- ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਏਰੀਏ ਦੀ ਚੋਣ ਕਰਨ ਦੀ ਕੀਤੀ ਹਦਾਇਤ
- ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ 'ਚ ਟ੍ਰੈਫਿਕ ਸਬੰਧੀ ਕੀਤੇ ਜਾ ਰਹੇ ਕਾਰਜਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 18 ਮਈ ( ) : ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਇਕ ਅਜਿਹੇ ਏਰੀਏ ਨੂੰ ਚੁਣਿਆ ਜਾਵੇਗਾ, ਜਿਥੇ ਟ੍ਰੈਫਿਕ ਨਿਯਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਹ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿਚ ਟ੍ਰੈਫਿਕ ਵਿਵਸਥਾ ਸਬੰਧੀ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਇਕ ਅਜਿਹੇ ਏਰੀਏ ਦੀ ਚੋਣ ਕੀਤੀ ਜਾਵੇ, ਜਿਥੇ 100 ਫੀਸਦੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਅਜਿਹੇ ਏਰੀਏ ਦੀ ਜਲਦੀ ਚੋਣ ਕਰਨ ਤੋਂ ਇਲਾਵਾ ਜਾਗਰੂਕਤਾ ਵੀ ਫੈਲਾਏ, ਉਪਰੰਤ ਨਿਯਮਾਂ ਦੀ ਉਲੰਘਣਾ 'ਤੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਵਾਹਨ ਚਾਲਕਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਖੁਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਪਰ ਫਿਰ ਵੀ ਜੇਕਰ ਕੋਈ ਵਾਹਨ ਚਾਲਕ ਬਿਨ੍ਹਾਂ ਹੈਲਮਟ ਆਦਿ ਟ੍ਰੈਫਿਕ ਰੂਲਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸਦਾ ਚਲਾਨ ਕੱਟਣ ਤੋਂ ਗੁਰੇਜ਼ ਨਾ ਕੀਤਾ ਜਾਵੇ।
ਸ਼੍ਰੀ ਵਿਪੁਲ ਉਜਵਲ ਨੇ ਗਰੀਨ ਵਿਊ ਪਾਰਕ ਕੋਲ ਰੇਹੜੀਆਂ ਦੇ ਅੱਗੇ ਰੋਡ 'ਤੇ ਖੜ੍ਹੀਆਂ ਕਾਰਾਂ ਜਾਂ ਹੋਰ ਵਾਹਨਾਂ ਖਿਲਾਫ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਥੇ ਖੜ੍ਹੇ ਹੋਣ ਵਾਲੇ ਵਾਹਨਾਂ 'ਤੇ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਤਹਿਤ ਚਲਾਨ ਕੱਟੇ ਜਾਣ, ਤਾਂ ਜੋ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੇਫ ਸਕੂਲ ਵਾਹਨ ਸਕੀਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਵਿਚ ਪੁਲਿਸ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀ ਸਕੂਲਾਂ-ਕਾਲਜਾਂ ਦੀਆਂ ਬੱਸਾਂ ਦੀ ਚੈਕਿੰਗ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਸਕੀਮ ਤਹਿਤ ਵਿਦਿਆਰਥੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਸਕੂਲੀ ਬੱਸਾਂ ਵਿਚ ਟ੍ਰੈਫਿਕ ਨਿਯਮਾਂ ਤਹਿਤ ਖਾਮੀਆਂ ਪਾਈਆਂ ਜਾ ਰਹੀਆਂ ਹਨ, ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਟ੍ਰੈਫਿਕ ਵਿਵਸਥਾ ਦਰੁਸੱਤ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਟ੍ਰੈਫਿਕ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਿਛਲੇ ਮਹੀਨੇ 3714 ਚਲਾਨ ਕੱਟੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੀ ਕਾਰਵਾਈ ਜਾਰੀ ਰੱਖੀ ਜਾਵੇ, ਤਾਂ ਜੋ ਜ਼ਿਲ੍ਹੇ ਵਿਚ ਟ੍ਰੈਫਿਕ ਨਿਯਮ ਸੁਚਾਰੂ ਢੰਗ ਨਾਲ ਲਾਗੂ ਕੀਤੇ ਜਾ ਸਕਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿ ਉਹ ਸੜਕ ਉਪਰ ਚੜ੍ਹਨ ਤੋਂ ਪਹਿਲਾਂ ਇਹ ਯਕੀਨੀ ਬਣਾਉਣ ਕਿ ਉਹ ਟ੍ਰੈਫਿਕ ਰੂਲਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਨਾਲ ਹੀ ਉਹ ਸੁਰੱਖਿਅਤ ਰਹਿ ਸਕਦੇ ਹਨ। ਉਨ੍ਹਾਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਲੰਧਰ-ਪਠਾਨਕੋਟ ਹਾਈਵੇਅ 'ਤੇ ਸਾਈਨ ਬੋਰਡ ਪੜ੍ਹਨ ਸਮੇਂ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਐਸ.ਡੀ.ਐਮ. ਦਸੂਹਾ ਨੂੰ ਵੀ ਇਨ੍ਹਾਂ ਸਾਈਨ ਬੋਰਡਾਂ ਸਬੰਧੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ।
ਇਸ ਮੌਕੇ ਐਸ.ਡੀ.ਐਮ. ਦਸੂਹਾ ਸ਼੍ਰੀ ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ.ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜ਼ੋਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਹਰਚਰਨ ਸਿੰਘ, ਡੀ.ਐਸ.ਪੀ. ਸ਼੍ਰੀ ਸੁਖਵਿੰਦਰ ਸਿੰਘ, ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਅਮਰੀਕ ਸਿੰਘ, ਸ਼੍ਰੀ ਅਸ਼ਵਨੀ ਕਪੂਰ, ਸ਼੍ਰੀਮਤੀ ਹੇਮਾ ਤੋਂ ਇਲਾਵਾ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਹੋਰ ਸਰਕਾਰੀ ਅਤੇ ਗੈਰ-ਸਰਕਾਰੀ ਮੈਂਬਰ ਹਾਜ਼ਰ ਸਨ।
No comments:
Post a Comment