- ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਨਾ ਕੱਟਣ ਦੇ ਵੀ ਜਾਰੀ ਕੀਤੇ ਹੁਕਮ
ਹੁਸ਼ਿਆਰਪੁਰ, 6 ਅਪ੍ਰੈਲ:
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਪੁਲ ਉਜਵਲ ਨੇ ਵੱਖ-ਵੱਖ ਹੁਕਮਾਂ ਤਹਿਤ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾ ਕੇ ਸਾੜਨ ਅਤੇ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਵਿਪੁਲ ਉਜਵਲ ਨੇ ਜਾਰੀ ਕੀਤੇ ਪਹਿਲੇ ਹੁਕਮ ਵਿਚ ਕਿਹਾ ਕਿ ਸਾਲ 2018 ਦਾ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਦੇਖਣ ਵਿੱਚ ਆਉਂਦਾ ਹੈ ਕਿ ਕਣਕ ਦੇ ਨਾੜ ਨੂੰ ਸਬੰਧਤ ਮਾਲਕਾਂ ਵਲੋਂ ਅੱਗ ਲਾਉਣ ਦੀ ਪ੍ਰਥਾ ਹੋਣ ਕਰਕੇ ਰਹਿੰਦ-ਖੂਹੰਦ/ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਰਹਿੰਦਾ ਹੈ ਅਤੇ ਪ੍ਰਦੂਸ਼ਣ ਨਾਲ ਸਾਹ ਦੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਲਈ ਉਪਯੋਗੀ ਜੀਵਕ ਮਾਦਾ ਨੂੰ ਵੀ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟ ਜਾਂਦੀ ਹੈ। ਇਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ 'ਤੇ ਅਸਰ ਦੇਸ਼ ਦੇ ਉਤਪਾਦਨ 'ਤੇ ਪੈਂਦਾ ਹੈ। ਇਸ ਦੇ ਮੱਦੇ ਨਜ਼ਰ ਜ਼ਿਲ੍ਹੇ ਵਿੱਚ ਫ਼ਸਲ ਦੀ ਰਹਿੰਦ-ਖੂਹੰਦ/ ਨਾੜ ਨੂੰ ਅੱਗ ਲਾ ਕੇ ਸਾੜਨ 'ਤੇ ਪਾਬੰਦੀ ਲਗਾਈ ਜਾਂਦੀ ਹੈ।
ਦੂਜੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਇਹ ਵੇਖਣ ਵਿੱਚ ਆਉਂਦਾ ਹੈ ਕਿ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿੱਚ ਨਮੀ ਸਰਕਾਰ ਦੀ ਨਿਰਧਾਰਤ ਮਾਪਦੰਡਾ ਤੋਂ ਵਧਣ ਦੀ ਸੰਭਾਵਨਾਂ ਹੁੰਦੀ ਹੈ ਅਤੇ ਖਰੀਦ ਏਜੰਸੀਆਂ ਕਣਕ ਨੂੰ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਲਈ ਮੰਡੀਆਂ ਵਿੱਚ ਬਿਨ੍ਹਾਂ ਵਜ੍ਹਾ ਖੱਜਲ ਹੋਣਾ ਪੈਂਦਾ ਹੈ। ਇਹ ਦੋਵੇ ਹੁਕਮ 29 ਮਈ 2018 ਤੱਕ ਲਾਗੂ ਰਹਿੰਣਗੇ।
No comments:
Post a Comment