- ਸੂਬਾ ਸਰਕਾਰ ਵਲੋਂ 5 ਰੁਪਏ ਪ੍ਰਤੀ ਯੂਨਿਟ ਬਿਜਲੀ ਅਤੇ ਹੋਰ ਸਹੂਲਤਾਂ ਦੇਣ ਨਾਲ ਉਦਯੋਗਿਕ ਖੇਤਰ ਫੜੇਗਾ ਤੇਜ਼ੀ : ਅਰੋੜਾ
- ਮਤਰੀ ਪਦ ਦਾ ਚਾਰਜ ਲੈਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਾਰਡ ਆਫ਼ ਆਨਰ
ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਦੇ ਉਦਯੋਗ ਨੂੰ ਪ੍ਰਫੁਲਤ ਕਰਨ ਵਿੱਚ ਪੰਜਾਬ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਇਕ ਵਧੀਆ ਮਾਹੌਲ ਦਿੱਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਉਦਯੋਗ ਸੂਬੇ ਵਿੱਚ ਸਥਾਪਿਤ ਹੋ ਸਕਣ। ਉਨ੍ਹਾਂ ਕਿਹਾ ਕਿ ਇਕੱਲਾ ਪੰਜਾਬ ਅਜਿਹਾ ਰਾਜ ਹੈ, ਜਿਥੇ ਬਿਜਲੀ ਦਾ ਰੇਟ 5 ਰੁਪਏ ਪ੍ਰਤੀ ਯੂਨਿਟ ਕੀਤਾ ਗਿਆ ਹੈ, ਜਦਕਿ ਬਾਕੀ ਰਾਜਾਂ ਵਿੱਚ ਇਸ ਦੀ ਕੀਮਤ ਸਾਢੇ 7 ਤੋਂ 8 ਰੁਪਏ ਦੇ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਇਸ ਛੋਟ ਨਾਲ ਉਦਯੋਗਾਂ ਲਈ ਵਧੇਰੇ ਸੰਭਾਵਨਾਵਾਂ ਪੈਦਾ ਹੋਣਗੀਆਂ ਅਤੇ ਦੂਸਰੇ ਰਾਜਾਂ ਵਿਚੋਂ ਵੀ ਉਦਯੋਗਪਤੀ ਪੰਜਾਬ ਵਿੱਚ ਆ ਕੇ ਉਦਯੋਗ ਸਥਾਪਿਤ ਕਰ ਸਕਣਗੇ।
ਸ੍ਰੀ ਅਰੋੜਾ ਨੇ ਕਿਹਾ ਕਿ ਹੁਣ ਉਹ ਸਮਾਂ ਆ ਗਿਆ ਹੈ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਹੋਰ ਤੇਜ਼ੀ ਫੜੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਨਵੀਂ ਉਦਯੋਗਿਕ ਨੀਤੀ-2017 ਬਣਾਈ ਗਈ ਹੈ, ਉਹ ਜਿਥੇ ਉਦਯੋਗਾਂ ਲਈ ਲਾਭਦਾਇਕ ਸਾਬਤ ਹੋਵੇਗੀ, ਉਥੇ ਸੂਬੇ ਦੀ ਹੋਰ ਤਰੱਕੀ ਵਿੱਚ ਵੀ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਨਵੈਸਟਮੈਂਟ ਪ੍ਰਮੋਸ਼ਨ ਬੋਰਡ ਨਾਲ ਵੀ ਉਦਯੋਗ ਨੂੰ ਕਾਫ਼ੀ ਹੁੰਗਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਕ ਛੱਤ ਥੱਲੇ ਹੀ ਉਦਯੋਗਾਂ ਨਾਲ ਸਬੰਧਤ ਇਸ ਬੋਰਡ ਜ਼ਰੀਏ ਸੁਵਿਧਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵਾਂ ਉਦਯੋਗ ਲਗਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਦੀ ਜ਼ਰੂਰਤ ਪੈਂਦੀ ਹੈ, ਜਿਸ ਲਈ ਪੰਜਾਬ ਇਨਵੈਸਟਮੈਂਟ ਪ੍ਰਮੋਸ਼ਨ ਬੋਰਡ ਨਾਮਕ ਸਿੰਗਲ ਵਿੰਡੋ ਸੰਸਥਾ ਸਹਾਈ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਜ਼ਰੀਏ ਉਦਯੋਗਪਤੀਆਂ ਨੂੰ ਇਕੋ ਛੱਤ ਥੱਲੇ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਇੰਡਸਟਰੀ ਲਈ ਬੇਹੱਦ ਆਸ਼ਾਵਾਦੀ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਗਤੀਸ਼ੀਲ ਨਵੀਂ ਉਦਯੋਗਿਕ ਪਾਲਿਸੀ ਤਹਿਤ ਸਟੈਂਪ ਡਿਊਟੀ, ਬਿਜਲੀ ਦਾ ਰੇਟ, ਮਿਉਂਸੀਪਲ ਕਾਰਪੋਰੇਸ਼ਨ ਅਧੀਨ ਹਾਊਸ ਟੈਕਸ ਦੀ ਛੁਟ ਜਾਂ ਜੀ.ਐਸ.ਟੀ. ਦੀ ਜੋ ਛੋਟ ਦਿੱਤੀ ਗਈ ਹੈ, ਉਹ ਬਹੁਤ ਹੀ ਵਧੀਆ ਕਦਮ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਵਿੱਚ ਪ੍ਰਗਟਾਏ ਗਏ ਭਰੋਸੇ 'ਤੇ ਖ਼ਰ੍ਹੇ ਉੱਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਪਾਰਦਰਸ਼ਤਾ ਲਿਆਉਣੀ ਉਨ੍ਹਾਂ ਦੀ ਵਿਸ਼ੇਸ਼ ਤਰਜੀਹ ਰਹੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਵਿਸ਼ੇਸ਼ ਨੀਤੀ ਤਹਿਤ ਸੂਬੇ ਭਰ ਵਿੱਚ ਕਣਕ ਦੀ ਖਰੀਦ ਅਤੇ ਅਦਾਇਗੀ ਪ੍ਰਕਿਰਿਆ ਬੜੇ ਸੁਚੱਜੇ ਤਰੀਕੇ ਨਾਲ ਚੱਲ ਰਹੀ ਹੈ। ਕਿਸਾਨਾਂ ਦੀ ਜਿਣਸ ਦੀ ਕੀਮਤ ਉਨ੍ਹਾਂ ਨੂੰ ਨਾਲ-ਨਾਲ ਖਰੀਦ ਤੋਂ 48 ਘੰਟੇ ਵਿੱਚ-ਵਿੱਚ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਅਦਾਇਗੀ ਲਈ ਸਰਕਾਰੇ-ਦਰਬਾਰੇ ਪ੍ਰੇਸ਼ਾਨ ਨਾ ਹੋਣਾ ਪਵੇ। ਇਸੇ ਤਰ੍ਹਾਂ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਆਨਲਾਈਨ ਵਿਧੀ ਰਾਹੀਂ ਨਾਲ ਦੀ ਨਾਲ ਹੀ ਕੀਤੀ ਜਾ ਰਹੀ ਹੈ।
ਉਦਯੋਗ ਤੇ ਵਣਜ ਮੰਤਰੀ ਨੇ ਦਾਅਵੇ ਨਾਲ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ ਦੀ ਕਮੀ ਨਹੀਂ ਹੈ ਅਤੇ ਖਰੀਦ ਅਤੇ ਅਦਾਇਗੀ ਪ੍ਰਕਿਰਿਆ ਵੀ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਪੀ. (ਐਚ) ਸ੍ਰੀ ਬਲਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੂੰ ਵਧਾਈਆਂ ਦਿੱਤੀਆਂ।
No comments:
Post a Comment