- ਮੀਟਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ , 13 ਅਪ੍ਰੈਲ ( ) :
ਮੰਡੀਆਂ ਵਿਚੋਂ ਕਣਕ ਦੇ ਇੱਕ-ਇੱਕ ਦਾਣੇ ਨੂੰ ਚੁੱਕਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦੇ ਹੋਏ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਵਿਪੁਲ ਉਜਵਲ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਖਿਆ ਹੈ। ਜ਼ਿਲ੍ਹੇ ਵਿਚ ਕਣਕ ਦੇ ਰੱਬੀ ਸੀਜ਼ਨ 2018-19 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਗਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਣਕ ਦੀ ਫਸਲ ਨੂੰ ਮੰਡੀਆਂ ਵਿਚੋਂ ਸਮੇਂ-ਸਿਰ ਚੁੱਕਿਆ ਜਾਵੇ ਅਤੇ ਕਿਸਾਨਾਂ ਨੂੰ ਬਣਦੀ ਰਕਮ ਸਮੇਂ-ਸਿਰ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਐਸ.ਡੀ.ਐਮਜ਼ ਆਪੋ-ਆਪਣੇ ਅਧਿਕਾਰਤ ਖੇਤਰ ਵਿਚ ਆਉਂਦੀਆਂ ਮੰਡੀਆਂ ਦੀ ਨਿਗਰਾਨੀ ਕਰਨਗੇ। ਨਾਲ ਹੀ ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਫ਼ਸਲ ਸੰਭਾਲਣ, ਮੰਡੀ ਦੇ ਰਖ-ਰਖਾਅ ਅਤੇ ਸਾਫ਼-ਸਫਾਈ ਲਈ ਸੁਚੱਜੇ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਮੰਡੀ ਵਿਚ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੀਣ ਵਾਲਾ ਪਾਣੀ ਅਤੇ ਝੋਨੇ ਦਾ ਮਿਆਰ ਚੈੱਕ ਕਰਨ ਲਈ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਇਸ ਸਾਲ 3,28,554 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਦੀ ਆਸ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਨੇ ਵੱਖ-ਵੱਖ ਖਰੀਦ ਏਜੰਸੀਆਂ ਜਿਨ੍ਹਾਂ ਵਿਚ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਵੇਅਰ ਹਾਉਸਿੰਗ ਕਾਰਪੋਰੇਸ਼ਨ, ਪੰਜਾਬ ਐਗਰੋ ਅਤੇ ਐਫ਼.ਸੀ.ਆਈ ਸ਼ਾਮਲ ਹੈ, ਨੂੰ ਪਹਿਲਾਂ ਹੀ ਉਨ੍ਹਾਂ ਦਾ ਨਿਰਧਾਰਿਤ ਕੋਟਾ ਅਲਾਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਖਰੀਦ ਲਈ 62 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਇਨ੍ਹਾਂ ਖਰੀਦ ਕੇਂਦਰਾਂ ਵਿਚ ਬਾਰਦਾਨੇ ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਹੈ।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪਿਛਲੇ ਸਾਲ ਕੁੱਲ 2,98,696 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ, ਜਿਸ ਵਿਚੋਂ ਖਰੀਦ ਏਜੰਸੀਆਂ ਵਲੋਂ 2,85,727 ਮੀਟਰਕ ਟਨ, ਜਦਕਿ ਵਪਾਰੀਆਂ ਵਲੋਂ 12,969 ਮੀਟਰਕ ਟਨ ਪ੍ਰਾਈਵੇਟ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ, ਬਲਕਿ ਖੇਤਾਂ ਵਿਚ ਹੀ ਦਬਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਦਸੂਹਾ ਸ਼੍ਰੀ ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਡੀ.ਐਫ.ਐਸ.ਸੀ. ਸ਼੍ਰੀਮਤੀ ਰਜਨੀਸ਼ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
No comments:
Post a Comment