- ਕਿਸਾਨਾਂ ਨੂੰ ਕਣਕ ਦੀ ਪਰਾਲੀ/ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ
- ਹੁਣ ਤੱਕ ਖਰੀਦੀ ਜਾ ਚੁੱਕੀ ਹੈ 1 ਲੱਖ 70 ਹਜ਼ਾਰ 979 ਮੀਟਰਕ ਟਨ ਕਣਕ
- ਆੜ੍ਹਤੀਆਂ ਨੂੰ ਕੀਤੀ ਗਈ 203.27 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ
ਹੁਸ਼ਿਆਰਪੁਰ , 27 ਅਪ੍ਰੈਲ ( ) :
ਮੰਡੀਆਂ ਵਿਚੋਂ ਕਣਕ ਦੀ ਨਿਰਵਿਘਨ ਖਰੀਦ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਵਿਪੁਲ ਉਜਵਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਦੀ ਖੱਜਲ-ਖੁਆਰੀ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤੀ ਜਾਵੇਗੀ। ਉਹ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਬੰਧਤ ਅਧਿਕਾਰੀਆਂ ਕੋਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਖਰੀਦ ਦੌਰਾਨ ਕਿਸਾਨਾਂ ਨੂੰ ਅਦਾਇਗੀ, ਲਿਫਟਿੰਗ ਅਤੇ ਬਾਰਦਾਨੇ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾਲ ਜੂਝਣ ਨਹੀਂ ਦਿੱਤਾ ਜਾਵੇਗਾ।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਇਸ ਵਾਰ ਟ੍ਰਾਂਸਪੋਰਟੇਸ਼ਨ ਟੈਂਡਰ ਪ੍ਰਕਿਰਿਆ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਲਿਆ ਕੇ, ਰਾਜ ਨੂੰ ਢੋਆ-ਢੁਆਈ ਵਿੱਚ ਪੈਂਦੇ ਘਾਟੇ ਨੂੰ ਪੂਰਾ ਕਰਨ ਦਾ ਯਤਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ, ਬਲਕਿ ਖੇਤਾਂ ਵਿਚ ਹੀ ਦਬਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਦੱਸਿਆ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 62 ਮੰਡੀਆਂ ਵਿੱਚ ਹੁਣ ਤੱਕ 1 ਲੱਖ 72 ਹਜ਼ਾਰ 210 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ 1 ਲੱਖ 70 ਹਜ਼ਾਰ 979 ਮੀਟਰਕ ਟਨ ਕਣਕ ਦੀ ਖਰੀਦ ਵੱਖ-ਵੱਖ ਏਜੰਸੀਆਂ ਵਲੋਂ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 36,063 ਮੀਟਰਕ ਟਨ, ਮਾਰਕਫੈਡ ਵਲੋਂ 32,917 ਮੀਟਰਕ ਟਨ, ਪਨਸਪ ਵਲੋਂ 28,404 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 21,768 ਮੀਟਰਕ ਟਨ, ਪੰਜਾਬ ਐਗਰੋ ਵਲੋਂ 14,185 ਮੀਟਰਕ ਟਨ, ਐਫ.ਸੀ.ਆਈ ਵਲੋਂ 36,855 ਮੀਟਰਕ ਟਨ, ਜਦਕਿ ਵਪਾਰੀਆਂ ਵਲੋਂ ਪ੍ਰਾਈਵੇਟ ਤੌਰ 'ਤੇ 787 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਸ਼੍ਰੀ ਵਿਪੁਲ ਉਜਵਲ ਨੇ ਸਬੰਧਤ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰਤ ਖੇਤਰ ਵਿਚ ਆਉਂਦੀਆਂ ਮੰਡੀਆਂ ਦੀ ਲਗਾਤਾਰ ਨਿਗਰਾਨੀ ਰੱਖਣ ਲਈ ਆਖਿਆ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 203.27 ਕਰੋੜ ਰੁਪਏ (100 ਫੀਸਦੀ) ਕਣਕ ਦੀ ਅਦਾਇਗੀ ਵੀ ਆੜ੍ਹਤੀਆਂ ਨੂੰ ਕਰ ਦਿੱਤੀ ਗਈ ਹੈ, ਜਦਕਿ ਕਰੀਬ 70 ਫੀਸਦੀ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਾਲ 3,28,554 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਦੀ ਆਸ ਹੈ। ਪਿਛਲੇ ਸਾਲ ਕੁੱਲ 2,98,696 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ, ਜਿਸ ਵਿਚੋਂ ਖਰੀਦ ਏਜੰਸੀਆਂ ਵਲੋਂ 2,85,727 ਮੀਟਰਕ ਟਨ, ਜਦਕਿ ਵਪਾਰੀਆਂ ਵਲੋਂ 12,969 ਮੀਟਰਕ ਟਨ ਪ੍ਰਾਈਵੇਟ ਖਰੀਦ ਕੀਤੀ ਗਈ ਸੀ।
No comments:
Post a Comment