹੈ। ਜ਼ਿਲ੍ਹੇ ਵਿਚ ਕਣਕ ਦੇ ਰੱਬੀ ਸੀਜ਼ਨ 2018-19 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਗਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ
ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਣਕ ਦੀ ਫਸਲ ਨੂੰ ਮੰਡੀਆਂ ਵਿਚੋਂ ਸਮੇਂ-ਸਿਰ ਚੁੱਕਿਆ ਜਾਵੇ ਅਤੇ ਕਿਸਾਨਾਂ ਨੂੰ ਬਣਦੀ ਰਕਮ ਸਮੇਂ-ਸਿਰ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।


         ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਐਸ.ਡੀ.ਐਮਜ਼ ਆਪੋ-ਆਪਣੇ ਅਧਿਕਾਰਤ ਖੇਤਰ ਵਿਚ ਆਉਂਦੀਆਂ ਮੰਡੀਆਂ ਦੀ ਨਿਗਰਾਨੀ ਕਰਨਗੇ। ਨਾਲ ਹੀ ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਫ਼ਸਲ ਸੰਭਾਲਣ, ਮੰਡੀ ਦੇ ਰਖ-ਰਖਾਅ ਅਤੇ ਸਾਫ਼-ਸਫਾਈ ਲਈ ਸੁਚੱਜੇ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਮੰਡੀ ਵਿਚ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੀਣ ਵਾਲਾ ਪਾਣੀ ਅਤੇ ਝੋਨੇ ਦਾ ਮਿਆਰ ਚੈੱਕ ਕਰਨ ਲਈ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ।

         ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਇਸ ਸਾਲ 3,28,554 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਦੀ ਆਸ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਨੇ ਵੱਖ-ਵੱਖ ਖਰੀਦ ਏਜੰਸੀਆਂ ਜਿਨ੍ਹਾਂ ਵਿਚ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਵੇਅਰ ਹਾਉਸਿੰਗ ਕਾਰਪੋਰੇਸ਼ਨ, ਪੰਜਾਬ ਐਗਰੋ ਅਤੇ ਐਫ਼.ਸੀ.ਆਈ ਸ਼ਾਮਲ ਹੈ, ਨੂੰ ਪਹਿਲਾਂ ਹੀ ਉਨ੍ਹਾਂ ਦਾ ਨਿਰਧਾਰਿਤ ਕੋਟਾ ਅਲਾਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਖਰੀਦ ਲਈ 62 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਇਨ੍ਹਾਂ ਖਰੀਦ ਕੇਂਦਰਾਂ ਵਿਚ ਬਾਰਦਾਨੇ ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਹੈ। 

            ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪਿਛਲੇ ਸਾਲ ਕੁੱਲ 2,98,696 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ, ਜਿਸ ਵਿਚੋਂ ਖਰੀਦ ਏਜੰਸੀਆਂ ਵਲੋਂ 2,85,727 ਮੀਟਰਕ ਟਨ, ਜਦਕਿ ਵਪਾਰੀਆਂ ਵਲੋਂ 12,969 ਮੀਟਰਕ ਟਨ ਪ੍ਰਾਈਵੇਟ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ, ਬਲਕਿ ਖੇਤਾਂ ਵਿਚ ਹੀ ਦਬਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।

           ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਦਸੂਹਾ ਸ਼੍ਰੀ ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਡੀ.ਐਫ.ਐਸ.ਸੀ. ਸ਼੍ਰੀਮਤੀ ਰਜਨੀਸ਼ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ


ਹੁਸ਼ਿਆਰਪੁਰ, 12 ਅਪ੍ਰੈਲ:       

         ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸਨਰ ਸ੍ਰੀ ਵਿਪੁਲ ਉਜਵਲ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਜਨਤਕ ਹਿੱਤ ਵਿੱਚ ਪਾਬੰਦੀ ਲਗਾ ਦਿੱਤੀ ਹੈ।

              ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਨ੍ਹਾਂ ਹੁੱਕਾ ਬਾਰ ਰਾਹੀਂ ਤੰਬਾਕੂ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਮਨੁੱਖੀ ਸਰੀਰ ਨੂੰ ਘਾਤਕ ਬੀਮਾਰੀਆਂ ਲੱਗਦੀਆਂ ਹਨ ਅਤੇ ਸਮਾਜ ਵਿੱਚ ਵੀ ਮਾੜਾ ਅਸਰ ਪੈਂਦਾ ਹੈ, ਇਸ ਲਈ ਇਸ 'ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਹੁਕਮ 1 ਜੂਨ 2018 ਤੱਕ ਲਾਗੂ ਰਹੇਗਾ।

ਵਿਧਾਇਕ ਅਰੋੜਾ ਅਤੇ ਡਿਪਟੀ ਕਮਿਸ਼ਨਰ ਨੇ ਸ਼ੁਰੂ ਕਰਵਾਈ ਕਣਕ ਦੀ ਖਰੀਦ



  • ਪੰਜਾਬ ਸਰਕਾਰ ਮੰਡੀਆਂ 'ਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ : ਵਿਧਾਇਕ ਅਰੋੜਾ

  • ਕਿਸਾਨਾਂ ਨੂੰ  ਮੰਡੀਆਂ 'ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 17 ਅਪ੍ਰੈਲ:

                       ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਜਿਥੇ ਉਨ੍ਹਾਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

             ਹਲਕਾ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵੇਚੀ ਕਣਕ ਦੀ ਅਦਾਇਗੀ 72 ਘੰਟਿਆਂ ਵਿੱਚ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲਿਫਟਿੰਗ ਅਤੇ ਬਾਰਦਾਨੇ ਸਬੰਧੀ ਕਿਸੇ ਵੀ ਤਰ੍ਹਾਂ
ਦੀ ਸਮੱਸਿਆ ਵੀ ਨਹੀ ਰਹਿਣ ਦਿੱਤੀ ਜਾਵੇਗੀ।        


           ਹਲਕਾ ਵਿਧਾਇਕ ਨੇ ਮੰਡੀ ਵਿੱਚ ਕਣਕ ਲੈ ਕੇ ਆਏ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਕਿਸਾਨ ਆਪਣੀ ਫ਼ਸਲ ਸਿੱਧੀ ਮੰਡੀਆਂ ਵਿੱਚ ਲਿਆ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਹੁਸ਼ਿਆਰਪੁਰ ਦੀ ਦਾਣਾ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਲਈ ਬਾਈਪਾਸ ਵਲੋਂ ਘੁੰਮਣਾ ਨਾ ਪਵੇ ਅਤੇ ਉਹ ਸ਼ਹਿਰ ਦੇ ਮੁੱਖ ਚੌਂਕਾਂ ਰਾਹੀਂ ਵੀ ਆਪਣੀ ਫ਼ਸਲ ਟਰੈਕਟਰ-ਟਰਾਲੀਆਂ ਰਾਹੀਂ ਲਿਆ ਸਕਣਗੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਲਈ ਸਾਫ਼ ਪਾਣੀ, ਲਾਈਟ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

                   ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇੱਕ ਯੋਜਨਾਬੱਧ ਤਰੀਕੇ ਨਾਲ ਕਣਕ ਦੀ ਖਰੀਦ ਤੋਂ ਲੈ ਕੇ ਲਿਫਟਿੰਗ ਤੱਕ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਪੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਨਮੀ ਦੀ ਵਧੇਰੇ ਮਾਤਰਾ ਹੋਣ ਕਾਰਨ ਮੰਡੀਆਂ ਵਿੱਚ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮਾਰਕੀਟ ਕਮੇਟੀ ਹੁਸ਼ਿਆਰਪੁਰ ਅਧੀਨ 17 ਮੰਡੀਆਂ ਵਿੱਚ 7 ਲੱਖ 30 ਹਜ਼ਾਰ 714 ਮੀਟਰਕ ਟਨ ਕਣਕ ਦੀ ਖ਼ਰੀਦ ਹੋਈ ਸੀ ਅਤੇ ਇਸ ਸਾਲ ਇਸ ਖ਼ਰੀਦ ਤੋਂ 10 ਪ੍ਰਤੀਸ਼ਤ ਵੱਧ ਆਮਦ ਹੋਣ ਦੀ ਸੰਭਾਵਨਾ ਹੈ।

            ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਹੁਣ ਤੱਕ 309 ਮੀਟਰਕ ਟਨ ਕਣਕ ਵਪਾਰੀਆਂ ਵਲੋਂ ਪ੍ਰਾਈਵੇਟ ਤੌਰ 'ਤੇ ਖਰੀਦੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਬਣਦੀ 53 ਲੱਖ 76 ਹਜ਼ਾਰ 600 ਰੁਪਏ ਦੀ ਅਦਾਇਗੀ ਯਕੀਨੀ ਬਣਾ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਕੱਲੀ ਹੁਸ਼ਿਆਰਪੁਰ ਦਾਣਾ ਮੰਡੀ ਵਿੱਚ 143 ਕੁਇੰਟਲ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਅਤੇ ਇਸ ਸਬੰਧੀ ਬਣਦੀ ਢਾਈ ਲੱਖ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾ ਲਈ ਗਈ ਹੈ।

                       ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਕੱਤਰ ਮਾਰਕੀਟ ਕਮੇਟੀ ਹੁਸ਼ਿਆਰਪੁਰ ਸ੍ਰੀ ਵਿਕਰਮਜੀਤ ਸਿੰਘ, ਲੇਖਾਕਾਰ ਸ੍ਰੀ ਰਜਿੰਦਰ ਸਿੰਘ, ਮੰਡੀ ਇੰਚਾਰਜ ਸ੍ਰੀ ਬਲਵਿੰਦਰ ਸਿੰਘ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸ੍ਰੀ  ਸੁਧੀਰ ਸੂਦ, ਸ੍ਰੀ ਨਰਿੰਦਰ ਮੋਹਨ ਸ਼ਰਮਾ, ਸ੍ਰੀ ਮਹਿੰਦਰ ਸਿੰਘ, ਸ੍ਰੀ ਤਰਸੇਮ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਕਿਸਾਨ ਵੀ ਮੌਜੂਦ ਸਨ।

ਹਰਚਰਨ ਸਿੰਘ ਨੇ ਐਸ.ਡੀ.ਐਮ. ਮੁਕੇਰੀਆਂ ਵਜਂੋ ਸੰਭਾਲਿਆ ਅਹੁਦਾ


ਹੁਸ਼ਿਆਰਪੁਰ, 16 ਅਪ੍ਰੈਲ:

                       2011 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰ: ਹਰਚਰਨ ਸਿੰਘ ਨੇ ਐਸ.ਡੀ.ਐਮ. ਮੁਕੇਰੀਆਂ ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ।  ਇਸ ਤੋਂ ਪਹਿਲਾਂ ਵੀ ਉਹ ਮੁਕੇਰੀਆਂ
ਵਿਖੇ ਐਸ.ਡੀ. ਐਮ. ਵਜਂੋ ਸੇਵਾਵਾਂ ਨਿਭਾਅ ਚੁੱਕੇ  ਹਨ ਅਤੇ  ਸਰਦੂਲਗੜ੍ਹ (ਮਾਨਸਾ), ਸ਼ਹੀਦ ਭਗਤ ਸਿੰਘ ਨਗਰ, ਮੋਗਾ, ਤਰਨਤਾਰਨ ਵਿਖੇ ਵੀ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਰਹੇ ਹਨ।

                       ਸ੍ਰ: ਹਰਚਰਨ ਸਿੰਘ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਉਹ ਸਬ ਡਵੀਜ਼ਨ ਮੁਕੇਰੀਆਂ ਦੇ ਵਾਸੀਆਂ ਨੂੰ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਨੂੰ ਵੀ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਪਹਿਲ ਦੇ ਅਧਾਰ 'ਤੇ ਬਣਾਏ ਜਾਣ ਦਿਵਆਂਗ ਵਿਅਕਤੀਆਂ ਦੇ ਸਰਟੀਫਿਕੇਟ: ਅਮਿਤ ਸਰੀਨ


ਹੁਸ਼ਿਆਰਪੁਰ, 16 ਅਪ੍ਰੈਲ:

                       ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਦਿਵਆਂਗ ਵਿਅਕਤੀਆਂ ਸਬੰਧੀ ਬਣਾਈ ਗਈ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿਵਆਂਗ ਵਿਅਕਤੀਆਂ ਦੇ ਸਰਟੀਫਿਕੇਟ ਬਣਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਿਵਆਂਗ ਵਿਅਕਤੀਆਂ ਦੀ ਸਹੂਲਤ ਅਨੁਸਾਰ ਵਿਸ਼ੇਸ਼ ਕਰਮਚਾਰੀਆਂ ਦੀ ਡਿਊਟੀ ਲਗਾਕੇ ਦਿਵਆਂਗ ਵਿਅਕਤੀਆਂ ਦੇ ਪਹਿਲ ਦੇ ਅਧਾਰ

'ਤੇ ਸਰਟੀਫਿਕੇਟ ਬਣਾਏ ਜਾਣ। ਉਨ੍ਹਾਂ ਕਿਹਾ ਕਿ ਦਿਵਆਂਗ ਵਿਦਿਆਰਥੀਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣ ਲਈ ਬਿਨ੍ਹਾਂ ਕਿਸੇ ਭੇਦ-ਭਾਵ ਦੇ ਸਕੂਲਾਂ ਵਿਚ ਦਾਖਲੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਦਿਵਆਂਗ ਵਿਅਕਤੀਆਂ ਨੂੰ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਂਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਵੀ ਪਹਿਲ ਦੇ ਅਧਾਰ 'ਤੇ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ 10 ਮਈ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ  ਦਿਵਆਂਗ ਸਰਟੀਫਿਕੇਟ ਬਣਾਏ ਜਾਣ ਸਬੰਧੀ ਲੱਗਣ ਵਾਲੇ ਕੈਂਪ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।

           ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿੱਤਰ, ਸੀਨੀਅਰ ਮੈਡੀਕਲ ਅਫਸਰ ਡਾ. ਓ.ਪੀ. ਗੋਜਰਾ, ਡਾ. ਆਰ.ਕੇ. ਬੱਗਾ, ਡਾ. ਸਵਿੰਦਰ ਸਿੰਘ, ਡਾ. ਨਵਜੋਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਨੀਲ ਅਹੀਰ,, ਡਾ. ਚੰਦਰੇਸ਼ ਕੁਮਾਰ ਨਵਚੇਤਨਾ ਸੁਸਾਇਟੀ ਹੁਸ਼ਿਆਰਪੁਰ, ਮਿਸ ਇੰਦਰਜੀਤ ਕੌਰ ਨੰਦਨ, ਐਡਵੋਕੇਟ ਪੀ.ਐਸ. ਪਲਵੀ, ਰੋਮੀ ਸਿੰਘ, ਅਯੂਸ਼ ਸ਼ਰਮਾ, ਸਾਹਿਲ ਰਾਣਾ, ਰਾਹੁਲ ਧਿਮਾਨ, ਰਾਹੁਲ ਪੱਟੀ ਅਤੇ ਸੰਦੀਪ ਰਾਜੂ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰਸ਼ਾਸ਼ਨ ਨੇ ਸ਼ਰਧਾ ਨਾਲ ਮਨਾਇਆ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦਾ ਜਨਮ ਦਿਵਸ


ਹੁਸ਼ਿਆਰਪੁਰ, 14 ਅਪ੍ਰੈਲ:

                       ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਅੱਜ ਬੜੀ ਹੀ ਸ਼ਰਧਾ ਨਾਲ ਭਾਰਤ ਰਤਨ ਡਾ. ਬੀ.ਆਰ ਅੰਬੇਡਕਰ ਜੀ ਦਾ ਜਨਮ ਦਿਹਾੜਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਭਾਰੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

             ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਨੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 127ਵੇਂ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

               ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਨਿਵਾਸੀਆਂ,
ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਭਾਰਤੀ ਸੰਵਿਧਾਨ ਦੇ ਨਿਰਮਾਤਾ ਸਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਨੇ ਸਾਰਿਆਂ ਨੂੰ ਬਰਾਬਰ ਅਧਿਕਾਰ ਦੇਣ ਲਈ ਇਕਜੁੱਟਤਾ ਕਾਇਮ ਕਰਨ ਵਿੱਚ ਮੁਖ ਭੂਮਿਕਾ ਨਿਭਾਈ ਅਤੇ ਉਸ ਸਮੇਂ 'ਤੇ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਜੀ ਦੇ ਦੱਸੇ ਹੋਏ ਮਾਰਗ 'ਤੇ ਚੱਲ ਕੇ ਸਮਾਜ ਭਲਾਈ ਦੇ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ, ਤਾਂ ਜੋ ਸਮੁੱਚੇ ਵਰਗ ਨੂੰ ਉਚਾ ਚੁੱਕਣ ਅਤੇ ਸਾਰਿਆਂ ਨੂੰ ਇਕ ਸਮਾਨ ਦਰਜਾ ਮਿਲ ਸਕੇ। ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਵੀ ਦਿੱਤੀਆਂ।

                       ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਆਮ ਪਰਿਵਾਰ ਵਿੱਚ ਜਨਮ ਲੈ ਕੇ ਉਚ ਕੋਟੀ ਦੇ ਵਿਦਵਾਨ ਬਣੇ। ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦਾ ਨਿਰਮਾਣ ਕਰਦੇ ਸਮੇਂ ਸਭ ਨੂੰ ਬਰਾਬਰ ਰੱਖਿਆ ਅਤੇ ਇਸਤਰੀ-ਪੁਰਸ਼ ਨੂੰ ਬਰਾਬਰ ਵੋਟ ਦਾ ਅਧਿਕਾਰ ਦਿਵਾਇਆ।

           ਇਸ ਮੌਕੇ 'ਤੇ ਐਸ.ਪੀ (ਐਚ) ਸ੍ਰੀ ਬਲਬੀਰ ਸਿੰਘ, ਆਈ.ਪੀ.ਐਸ. ਸ੍ਰੀ ਅੰਕੁਰ ਗੁਪਤਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਅਮਰਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਡੀ.ਐਸ.ਪੀ. (ਸਿਟੀ) ਸ੍ਰੀ ਸੁਖਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਡੀ.ਡੀ.ਪੀ.ਓ. ਸ੍ਰੀ ਸਰਬਜੀਤ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਮੋਹਨ ਸਿੰਘ ਲੇਹਲ, ਆਯੂਰਵੈਦਿਕ ਅਫ਼ਸਰ ਸ੍ਰੀ ਨਰੇਸ਼ ਕੁਮਾਰ ਮਾਹੀ ਸਮੇਤ ਭਾਰੀ ਸੰਖਿਆ ਵਿੱਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਬਾਬਾ ਸਾਹਿਬ ਦੀ ਤਸਵੀਰ 'ਤ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਬਾਲ ਪੀੜਤ ਅਤੇ ਨਾਬਾਲਗ ਮੁਲਜ਼ਮ ਦੀ ਪਛਾਣ ਉਜਾਗਰ ਨਾ ਕੀਤੀ ਜਾਵੇ : ਡਿਪਟੀ ਕਮਿਸ਼ਨਰ


  • ਕਿਹਾ, ਜੁਵੇਨਾਈਲ ਜਸਟਿਸ ਐਕਟ ਤਹਿਤ ਸਜ਼ਾ ਅਤੇ ਜ਼ੁਰਮਾਨੇ ਦਾ ਪ੍ਰਾਵਧਾਨ

ਹੁਸ਼ਿਆਰਪੁਰ, 12 ਅਪ੍ਰੈਲ :

                       ਕਿਸੇ ਵੀ ਨਾਬਾਲਗ ਪੀੜਤ ਅਤੇ ਨਾਬਾਲਗ ਮੁਲਜ਼ਮ ਦੀ ਪਛਾਣ ਮੀਡੀਆ ਰਿਪੋਰਟਾਂ ਵਿਚ ਜਨਤਕ ਨਾ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪਛਾਣ ਉਜਾਗਰ ਨਾ ਕਰਨ ਨਾਲ ਅਜਿਹੇ ਨਾਬਾਲਗਾਂ ਨੂੰ ਕਿਸੇ ਵੀ ਤਰ੍ਹਾਂ ਦੇ ਸੰਭਾਵੀ ਨੁਕਸਾਨ, ਭੇਦਭਾਵ ਅਤੇ ਬਦਲੇ ਦੀ ਕਾਰਵਾਈ ਆਦਿ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਸਮਾਨੀ ਸੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਪਛਾਣ ਜ਼ਾਹਰ ਕਰਨਾ ਜੁਵੇਨਾਇਲ ਜਸਟਿਸ ਐਕਟ-2015 ਅਤੇ ਪਾਸਕੋ ਐਕਟ-2012 ਦੇ ਪ੍ਰਾਵਧਾਨਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਦੀ ਉਲੰਘਣਾ 'ਤੇ ਸਜ਼ਾ ਜਾਂ ਜ਼ੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।

        ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ, ਪਿੰ੍ਰਟ ਮੀਡੀਆ,
ਆਨਲਾਈਨ ਮੀਡੀਆ ਜਾਂ ਕਿਸੇ ਹੋਰ ਪ੍ਰਚਾਰ ਸਾਧਨਾਂ ਨਾਲ ਜੁੜੇ ਵਿਅਕਤੀਆਂ ਨੂੰ ਉਕਤ ਕਾਨੂੰਨ ਬਾਰੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਅਜਿਹੇ ਬੱਚਿਆਂ ਦੀ ਪਛਾਣ ਉਜਾਗਰ ਹੋ ਜਾਂਦੀ ਹੈ ਤਾਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨੀ ਵਿਵਾਦਾਂ ਵਿੱਚ ਘਿਰੇ ਬੱਚੇ (ਪੀੜਤ), ਜਿਨ੍ਹਾਂ ਨਾਲ ਕੋਈ ਅਪਰਾਧ ਹੋਇਆ ਹੈ, ਤੋਂ ਇਲਾਵਾ ਉਹ ਬੱਚੇ (ਨਾਬਾਲਗ ਮੁਲਜ਼ਮ) ਜਿਨ੍ਹਾਂ ਨੂੰ ਸੁਰੱਖਿਆ ਅਤੇ ਸੰਭਾਲ ਦੀ ਲੋੜ ਹੈ, ਦੀ ਪਛਾਣ ਉਜਾਗਰ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਜੇਕਰ ਅਜਿਹੇ ਬੱਚਿਆਂ ਦੇ ਕੇਸ ਦੀ ਕਾਰਵਾਈ ਦੌਰਾਨ ਜਾਂ ਇਨਕੁਆਰੀ ਦੌਰਾਨ ਕੋਈ ਮੀਡੀਆ ਬੱਚੇ ਦੀ ਸ਼ਨਾਖਤ ਨੂੰ ਉਜਾਗਰ ਕਰਦਾ, ਤਾਂ ਉਸ ਖਿਲਾਫ਼ ਕਾਨੂੰਨ ਮੁਤਾਬਕ ਸਜ਼ਾ ਅਤੇ ਜ਼ੁਰਮਾਨੇ ਦਾ ਪ੍ਰਾਵਧਾਨ ਹੈ।


        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੁਵੇਨਾਈਲ ਜਸਟਿਸ (ਸੁਰੱਖਿਆ ਅਤੇ ਸੰਭਾਲ) ਐਕਟ-2015 ਤਹਿਤ ਕਿਸੇ ਵੀ ਅਖਬਾਰ, ਰਸਾਲੇ, ਨਿਊਜ਼ ਸ਼ੀਟ ਜਾਂ ਆਡਿਓ-ਵਿਜ਼ੁਅਲ ਮੀਡੀਆ ਜਾਂ ਸੰਚਾਰ ਦੇ ਹੋਰ ਸਾਧਨ ਵਿਚ ਕਿਸੇ ਜਾਂਚ ਜਾਂ ਨਿਆਇਕ ਪ੍ਰਕਿਰਿਆ ਬਾਰੇ ਛਪੀ ਜਾਂ ਵਿਖਾਈ ਗਈ ਰਿਪੋਰਟ ਵਿਚ ਸਬੰਧਤ ਬੱਚੇ ਦਾ ਨਾਂਅ, ਪਤਾ ਜਾਂ ਸਕੂਲ ਤੇ ਹੋਰ ਕੋਈ ਵੇਰਵਾ ਨਹੀਂ ਦਿੱਤਾ ਜਾਵੇਗਾ, ਜਿਸ ਨਾਲ ਉਸਦੀ ਪਛਾਣ ਜ਼ਾਹਰ ਹੋ ਸਕਦੀ ਹੋਵੇ ਅਤੇ ਨਾ ਹੀ ਅਜਿਹੇ ਕਿਸੇ ਬੱਚੇ ਦੀ ਤਸਵੀਰ ਛਾਪੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਦੀ ਉਲੰਘਣਾ 'ਤੇ 6 ਮਹੀਨੇ ਤੱਕ ਦੀ ਸਜ਼ਾ ਜਾਂ 2 ਲੱਖ ਰੁਪਏ ਜ਼ੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ।

        ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਆਫੈਂਸਸ ਐਕਟ-2012 (ਪਾਸਕੋ) ਤਹਿਤ ਵੀ ਕਿਸੇ ਵੀ ਮੀਡਆ ਰਿਪੋਰਟ ਵਿਚ ਅਜਿਹੇ ਕਿਸੇ ਬੱਚੇ ਦੀ ਪਛਾਣ ਨਹੀਂ ਦੱਸੀ ਜਾਵੇਗੀ, ਬਸ਼ਰਤੇ ਵਿਸ਼ੇਸ਼ ਅਦਾਲਤ ਲਿਖਤੀ ਤੌਰ 'ਤੇ ਇਜਾਜ਼ਤ ਦੇਵੇ, ਜੇ ਉਸਦੀ ਰਾਏ ਵਿਚ ਪਛਾਣ ਜ਼ਾਹਰ ਕਰਨਾ ਬੱਚੇ ਦੇ ਹਿੱਤ ਵਿਚ ਹੋਵੇ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਸਜ਼ਾ ਜਾਂ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਅਤੇ ਯੌਨ ਸੋਸ਼ਣ ਸਮੇਤ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਆਦਿ ਵੀ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਬੱਚੇ ਨਾਲ ਕੋਈ ਗਲਤ ਹਰਕਤ ਕਰਦਾ ਹੈ, ਤਾਂ ਤੁਰੰਤ ਇਸਦੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਹੁਸ਼ਿਆਰਪੁਰ ਦੇ ਲੈਂਡਲਾਈਨ ਨੰਬਰ 01882-236063, ਪੁਲਿਸ ਕੰਟਰੋਲ ਰੂਮ, ਬਾਲ ਭਲਾਈ ਕਮੇਟੀ ਅਤੇ ਚਾਈਲਡ ਹੈਲਪ ਲਾਈਨ ਨੰਬਰ 1098 'ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਬਾਲਿਕਾ ਮੰਚ ਦੀ ਸਥਾਪਨਾ ਵੀ ਕੀਤੀ ਗਈ ਹੈ, ਤਾਂ ਜੋ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲੜਕੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ।

ਸੌਭਾਗਿਆ' ਸਕੀਮ ਤਹਿਤ ਲੋੜਵੰਦਾਂ ਨੂੰ ਦਿੱਤੇ ਜਾਣਗੇ ਬਿਜਲੀ ਦੇ ਕੁਨੈਕਸ਼ਨ : ਡਿਪਟੀ ਕਮਿਸ਼ਨਰ

 
  • ਕਿਹਾ, ਯੋਜਨਾ ਦਾ ਲਾਭ ਲੈਣ ਲਈ 20 ਅਪ੍ਰੈਲ ਤੱਕ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰਾਂ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ ਫਾਰਮ

ਹੁਸ਼ਿਆਰਪੁਰ, 11 ਅਪ੍ਰੈਲ:

           ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਪ੍ਰਧਾਨ ਮੰਤਰੀ ਸਹਿਜ ਬਿਜਲੀ ਹਰ ਘਰ ਯੋਜਨਾ' (ਸੌਭਾਗਿਆ, ਐਸ.ਏ.ਯੂ.ਬੀ.ਐਚ.ਏ.ਜੀ.ਵਾਈ.ਏ.) ਰਾਹੀਂ ਲੋੜਵੰਦਾਂ ਤੱਕ ਬਿਜਲੀ ਕੁਨੈਕਸ਼ਨ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਤਹਿਤ ਜਿਨ੍ਹਾਂ ਘਰਾਂ ਵਿੱਚ ਕਿਸੇ ਕਾਰਨ ਵੀ ਅਜੇ ਤੱਕ ਬਿਜਲੀ ਦਾ ਕੁਨੈਕਸ਼ਨ ਨਹੀਂ ਮਿਲਿਆ ਹੈ , ਉਹ 20 ਅਪ੍ਰੈਲ ਤੱਕ ਪੰਜਾਬ ਰਾਜ ਬਿਜਲੀ ਬੋਰਡ (ਪੀ.ਐਸ.ਪੀ.ਸੀ.ਐਲ.) ਦੇ ਸਬ ਡਵੀਜਨਾਂ ਵਿੱਚ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 'ਪ੍ਰਧਾਨ ਮੰਤਰੀ ਸਹਿਜ ਬਿਜਲੀ ਹਰ ਘਰ ਯੋਜਨਾ' ਰਾਹੀਂ ਦੇਸ਼ ਦੇ ਹਰ ਘਰ ਤੱਕ ਬਿਜਲੀ ਪਹੁੰਚਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ।

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਜ਼ਰੂਰਤਮੰਦ ਘਰ ਤੱਕ
ਬਿਜਲੀ ਕੁਨੈਕਸ਼ਨ ਪਹੁੰਚਾਉਣ ਲਈ ਸਾਲ 2011 ਦੇ ਸਮਾਜਿਕ, ਆਰਥਿਕ ਅਤੇ ਜਾਤੀ ਜਨਗਣਨਾ ਨੂੰ ਆਧਾਰ ਮੰਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਜ਼ਰੂਰਤਮੰਦਾਂ ਦਾ ਇਸ ਸੂਚੀ ਵਿੱਚ ਨਾਮ ਨਹੀਂ ਹੈ, ਉਹ ਵੀ ਮਹਿਜ਼ 500 ਰੁਪਏ ਵਿੱਚ ਆਪਣਾ ਕੁਨੈਕਸ਼ਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਰੂਰਤਮੰਦਾਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ 500 ਰੁਪਏ ਦੀ ਇਹ ਰਾਸ਼ੀ 10 ਅਸਾਨ ਕਿਸ਼ਤਾਂ ਵਿੱਚ ਅਦਾ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਹਰ ਜ਼ਰੂਰਤਮੰਦ ਘਰ ਤੱਕ ਪਿੰਡਾਂ ਅਤੇ ਦੂਰ ਦਰਾਜ਼ ਖੇਤਰਾਂ ਵਿੱਚ ਬਿਜਲੀ ਕੁਨੈਕਸ਼ਨ ਪਹੁੰਚਾਉਣ ਲਈ ਦਸੰਬਰ 2018 ਦਾ ਟੀਚਾ ਰੱਖਿਆ ਗਿਆ ਹੈ। ਇਸ ਮਿਥੇ ਸਮੇਂ ਤੱਕ ਹਰ ਘਰ ਵਿੱਚ ਬਿਜਲੀ ਕੁਨੈਕਸ਼ਨ ਪਹੁੰਚਾਉਣ ਲਈ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ।


             ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਕੇਵਲ ਜ਼ਰੂਰਤਮੰਦਾਂ ਘਰਾਂ ਵਿੱਚ ਬਿਜਲੀ ਦਾ ਕੁਨੈਕਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਘਰ ਬਿਜਲੀ ਵਿਭਾਗ ਵਲੋਂ ਕਿਸੇ ਕਾਰਨ ਡਿਫਾਲਟਰ ਕਰਾਰ ਦਿੱਤੇ ਗਏ ਹਨ, ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਉਨ੍ਹਾਂ ਜ਼ਰੂਰਤਮੰਦ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਅਨੁਸਾਰ ਬਿਜਲੀ ਕੁਨੈਕਸ਼ਨ ਲੈਣ ਲਈ ਆਪਣਾ ਵੋਟਰ ਕਾਰਡ, ਪੈਨ ਕਾਰਡ, ਆਧਾਰ ਕਾਰਡ, ਪਹਿਚਾਣ ਪੱਤਰ ਅਤੇ ਫੋਟੋ, ਬੈਂਕ  ਖਾਤੇ ਦੀ ਕਾਪੀ ਅਤੇ ਡਰਾਈਵਿੰਗ ਲਾਈਸੰਸ ਵਿਚੋਂ ਕੋਈ ਦਸਤਾਵੇਜ਼ ਲੈ ਕੇ ਪੀ.ਐਸ.ਪੀ.ਸੀ.ਐਲ. ਦੇ ਲੋਕਲ ਅਤੇ ਸਬ ਡਵੀਜ਼ਨ ਦਫ਼ਤਰਾਂ ਵਿੱਚ ਪਹੁੰਚ ਕਰ ਸਕਦੇ ਹਨ।

ਸਮਰਪਣ' ਨੂੰ ਸਮਰਪਿਤ ਹੋਣ ਵਾਲੇ ਦਾਨੀ-ਸੱਜਣਾਂ ਦੀ ਗਿਣਤੀ 15 ਹਜ਼ਾਰ ਤੋਂ ਟੱਪੀ



  • ਸਾਂਝੀ ਰਸੋਈ' 'ਚ ਖਾਣਾ ਖਾਣ ਵਾਲੇ ਵਿਅਕਤੀਆਂ ਦੀ ਗਿਣਤੀ 1 ਲੱਖ ਤੋਂ ਵੱਧ ਹੋਈ
  • ਹਲਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਅਤੇ ਡਾ. ਰਾਜ ਕੁਮਾਰ ਬਣੇ ਸਮਰਪਣ ਦੇ ਮੈਂਬਰ
  • ਸਮਰਪਣ' ਪ੍ਰੋਜੈਕਟ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਨਿਵੇਕਲੀ ਪਹਿਲ : ਅਰੋੜਾ, ਡਾ. ਰਾਜ ਕੁਮਾਰ
  • ਦਾਨੀ-ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੀ ਬਦਲੇਗੀ ਨੁਹਾਰ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 10 ਅਪ੍ਰੈਲ :

                       ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੂੰ ਦਿਨੋਂ-ਦਿਨ ਕਾਮਯਾਬੀ ਮਿਲ ਰਹੀ ਹੈ, ਜਿਸ ਸਦਕਾ ਹੁਣ ਤੱਕ 15 ਹਜ਼ਾਰ ਤੋਂ ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ। ਇਨ੍ਹਾਂ ਮੈਂਬਰਾਂ ਵਿਚ ਜਿੱਥੇ ਐਨ.ਆਰ.ਆਈਜ਼, ਮੰਤਰੀ ਸਹਿਬਾਨ, ਹਲਕਾ ਵਿਧਾਇਕ, ਪੱਤਰਕਾਰ ਸਹਿਬਾਨ ਸ਼ਾਮਿਲ ਹਨ, ਉਥੇ ਆਮ ਜਨਤਾ, ਅਧਿਆਪਕ ਵਰਗ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਾਚਾਰੀ ਵੀ ਸ਼ਾਮਿਲ ਹਨ।

             ਹਲਕਾ ਵਿਧਾਇਕ ਹੁਸ਼ਿਆ੍ਰਪੁਰ ਸ਼੍ਰੀ ਸੁੰਦਰ ਸ਼ਾਮ ਅਰੋੜਾ ਅਤੇ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵੀ ਸਮਰਪਣ ਦੇ ਮੈਂਬਰ ਬਣ ਗਏ ਹਨ। ਸਮਰਪਣ ਦੀ ਮੈਂਬਰਸ਼ਿਪ
'ਤੇ ਖੁਸ਼ੀ ਜ਼ਾਹਿਰ ਕਰਦਿਆਂ ਸ਼੍ਰੀ ਅਰੋੜਾ ਅਤੇ ਡਾ. ਰਾਜ ਕੁਮਾਰ ਨੇ ਕਿਹਾ ਕਿ ਇਹ ਪ੍ਰੋਜੈਕਟ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਨਿਵੇਕਲੀ ਪਹਿਲ ਹੈ ਅਤੇ ਵੱਧ ਤੋਂ ਵੱਧ ਦਾਨੀ-ਸੱਜਣਾਂ ਨੂੰ ਸਮਰਪਣ ਦੇ ਮੈਂਬਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਂਝੀ ਰਸੋਈ ਪ੍ਰੋਜੈਕਟ ਨੂੰ ਵੀ ਬਹੁਤ ਵਧੀਆ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।  


             ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸਮਰਪਣ ਪ੍ਰੋਜੈਕਟ ਬਾਰੇ ਦੱਸਦਿਆਂ ਕਿਹਾ ਕਿ ਦਾਨੀ-ਸੱਜਣਾਂ ਦੇ ਸਹਿਯੋਗ ਨਾਲ 'ਸਮਰਪਣ' ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦਾਨੀ-ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਦੱਸਿਆ ਕਿ 15 ਹਜ਼ਾਰ ਤੋਂ ਵੱਧ ਵਿਅਕਤੀ 'ਸਮਰਪਣ' ਦੇ ਮੈਂਬਰ ਬਣ ਚੁੱਕੇ ਹਨ ਅਤੇ ਇਹ ਪ੍ਰੋਜੈਕਟ ਇਕ ਜਨ ਮੁਹਿੰਮ ਦਾ ਰੂਪ ਧਾਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਮੈਂਬਰ ਬਣਾਏ ਜਾ ਰਹੇ ਹਨ ਅਤੇ ਦਾਨੀ-ਸੱਜਣਾਂ ਦੇ ਸਹਿਯੋਗ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣ 'ਸਮਰਪਣ' ਤਹਿਤ ਰੋਜ਼ਾਨਾ ਇਕ ਰੁਪਏ ਦੇ ਹਿਸਾਬ ਨਾਲ 365 ਰੁਪਏ ਦਾ ਯੋਗਦਾਨ ਪਾ ਸਕਦੇ ਹਨ।

           'ਸਾਂਝੀ ਰਸੋਈ' ਪ੍ਰੋਜੈਕਟ ਬਾਰੇ ਦੱਸਦਿਆਂ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹੁਣ ਤੱਕ 'ਸਾਂਝੀ ਰਸੋਈ' ਵਿੱਚ 1,12,202 ਵਿਅਕਤੀ ਕੇਵਲ 10 ਰੁਪਏ ਵਿੱਚ ਪੌਸ਼ਟਿਕ ਖਾਣਾ ਖਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਇਸ ਪ੍ਰੋਜੈਕਟ ਲਈ 430 ਦਾਨੀ ਸੱਜਣਾਂ ਵਲੋਂ ਸਹਿਯੋਗ ਦਿੱਤਾ ਗਿਆ ਹੈ, ਜਦਕਿ 185 ਦਾਨੀ ਸੱਜਣਾਂ ਵਲੋਂ ਆਪਣੇ ਵਿਸ਼ੇਸ਼ ਦਿਨ 'ਸਾਂਝੀ ਰਸੋਈ' ਵਿੱਚ ਬੁੱਕ ਕਰਵਾ ਕੇ ਮਨਾਏ ਗਏ ਹਨ। ਉਨ੍ਹਾਂ ਦੱਸਿਆ ਕਿ ਦਾਨੀ ਸੱਜਣਾਂ ਵਲੋਂ ਕਰੀਬ 25,05,770 ਰੁਪਏ ਦਾ ਯੋਗਦਾਨ ਦਿੱਤਾ ਜਾ ਚੁੱਕਾ ਹੈ, ਜਿਸ ਨਾਲ ਲੋੜਵੰਦ ਵਿਅਕਤੀਆਂ ਨੂੰ ਰੋਜ਼ਾਨਾ ਦੁਪਹਿਰ ਦਾ ਭੋਜਨ ਕੇਵਲ 10 ਰੁਪਏ ਵਿੱਚ ਖੁਆਇਆ ਜਾ ਰਿਹਾ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾਉਣ 'ਤੇ ਲਗਾਈ ਪਾਬੰਦੀ


  • ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਨਾ ਕੱਟਣ ਦੇ ਵੀ ਜਾਰੀ ਕੀਤੇ ਹੁਕਮ

ਹੁਸ਼ਿਆਰਪੁਰ, 6 ਅਪ੍ਰੈਲ:

          ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਪੁਲ ਉਜਵਲ ਨੇ ਵੱਖ-ਵੱਖ ਹੁਕਮਾਂ ਤਹਿਤ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾ ਕੇ ਸਾੜਨ  ਅਤੇ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਲਗਾ ਦਿੱਤੀ ਹੈ।

                    ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਵਿਪੁਲ ਉਜਵਲ ਨੇ ਜਾਰੀ ਕੀਤੇ ਪਹਿਲੇ ਹੁਕਮ ਵਿਚ ਕਿਹਾ ਕਿ ਸਾਲ 2018 ਦਾ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਦੇਖਣ ਵਿੱਚ ਆਉਂਦਾ ਹੈ ਕਿ ਕਣਕ ਦੇ ਨਾੜ ਨੂੰ ਸਬੰਧਤ ਮਾਲਕਾਂ ਵਲੋਂ ਅੱਗ ਲਾਉਣ ਦੀ ਪ੍ਰਥਾ ਹੋਣ ਕਰਕੇ ਰਹਿੰਦ-ਖੂਹੰਦ/ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਰਹਿੰਦਾ ਹੈ ਅਤੇ ਪ੍ਰਦੂਸ਼ਣ ਨਾਲ ਸਾਹ ਦੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ।  ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਲਈ ਉਪਯੋਗੀ ਜੀਵਕ ਮਾਦਾ ਨੂੰ ਵੀ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟ ਜਾਂਦੀ ਹੈ। ਇਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ 'ਤੇ ਅਸਰ ਦੇਸ਼ ਦੇ ਉਤਪਾਦਨ 'ਤੇ ਪੈਂਦਾ ਹੈ। ਇਸ ਦੇ ਮੱਦੇ ਨਜ਼ਰ ਜ਼ਿਲ੍ਹੇ ਵਿੱਚ ਫ਼ਸਲ ਦੀ ਰਹਿੰਦ-ਖੂਹੰਦ/ ਨਾੜ ਨੂੰ ਅੱਗ ਲਾ ਕੇ ਸਾੜਨ 'ਤੇ ਪਾਬੰਦੀ ਲਗਾਈ ਜਾਂਦੀ ਹੈ।

                ਦੂਜੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਇਹ ਵੇਖਣ ਵਿੱਚ ਆਉਂਦਾ ਹੈ ਕਿ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿੱਚ ਨਮੀ ਸਰਕਾਰ ਦੀ ਨਿਰਧਾਰਤ ਮਾਪਦੰਡਾ ਤੋਂ ਵਧਣ ਦੀ ਸੰਭਾਵਨਾਂ ਹੁੰਦੀ ਹੈ ਅਤੇ ਖਰੀਦ ਏਜੰਸੀਆਂ ਕਣਕ ਨੂੰ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਲਈ ਮੰਡੀਆਂ ਵਿੱਚ ਬਿਨ੍ਹਾਂ ਵਜ੍ਹਾ ਖੱਜਲ ਹੋਣਾ ਪੈਂਦਾ ਹੈ। ਇਹ ਦੋਵੇ ਹੁਕਮ 29 ਮਈ 2018 ਤੱਕ ਲਾਗੂ ਰਹਿੰਣਗੇ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)