- ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੇ 'ਸਮਰਪਣ ਪ੍ਰੋਜੈਕਟ' ਦੀ ਕੀਤੀ ਸ਼ਲਾਘਾ
- ਡਿਪਟੀ ਕਮਿਸ਼ਨਰ ਨੇ ਪ੍ਰਗਟਾਇਆ ਧੰਨਵਾਦ
ਹੁਸ਼ਿਆਰਪੁਰ, 24 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੇ 'ਸਮਰਪਣ ਪ੍ਰੋਜੈਕਟ' ਨੂੰ ਉਦੋਂ ਹੋਰ ਬਲ ਮਿਲਿਆ, ਜਦੋਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਵੀ ਸਮਰਪਣ ਦੇ ਮੈਂਬਰ ਬਣ ਗਏ। ਪਿਛਲੇ ਦਿਨੀਂ ਹੁਸ਼ਿਆਪੁਰ ਜ਼ਿਲ੍ਹੇ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਸਮਰਪਣ ਮੈਂਬਰਸ਼ਿਪ ਦੀ ਰਸੀਦ ਸੌਂਪੀ। ਇਸ ਮੌਕੇ ਸਮਰਪਣ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਦਾਨੀ-ਸੱਜਣਾਂ ਦੇ ਸਹਿਯੋਗ ਨਾਲ ਕੀਤੇ ਜਾਂਦੇ ਅਜਿਹੇ ਉਪਰਾਲਿਆਂ ਨਾਲ ਸਮਾਜਿਕ ਤੰਦਾਂ ਹੋਰ ਮਜ਼ਬੂਤ ਹੁੰਦੀਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਦੀ ਤਾਰੀਫ ਕਰਦਿਆਂ ਕਿਹਾ
ਕਿ 'ਸਮਰਪਣ ਪ੍ਰੋਜੈਕਟ' ਸੂਬੇ ਵਿਚੋਂ ਇਕ ਨਿਵੇਕਲੀ ਪਹਿਲ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸ਼ੁਰੂ ਕੀਤੇ ਗਏ 'ਸਮਰਪਣ ਪ੍ਰੋਜੈਕਟ' ਨੂੰ ਦਿਨੋਂ-ਦਿਨ ਕਾਮਯਾਬੀ ਮਿਲ ਰਹੀ ਹੈ, ਜਿਸ ਸਦਕਾ ਹੁਣ ਤੱਕ 15 ਹਜ਼ਾਰ ਤੋਂ ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ। ਇਨ੍ਹਾਂ ਮੈਂਬਰਾਂ ਵਿਚ ਜਿੱਥੇ ਐਨ.ਆਰ.ਆਈਜ਼, ਮੰਤਰੀ ਸਹਿਬਾਨ, ਹਲਕਾ ਵਿਧਾਇਕ, ਪੱਤਰਕਾਰ ਸਹਿਬਾਨ ਸ਼ਾਮਿਲ ਹਨ, ਉਥੇ ਆਮ ਜਨਤਾ, ਅਧਿਆਪਕ ਵਰਗ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਾਚਾਰੀ ਵੀ ਸ਼ਾਮਿਲ ਹਨ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਾਨੀ-ਸੱਜਣਾਂ ਦੇ ਸਹਿਯੋਗ ਨਾਲ 'ਸਮਰਪਣ' ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 15 ਹਜ਼ਾਰ ਤੋਂ ਵੱਧ ਦਾਨੀ-ਸੱਜਣ 'ਸਮਰਪਣ' ਦੇ ਮੈਂਬਰ ਬਣ ਚੁੱਕੇ ਹਨ ਅਤੇ ਇਹ ਪ੍ਰੋਜੈਕਟ ਇਕ ਜਨ ਮੁਹਿੰਮ ਦਾ ਰੂਪ ਧਾਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਮੈਂਬਰ ਬਣਾਏ ਜਾ ਰਹੇ ਹਨ ਅਤੇ ਦਾਨੀ-ਸੱਜਣਾਂ ਦੇ ਸਹਿਯੋਗ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣ 'ਸਮਰਪਣ' ਤਹਿਤ ਰੋਜ਼ਾਨਾ ਇਕ ਰੁਪਏ ਦੇ ਹਿਸਾਬ ਨਾਲ 365 ਰੁਪਏ ਦਾ ਯੋਗਦਾਨ ਪਾ ਸਕਦੇ ਹਨ।
ਉਧਰ ਦਾਨੀ-ਸੱਜਣਾਂ ਨੇ ਵੀ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਇਹ ਉਪਰਾਲਾ ਬਹੁਤ ਹੀ ਵਧੀਆ ਹੈ, ਕਿਉਂਕਿ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਸਾਲ ਦੇ ਕੇਵਲ 365 ਰੁਪਏ ਦਾਨ ਕਰਨ ਨਾਲ ਹੀ ਸਮਰਪਣ ਨਾਲ ਜੁੜਿਆ ਜਾ ਸਕਦਾ ਹੈ।
No comments:
Post a Comment