- ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਤਹਿਤ ਕੀਤੀ ਮੀਟਿੰਗ
ਹੁਸ਼ਿਆਰਪੁਰ, 26 ਮਾਰਚ:
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਬੱਚੀਆਂ ਦੇ ਜਿਣਸੀ ਅਪਰਾਧਾਂ ਤੋਂ ਸੁਰੱਖਿਆ ਐਕਟ-2012 ਸਬੰਧੀ ਵੱਧ ਤੋਂ ਵੱਧ ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰ ਲਗਾ ਕੇ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ ਜਾਵੇ। ਉਹ ਅੱਜ ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੱਚੀਆਂ ਦੇ ਜਿਣਸੀ ਅਪਰਾਧਾਂ ਤੋਂ ਸੁਰੱਖਿਆ ਐਕਟ ਸਬੰਧੀ ਇਕ ਕਿਤਾਬਚਾ ਵੀ ਰਿਲੀਜ਼ ਕੀਤਾ। ਬੈਠਕ ਦੌਰਾਨ ਅਧਿਕਾਰੀਆਂ ਅਤੇ ਐਨ.ਜੀ.ਓਜ਼. ਨੂੰ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ
ਬੱਚਿਆਂ ਦੇ ਜਿਣਸੀ ਅਪਰਾਧਾਂ ਤੋਂ ਸੁਰੱਖਿਆ ਐਕਟ 2012 ਸਬੰਧੀ ਸੰਖੇਪ ਨਾਲ ਜਾਣਕਾਰੀ ਦੇਣ ਲਈ ਇਕ ਕਿਤਾਬਚਾ ਰਿਲੀਜ਼ ਕੀਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕਿਤਾਬਚਾ ਵਿੱਚ ਬਾਲ ਯੌਨ ਸ਼ੋਸ਼ਣ, ਇਸ ਸਬੰਧੀ ਸੰਪਰਕ ਨੰਬਰਾਂ ਤੇ ਸੂਚਨਾ ਦੇਣ, ਜਿਣਸੀ ਦੁਰਵਿਵਹਾਰ ਅਤੇ ਐਕਟ ਦੇ ਪ੍ਰਭਾਵ ਸਮੇਤ ਵੱਖ-ਵੱਖ ਧਾਰਾਵਾਂ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਖੇਪ ਕਿਤਾਬਚਾ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ, ਥਾਣਿਆਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਵੰਡਿਆ ਜਾਵੇ, ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਆਪਣੇ ਅਧਿਕਾਰਾਂ ਅਤੇ ਜਿਣਸੀ ਅਪਰਾਧਾਂ ਤੋਂ ਬਚਾਵ ਸਬੰਧੀ ਮੁੱਢਲੀ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਬਾਲਿਕਾ ਮੰਚ ਦੀ ਸਥਾਪਨਾ ਨੂੰ ਬਣਾਉਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਬਾਲਿਕਾ ਮੰਚ ਦੀਆਂ ਅਹੁਦੇਦਾਰ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਕਿਸ਼ੋਰ ਅਵਸਥਾ ਵਿੱਚੋਂ ਲੰਘ ਰਹੀਆਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਪ੍ਰਦਾਨ ਕਰਨ।
ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਕਿਸ਼ੋਰ ਅਵਸਥਾ ਵਿੱਚੋਂ ਗੁਜ਼ਰ ਰਹੀਆਂ ਲੜਕੀਆਂ ਨੂੰ ਮੁੱਢਲੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਸਮੇਂ ਦੌਰਾਨ ਗਿਆਨ ਨਾਲ ਹੀ ਲੜਕੀਆਂ ਸਵੱਸਥ ਜੀਵਨ ਬਤੀਤ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਸੈਨੀਟਰ ਪੈਡ ਸਬੰਧੀ ਬੱਚੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਨੇ ਕਿਸ਼ੋਰੀਆਂ ਲਈ ਸੰਤੁਲਤ ਭੋਜਨ ਦੀ ਮਹੱਤਤਾ, ਸਰੀਰਕ ਅਤੇ ਮਾਨਸਿਕ ਬਦਲਾਵਾਂ ਦੌਰਾਨ ਸਰੀਰਕ ਸੰਭਾਲ, ਮਹਾਵਾਰੀ ਬਾਰੇ ਗਲਤ ਵਿਚਾਰਧਰਾਵਾਂ, ਲੜਕੀਆਂ ਦੇ ਅਧਿਕਾਰਾਂ ਅਤੇ ਘਰੇਲੂ ਹਿੰਸਾ ਵਿਸ਼ਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਡੀ.ਐਸ.ਪੀ.(ਐਚ) ਸ੍ਰੀ ਜੰਗ ਬਹਾਦਰ , ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment