- ਕਿਹਾ, ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਖਿਲਾਫ਼ ਲਿਆ ਜਾ ਰਿਹਾ ਹੈ ਗੰਭੀਰ ਨੋਟਿਸ
- ਪ੍ਰੈਸ ਕਾਨਫਰੰਸ 'ਚ ਡਿਪਟੀ ਕਮਿਸ਼ਨਰ ਨੇ ਮੀਡੀਆ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 3 ਮਈ:
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜਿਥੇ ਜ਼ਿਲ੍ਹਾ ਵਾਸੀਆਂ ਨੂੰ ਮੀਜ਼ਲ-ਰੁਬੇਲਾ ਟੀਕਾਕਰਨ ਮੁਹਿੰਮ ਖਿਲਾਫ਼ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਤੋਂ ਬਚਣ ਦੀ ਅਪੀਲ ਕੀਤੀ, ਉਥੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਦਾ ਸਾਥ ਦੇਣ ਲਈ ਵੀ ਕਿਹਾ, ਤਾਂ ਜੋ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਹ ਅੱਜ ਮੀਜ਼ਲ-ਰੁਬੇਲਾ ਟੀਕਾਕਰਨ ਮੁਹਿੰਮ ਸਬੰਧੀ ਕੀਤੀ ਪ੍ਰੈਸ ਕਾਨਫੰਰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਸੋਸ਼ਲ ਮੀਡੀਆ 'ਤੇ ਮੀਜ਼ਲ-ਰੁਬੇਲਾ ਟੀਕਾਕਰਨ ਸਬੰਧੀ ਫੈਲਾਈਆਂ ਜਾ ਰਹੀਆਂ ਗਲਤ ਅਫਵਾਹਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਅਨਸਰਾਂ ਵਿਰੁੱਧ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਵੱਡੇ ਪੱਧਰ 'ਤੇ ਇਸ ਤਰ੍ਹਾਂ ਦੀ ਵੱਡੀ ਮੁਹਿੰਮ ਚਲਾਈ ਜਾਂਦੀ ਹੈ, ਤਾਂ ਸੋਸ਼ਲ ਮੀਡੀਆ 'ਤੇ ਗਲਤ ਸੋਚ ਰੱਖਣ ਵਾਲਿਆਂ ਵਲੋਂ ਗੁੰਮਰਾਹ ਕਰਨ ਲਈ ਗਲਤ ਧਾਰਨਾਵਾਂ ਫੈਲਾਈਆਂ ਜਾਂਦੀਆਂ ਹਨ, ਜੋ ਕਿ ਸਰਸਰਾ ਗਲਤ ਹੈ।
ਡਿਪਟੀ ਕਮਿਸ਼ਨਰ ਨੇ ਮੀਡੀਆ ਨੂੰ ਇਨ੍ਹਾਂ ਅਫਵਾਹਾਂ ਖਿਲਾਫ਼ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਲਈ ਕੀਤੀ ਜਾ ਰਹੀ ਇਹ ਵੈਕਸੀਨੇਸ਼ਨ ਬੇਹੱਦ ਸੁਰੱਖਿਅਤ ਹੈ ਅਤੇ ਇਸ ਨਾਲ ਬੱਚਿਆਂ ਨੂੰ ਕਿਸੇ ਤਰ੍ਹਾਂ ਦਾ ਸਿਹਤ ਪੱਖੋਂ ਕੋਈ ਨੁਕਸਾਨ ਵੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੀਜ਼ਲ-ਰੁਬੇਲਾ ਤੋਂ ਬੱਚਿਆਂ ਨੂੰ ਬਚਾਉਣ ਲਈ ਵਿੱਢੀ ਗਈ ਇਹ ਮੁਹਿੰਮ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਟੀਕੇ ਦੀ ਕੀਮਤ 1500 ਤੋਂ 2000 ਦੇ ਕਰੀਬ ਹੈ, ਜਦਕਿ ਸਰਕਾਰ ਵਲੋਂ ਇਸ ਨੂੰ ਬਿਲਕੁੱਲ ਮੁਫ਼ਤ ਲਗਾਇਆ ਜਾ ਰਿਹਾ ਹੈ।
ਸ੍ਰੀ ਵਿਪੁਲ ਉਜਵਲ ਨੇ ਆਮ ਜਨਤਾ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਵਿੱਚੋਂ ਪੋਲੀਓ ਦੀ ਬਿਮਾਰੀ ਨੂੰ ਜੜ੍ਹੋਂ ਪੁੱਟਿਆ ਗਿਆ ਹੈ, ਉਸੇ ਤਰ੍ਹਾਂ ਇਸ ਬਿਮਾਰੀ ਦੇ ਖਾਤਮੇ ਲਈ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਗੱਲ ਕਹੀ, ਤਾਂ ਜੋ ਲੋਕ ਗਲਤ ਅਫਵਾਹਾਂ ਵਿੱਚ ਨਾ ਆ ਕੇ ਆਪਣੇ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਮੁਕਤ ਰੱਖ ਸਕਣ। ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਜਿਸ ਦਾ ਪਹਿਲਾਂ ਐਮ.ਆਰ. ਟੀਕਾਕਰਨ ਹੋ ਚੁੱਕਾ ਹੋਵੇ, ਉਸ ਨੂੰ ਵੀ ਦੁਬਾਰਾ ਇਹ ਟੀਕਾ ਲਗਾਉਣ ਨਾਲ ਕੋਈ ਨੁਕਸਾਨ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ 2020 ਤੱਕ ਦੇਸ਼ ਨੂੰ ਖਸਰਾ ਮੁਕਤ ਅਤੇ ਰੁਬੇਲਾ ਨਿਯੰਤਰਣ ਦੇਸ਼ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ।
ਸਿਵਲ ਸਰਜਨ ਡਾ. ਰੇਨੂ ਸੂਦ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ 20 ਹਜ਼ਾਰ ਬੱਚਿਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਚੁੱਕਾ ਹੈ। ਬੱਚਿਆਂ ਦੇ ਮਾਹਿਰ ਅਤੇ ਇੰਡੀਅਨ ਮੈਡੀਕਲ ਐਸਸੀਏਸ਼ਨ ਦੀ ਸਕੱਤਰ ਡਾ. ਤਨੂ ਕਪੂਰ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਫੀਲਡ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੀ ਜਾਂਦੀ ਮੀਜ਼ਲ-ਰੁਬੇਲਾ ਦੀ ਵੈਕਸੀਨ ਬੇਹੱਦ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਮੀਜ਼ਲ ਦੀ ਬਿਮਾਰੀ ਹੋਣ 'ਤੇ ਤੇਜ਼ ਬੁਖਾਰ, ਚੌਥੇ ਦਿਨ ਸਰੀਰ 'ਤੇ ਨਿੱਕੇ-ਨਿੱਕੇ ਲਾਲ ਰੰਗ ਦੇ ਦਾਣੇ ਅਤੇ ਦਿਮਾਗੀ ਬੁਖਾਰ ਵੀ ਹੋ ਸਕਦਾ ਹੈ। ਇਸੇ ਤਰ੍ਹਾਂ ਰੁਬੇਲਾ ਨਾਲ ਨਿਮੋਨਿਆ, ਅੱਖਾਂ ਦੀ ਰੌਸ਼ਨੀ ਤੋਂ ਇਲਾਵਾ ਮਹਿਲਾਵਾਂ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਕਾਰਨ ਸਾਲ ਵਿੱਚ ਕਰੀਬ 50 ਹਜ਼ਾਰ ਤੋਂ ਵੱਧ ਬੱਚਿਆਂ ਦੀ ਮੌਤ ਹੋ ਜਾਂਦੀ ਹੈ। ਇਸ ਲਈ ਇਨ੍ਹਾਂ ਦੋਨੇਂ ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਸਰਕਾਰ ਵਲੋਂ ਮੁਫ਼ਤ ਵੈਕਸੀਨ ਕੀਤੀ ਜਾ ਰਹੀ ਹੈ, ਜੋ ਕਿ ਬੇਹੱਦ ਸ਼ਲਾਘਾਯੋਗ ਕਦਮ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪਮ ਕਲੇਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਦੀਪ ਸਿੰਘ ਕਪੂਰ, ਕੋਆਰਡੀਨੇਟਰ ਐਮ. ਆਰ. ਕੰਪੇਨ ਡਾ. ਗੁਨਦੀਪ ਕੌਰ, ਵੱਖ-ਵੱਖ ਮੀਡੀਆ ਹਾਊਸ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
No comments:
Post a Comment