'ਦਿਸ਼ਾ' ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 11 ਮਈ:
ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਬੰਧਤ ਵਿਭਾਗ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ। ਇਹ ਸਕੀਮਾਂ ਜਿਸ ਮਕਸਦ ਲਈ ਬਣਾਈਆਂ ਗਈਆਂ ਹਨ, ਉਸ ਦਾ ਲਾਭ ਤਾਂ ਹੀ ਮਿਲ ਸਕਦਾ ਹੈ ਜੇਕਰ ਅਧਿਕਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਇਨ੍ਹਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੁਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਵਿਕਾਸ ਕੰਮਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਹੀ ਤਰੀਕੇ ਨਾਲ ਲਾਗੂ ਹੋਣ ਨਾਲ ਹੀ, ਇਨ੍ਹਾਂ ਦਾ ਲਾਭ ਪ੍ਰਾਪਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲੋਕ ਤਾਂ ਹੀ ਫਾਇਦਾ ਚੁੱਕ ਸਕਦੇ ਹਨ ਜੇਕਰ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਹੋਵੇ, ਇਸ ਲਈ ਇਨ੍ਹਾਂ ਸਕੀਮਾਂ ਪ੍ਰਤੀ ਜਾਗਰੂਕਤਾ ਫੈਲਾਉਣੀ ਵੀ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਰ ਇਕ ਯੋਜਨਾਵਾਂ ਲਈ ਵੱਖ-ਵੱਖ ਸ਼ਰਤਾਂ ਅਤੇ ਨਿਯਮ ਰੱਖੇ ਗਏ ਹਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲਾਭ ਕੇਵਲ ਉਨ੍ਹਾਂ ਜ਼ਰੂਰਤਮੰਦਾਂ ਨੂੰ ਹੀ ਮਿਲੇ ਜੋ ਇਨ੍ਹਾਂ ਦੇ ਅਸਲ ਹੱਕਦਾਰ ਹੁੰਦੇ ਹਨ।
ਇਸ ਦੌਰਾਨ ਸ੍ਰੀ ਵਿਜੇ ਸਾਂਪਲਾ ਨੇ ਜ਼ਿਲ੍ਹਾ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਵਿਦਿਆਰਥੀਆਂ ਲਈ ਚਲਾਈਆਂ ਜਾਂਦੀਆਂ ਵਜੀਫ਼ਾ ਸਕੀਮਾਂ ਦਾ ਲਾਭ ਸਮੇਂ ਸਿਰ ਯੋਗ ਵਿਦਿਆਰਥੀਆਂ ਨੂੰ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਵੇਖਣ ਵਿੱਚ ਆਉਂਦਾ ਹੈ ਕਿ ਢਿਲਮੱਠ ਕਾਰਨ ਕਈ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਨਹੀਂ ਮਿਲ ਪਾਉਂਦਾ, ਇਸ ਲਈ ਜ਼ਰੂਰੀ ਹੈ ਕਿ ਸਾਰੀਆਂ ਲੋਕ ਭਲਾਈ ਸਕੀਮਾਂ ਸਬੰਧੀ ਆਮ ਜਨਤਾ ਨੂੰ ਜਾਣੂ ਕਰਵਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਇਨ੍ਹਾਂ
ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਭਾਗਾਂ ਵਲੋਂ ਜਿਥੇ ਜ਼ਿਲ੍ਹੇ ਵਿੱਚ ਵਧੀਆ ਕਾਰਗੁਜਾਰੀ ਦਿਖਾਈ ਜਾ ਰਹੀ ਹੈ, ਉਥੇ ਕੁਝ ਕਮੀਆਂ ਵੀ ਹਨ, ਜਿਸ ਨੂੰ ਠੀਕ ਕਰਨ ਦੀ ਲੋੜ ਹੈ।
ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਪੈਨਸ਼ਨਾਂ ਤੋਂ ਇਲਾਵਾ ਚੱਲ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਿੱਢੇ ਗਏ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣ। ਇਸ ਮੌਕੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕਿਸ਼ਨ ਸਿੰਘ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਹਰਚਰਨ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਸ੍ਰੀ ਭਾਰਤ ਭੂਸ਼ਨ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।
No comments:
Post a Comment