ਹੁਸ਼ਿਆਰਪੁਰ, 16 ਮਈ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਆਪਣੇ ਹੁਕਮਾਂ ਵਿਚ ਉਨ੍ਹਾਂ ਜ਼ਿਲ੍ਹੇ ਵਿੱਚ ਮੂੰਹ ਢੱਕ ਕੇ ਵਾਹਨ ਚਲਾਉਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਈ ਵੀ ਪੁਰਸ਼ ਜਾਂ ਇਸਤਰੀ ਮੂੰਹ ਢੱਕ ਕੇ ਦੋਪਹੀਆ ਵਾਹਨ ਨਹੀਂ ਚਲਾ ਸਕੇਗਾ। ਇਹ ਪਾਬੰਦੀ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਕੇ ਮੂੰਹ ਢੱਕ ਕੇ ਦੋਪਹੀਆ ਵਾਹਨ ਚਲਾਉਂਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਾਬੰਦੀਸ਼ੁੰਦਾ ਅਤੇ ਨਕਲੀ ਪੈਸਟੀਸਾਈਡ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।
ਅਗਲੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਕੁਝ ਲੋਕ ਖਾਸ ਕਰਕੇ ਗੁਜਰ ਆਪਣੇ ਡੰਗਰਾਂ ਨੂੰ ਚਰਾਉਂਦੇ ਸਮੇਂ ਬਿਸਤ ਦੁਆਬ ਨਹਿਰ, ਚੋਅ ਦੇ ਬੰਧ, ਬਿਆਸ ਦਰਿਆ ਦੇ ਕੰਢੇ ਬਣੇ ਧੂਸੀ ਬੰਧ ਅਤੇ ਹੋਰ ਨਹਿਰਾਂ ਵਿੱਚੋਂ ਪਾਣੀ ਪਿਲਾਉਣ ਅਤੇ ਨਹਾਉਣ ਲਈ ਵਾੜ ਦਿੰਦੇ ਹਨ। ਡੰਗਰਾਂ ਦੇ ਜਿਆਦਾ ਗਿਣਤੀ ਵਿੱਚ ਨਹਿਰ ਅੰਦਰ ਜਾਣ ਨਾਲ ਪਾਣੀ ਦੇ ਨਰੰਤਰ ਬਹਾਅ ਵਿੱਚ ਰੁਕਾਵਟ ਪੈਦਾ ਹੋਣ ਨਾਲ ਪਾਣੀ ਕੰਢਿਆ ਤੋਂ ਬਾਹਰ ਆਉਣ ਨਾਲ ਨਹਿਰ ਬੰਧ ਵਿੱਚ ਪਾੜ ਪੈਣ ਦਾ ਖਤਰਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਡੰਗਰਾਂ ਦੇ ਨਹਿਰ ਵਿੱਚ ਜਾਣ ਅਤੇ ਬਾਹਰ ਨਿਕਲਣ ਸਮੇਂ ਨਹਿਰਾਂ ਅਤੇ ਬੰਧ ਦੇ ਕਿਨਾਰੇ ਕਮਜੋਰ ਪੈ ਕੇ ਪਾੜੇ ਪੈਣ ਦਾ ਖਤਰਾ ਵੱਧ ਜਾਂਦਾ ਹੈ। ਇਸ ਤਰ੍ਹਾਂ ਨਹਿਰਾਂ ਵਿੱਚ ਪਾੜ ਪੈਣ ਕਾਰਨ ਜਿਥੇ ਲੋਕਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ, ਉਥੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ। ਇਸ ਦੇ ਮੱਦੇਨਜਰ ਜਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਡੇ ਬਣੇ ਧੁਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕੰਮ ਤੇ ਰੱਖਣ ਵਾਲੇ ਨੌਕਰਾਂ/ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼), ਦਾ ਰਿਕਾਰਡ ਰੱਖਣ ਉਨ੍ਹਾਂ ਕਿਹਾ ਕਿ ਪੋਲਟਰੀ ਫਾਰਮਾਂ /ਰਾਈਸ ਸ਼ੈਲਰਾਂ/ ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਵਿੱਚ ਜ਼ਿਆਦਾਤਰ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਮਜ਼ਦੂਰ ਕੰਮ ਕਰਦੇ ਹਨ ਅਤੇ ਅਜਿਹੀ ਲੇਬਰ ਦਾ ਕੋਈ ਸਥਾਈ ਪਤਾ/ਰਿਕਾਰਡ ਨਹੀਂ ਰੱਖਿਆਂ ਜਾਂਦਾ। ਜਿਸ ਨਾਲ ਜੁਰਮ ਹੋਣ ਤੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ। ਇਸ ਲਈ ਕੰਮ ਤੇ ਰੱਖਣ ਵਾਲੇ ਨੌਕਰਾਂ/ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ ਤੋਂ ਇਲਾਵਾ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਵੀ ਲਿਖ ਕੇ ਰੱਖੇ ਜਾਣ। ਇਸ ਤੋਂ ਇਲਾਵਾ ਨੌਕਰਾਂ/ਵਿਅਕਤੀਆਂ ਦੇ ਫਿੰਗਰ ਪ੍ਰਿੰਟ ਵੀ ਰਜਿਸਟਰ ਵਿੱਚ ਰੱਖੇ ਜਾਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਵਾਇਆ ਜਾਵੇ।
ਇਕ ਹੁਕਮ ਅਨੁਸਾਰ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਹੁਕਮ ਰਾਹੀਂ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ।
ਉਕਤ ਹੁਕਮ 5 ਜੁਲਾਈ 2018 ਤੱਕ ਲਾਗੂ ਰਹਿਣਗੇ
No comments:
Post a Comment