- ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ : ਵਿਧਾਇਕ ਪਵਨ ਆਦੀਆ
- ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀ ਕਿਸਾਨ ਕਰਜ਼ਾ ਮੁਆਫ਼ੀ ਸਕੀਮ : ਵਿਧਾਇਕ ਰਾਜ ਕੁਮਾਰ
- ਗਾਰਡਨ ਕੋਰਟ ਪੈਲਸ ਵਿਖੇ ਕਿਸਾਨਾਂ ਨੂੰ ਵੰਡੇ ਕਰਜ਼ਾ ਰਾਹਤ ਸਬੰਧੀ ਸਰਟੀਫਿਕੇਟ
ਹੁਸ਼ਿਆਰਪੁਰ, 28 ਮਈ:
ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਰਾਜ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਦਿਖਾਇਆ ਹੈ। ਪੰਜਾਬ ਸਰਕਾਰ ਵਲੋਂ ਹੁਣ ਤੱਕ ਜ਼ਿਲ੍ਹੇ ਦੇ 10481 ਕਿਸਾਨਾਂ ਦੇ 96.38 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ। ਉਹ ਅੱਜ ਗਾਰਡਨ ਕੋਰਟ ਪੈਲਸ ਵਿਖੇ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਸਬੰਧੀ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਸ਼ਾਮਚੁਰਾਸੀ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਤੇ ਚੇਅਰਮੈਨ ਐਸ.ਸੀ. ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਰਾਜ ਵਿੱਚ ਕਰਜ਼ਾ ਮੁਆਫ਼ੀ ਸਕੀਮ ਤਹਿਤ 2,02,111 ਕਿਸਾਨਾਂ ਨੂੰ 999.67 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ, ਉਥੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਚੱਕਰ 'ਚੋ ਕੱਢ ਕੇ ਆਧੁਨਿਕ ਢੰਗ ਨਾਲ ਖੇਤੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹੀ ਅਜਿਹਾ ਸੂਬਾ ਹੈ, ਜਿਥੇ ਕਿਸਾਨਾਂ ਨੂੰ 2 ਲੱਖ ਰੁਪਏ ਤੱਕ ਦੀ ਕਰਜ਼ਾ ਮੁਆਫ਼ੀ ਦੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸਬ-ਡਵੀਜ਼ਨਾਂ ਪੱਧਰ 'ਤੇ ਹੋਏ ਸਮਾਗਮਾਂ ਵਿੱਚ ਜ਼ਿਲ੍ਹੇ ਦੇ 6830 ਕਿਸਾਨਾਂ ਦੇ 74.81 ਕਰੋੜ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਗਏ ਹਨ, ਜਦਕਿ ਇਸ ਤੋਂ ਪਹਿਲਾਂ ਗੁਰਦਾਸਪੁਰ ਵਿਖੇ ਹੋਏ ਸਮਾਗਮ ਦੌਰਾਨ ਹੁਸ਼ਿਆਰਪੁਰ ਜਿਲ੍ਹੇ ਦੇ 3651 ਕਿਸਾਨਾਂ ਦੇ 21.57 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹੁਣ ਤੱਕ ਜ਼ਿਲ੍ਹੇ ਦੇ ਕੁੱਲ 10481 ਕਿਸਾਨਾਂ ਦੇ 96.38 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ।
ਹਲਕਾ ਵਿਧਾਇਕ ਸ਼ਾਮਚੁਰਾਸੀ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਰਜ਼ਾ ਮੁਆਫ਼ੀ ਰਾਹਤ ਸਕੀਮ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਨੂੰ ਆਪਣੀ ਸਰਕਾਰ ਵਲੋਂ ਕਿਸਾਨਾਂ ਦੇ ਮੁਆਫ਼ ਕੀਤੇ ਗਏ ਕਰਜ਼ਿਆਂ 'ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲ ਦੇ ਕਾਰਜ ਦੌਰਾਨ ਪੰਜਾਬ ਦੀ ਕਿਸਾਨੀ ਕਰਜ਼ੇ ਹੇਠਾਂ ਦੱਬ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੀ ਸਰਕਾਰ ਦੁਆਰਾ ਸਰਕਾਰੀ ਖ਼ਜ਼ਾਨਾ ਖਾਲੀ ਛੱਡਣ ਦੀ ਬਾਵਜੂਦ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਿੰਦਗੀ ਦੀਆਂ ਮੁਸ਼ਕਿਲਾਂ ਦਾ ਡੱਟ ਕੇ ਮੁਕਾਬਲਾ ਕਰਨ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਸਰਕਾਰ ਵਲੋਂ ਕੋਈ ਵੀ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ।
ਹਲਕਾ ਵਿਧਾਇਕ ਚੱਬੇਵਾਲ ਅਤੇ ਚੇਅਰਮੈਨ ਐਸ.ਸੀ. ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਸਕੀਮ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਚੰਗੀ ਸੋਚ ਦਾ ਨਤੀਜਾ ਹੈ ਕਿ ਲੋੜਵੰਦ ਕਿਸਾਨਾਂ ਦੇ ਕਰਜ਼ਿਆਂ ਨੂੰ ਮੁਆਫ਼ ਕਰਨ ਲਈ ਉਪਰਾਲੇ ਕੀਤੇ ਗਏੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਉਦਯੋਗਾਂ ਨੂੰ ਬੜ੍ਹਾਵਾ ਦੇ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਵੀ ਨਵੇਂ ਉਦਯੋਗ ਸਥਾਪਤ ਕਰਨ ਲਈ ਕੈਬਨਿਟ ਮੰਤਰੀ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਉਦਯੋਗ ਸਥਾਪਿਤ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।
ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ ਅਤੇ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਸਾਂਝੇ ਤੌਰ 'ਤੇ ਆਪਣੇ-ਆਪਣੇ ਹਲਕੇ ਨਾਲ ਸਬੰਧਤ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਬੰਧੀ ਸਰਟੀਫਿਕੇਟ ਵੰਡੇ। ਅੰਤ ਵਿੱਚ ਮੁੱਖ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਕੋ-ਅਪਰੇਟਿਵ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਮਨਦੀਪ ਬਰਾੜ, ਡਿਪਟੀ ਰਜਿਸਟਰਾਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਸ੍ਰੀ ਹੈਪੀ ਸੂਦ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਕਿਸਾਨ ਵੀ ਮੌਜੂਦ ਸਨ।
No comments:
Post a Comment