- ਹਲਕਾ ਵਿਧਾਇਕ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਅੰਤਿਮ ਸਸਕਾਰ 'ਚ ਹੋਏ ਸ਼ਾਮਲ
ਹੁਸ਼ਿਆਰਪੁਰ, 4 ਅਪ੍ਰੈਲ:
ਇਰਾਕ ਵਿੱਚ ਮਾਰੇ ਗਏ ਪਿੰਡ ਜੈਤਪੁਰ ਨਿਵਾਸੀ ਗੁਰਦੀਪ ਸਿੰਘ ਪੁੱਤਰ ਸ੍ਰੀ ਮੁਖਤਿਆਰ ਸਿੰਘ ਦਾ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਹ ਆਪਣੇ ਪਿੱਛੇ ਮਾਤਾ ਸੁਰਿੰਦਰ ਕੌਰ, ਪਤਨੀ ਅਨੀਤਾ ਰਾਣੀ ਜਿਸ ਦੀ ਉਮਰ 26, ਦੋ ਬੱਚੇ ਲੜਕੀ ਅੰਕਿਤਾ ਉਮਰ (7 ਸਾਲ), ਲੜਕਾ ਅਰਸ਼ਪ੍ਰੀਤ ਸਿੰਘ ਉਮਰ (4 ਸਾਲ) ਅਤੇ ਦੋ ਭਰਾ ਛੱਡ ਗਏ ਹਨ। ਗੌਰਤਲਬ ਹੈ ਕਿ ਪਿਛਲੇ ਦਿਨੀਂ ਇਰਾਕ ਵਿੱਚ ਮਾਰੇ ਗਏ 39 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਲੈ ਕੇ ਵਿਦੇਸ਼ ਰਾਜ ਮੰਤਰੀ ਜਨਰਲ ਵੀ.ਕੇ. ਸਿੰਘ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਅੰਮ੍ਰਿਤਸਰ ਵਿਖੇ ਪੁੱਜੇ ਸਨ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਜ਼ਿਲ੍ਹੇ ਨਾਲ ਸਬੰਧਤ 2 ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਹੁਸ਼ਿਆਰਪੁਰ ਲਿਆਂਦੀਆਂ ਗਈਆਂ ਸਨ।
ਗੁਰਦੀਪ ਸਿੰਘ ਦੇ ਅੰਤਿਮ ਸਸਕਾਰ ਵਿੱਚ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਤਹਿਸੀਲਦਾਰ ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ, ਨਾਇਬ ਤਹਿਸਲੀਦਾਰ ਗੜ੍ਹਸ਼ੰਕਰ ਸ੍ਰੀ ਜਸਵੀਰ ਕੁਮਾਰ, ਨਾਇਬ ਤਹਿਸੀਲਦਾਰ ਮਾਹਿਲਪੁਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਮ੍ਰਿਤਕ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਕਿਹਾ ਕਿ ਬੇਹੱਦ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰਕ ਮੈਂਬਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਰਾਕ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਲਈ ਕਾਫ਼ੀ ਗੰਭੀਰ ਹਨ ਅਤੇ ਇਸੇ ਗੰਭੀਰਤਾ ਸਦਕਾ ਹੀ ਪੰਜਾਬ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਯੋਗਤਾ ਮੁਤਾਬਿਕ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਇਸ ਪਰਿਵਾਰ ਨੂੰ ਕਰੀਬ 20 ਹਜ਼ਾਰ ਰੁਪਏ ਪੈਨਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਮੰਗ ਵੀ ਕੀਤੀ ਗਈ ਹੈ।
ਇਸ ਮੌਕੇ ਸਾਬਕਾ ਮੰਤਰੀ ਸ੍ਰ. ਸੋਹਣ ਸਿੰਘ ਠੰਡਲ, ਨਾਇਬ ਤਹਿਸੀਲਦਾਰ ਸ੍ਰੀ ਪਵਨ ਕੁਮਾਰ, ਬੀ.ਡੀ.ਪੀ.ਓ. ਮਾਹਿਲਪੁਰ ਸ੍ਰੀ ਹਰਬਿਲਾਸ, ਸਰਪੰਚ ਸ੍ਰੀ ਦਲਵੀਰ ਸਿੰਘ ਤੋਂ ਇਲਾਵਾ ਹੋਰ ਵੀ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸਖ਼ਸ਼ੀਅਤਾਂ ਹਾਜ਼ਰ ਸਨ।
No comments:
Post a Comment