- ਪੰਜਾਬ ਨੂੰ ਪ੍ਰਦੂਸ਼ਣ ਰਹਿਤ ਅਤੇ ਸਿਹਤਮੰਦ ਸੂਬਾ ਬਣਾਉਣਾ ਹੀ ਪੰਜਾਬ ਸਰਕਾਰ ਦਾ ਸੁਪਨਾ : ਅਰੋੜਾ
- ਕਿਹਾ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ 'ਤੇ ਕੀਤੀ ਜਾਵੇਗੀ ਕਾਰਵਾਈ
ਡੀ.ਏ.ਵੀ ਕਾਲਜ ਵਿਖੇ ਕਰਵਾਏ ਗਏ ਸਮਾਗਮ ਵਿਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਮਿਸ਼ਨ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਹੀ ਕਾਮਯਾਬ ਹੋ ਸਕਦਾ ਹੈ, ਇਸ ਲਈ ਸੂਬਾ ਵਾਸੀ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਹਤਮੰਦ, ਤੰਦਰੁਸਤ ਅਤੇ ਪ੍ਰਦੂਸ਼ਣ ਰਹਿਤ ਬਣਾਉਣਾ ਹੀ ਪੰਜਾਬ ਸਰਕਾਰ ਦਾ ਸੁਪਨਾ ਹੈ ਅਤੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਦੀ ਸ਼ੁਰੂਆਤ ਸੂਬੇ ਲਈ ਅਹਿਮ ਰੋਲ ਨਿਭਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਪੰਜਾਬੀਆਂ ਦੀ ਚੰਗੀ ਸਿਹਤ ਅਤੇ ਚੰਗੀ ਸੋਚ ਹੋਵੇ ਅਤੇ ਇਥੋਂ ਦਾ ਹਰ ਬਸ਼ਿੰਦਾ ਸਿਹਤਮੰਦ ਰਹੇ, ਤਾਂ ਹੀ ਸੂਬੇ ਦੀ ਤਰੱਕੀ ਅਸਲ ਅਰਥਾਂ 'ਚ ਹੋ ਸਕੇਗੀ, ਜਿਸ ਲਈ ਉਨ੍ਹਾਂ ਨੇ ਤੰਦਰੁਸਤ ਪੰਜਾਬ ਨਾਂ ਦੇ ਇਸ ਮਹੱਤਵਪੂਰਨ ਮਿਸ਼ਨ ਨੂੰ ਸ਼ੁਰੂ ਕੀਤਾ ਹੈ।
ਕੈਬਨਿਟ ਮੰਤਰੀ ਨੇ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣ ਸਮੇਤ ਚੰਗੀ ਸਿਹਤ ਅਤੇ ਬੱਚਿਆਂ ਨੂੰ ਜਾਗਰੂਕ ਹੋ ਕੇ ਦੇਸ਼ ਦੀ ਵਾਗਡੋਰ ਸੰਭਾਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਹਰ ਇਨਸਾਨ ਜਿੰਮੇਵਾਰ ਨਾਗਰਿਕ ਬਣਕੇ ਆਪਣਾ ਫ਼ਰਜ ਸਮਝੇ ਤਾਂ ਪੰਜਾਬ ਇਕ ਸਿਹਤਮੰਦ ਸੂਬਾ ਬਣ ਸਕਦਾ ਹੈ। ਉਨ੍ਹਾਂ ਸੂਬੇ ਵਿਚ ਚੱਲ ਰਹੇ ਉਦਯੋਗਾਂ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਇਸ ਸਮੇਂ ਤੰਦਰੁਸਤ ਪੰਜਾਬ ਦਾ ਕਿਤਾਬਚਾ ਜਾਰੀ ਕਰਨ ਤੋਂ ਇਲਾਵਾ ਬੂਟਾ ਲਾਉਣ ਸਮੇਤ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਸਾਫ਼ ਸਫ਼ਾਈ ਮੁਹਿੰਮ ਦਾ ਆਗ਼ਾਜ਼ ਵੀ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਲਗਾਏ ਗਏ ਸਟਾਲਾਂ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਮੁਖੀ ਵੱਧ ਤੋਂ ਵੱਧ ਪੌਦੇ ਲਗਾ ਕੇ ਆਪਣੇ ਸਟਾਫ ਲਈ ਰੋਲ ਮਾਡਲ ਬਣ ਸਕਦੇ ਹਨ ਅਤੇ ਸਟਾਫ ਨੂੰ ਅੱਗੋਂ ਇਸ ਪੌਦੇ ਲਗਾਉਣ ਲਈ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੂਟਾ ਲਗਾਉਣ ਤੋਂ ਇਲਾਵਾ ਇਸਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਦੁਰਵਰਤੋਂ ਰੋਕਕੇ ਇਸਨੂੰ ਬਚਾਉਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿਚ ਪਾਣੀ ਦਾ ਕਿੱਲਤ ਦਾ ਸਾਹਮਣਾ ਨਾ ਕਰਨਾ ਪੈ ਸਕੇ।
ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਜ਼ਿਲ੍ਹੇ ਵਿਚ ਸਫਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਗਏ ਹਨ, ਉਥੇ ਖੇਤੀਬਾੜੀ, ਜੰਗਲਾਤ ਵਿਭਾਗ, ਨਗਰ ਨਿਗਮ, ਨਗਰ ਕੌਂਸਲਾਂ, ਸਹਿਕਾਰੀ ਸਭਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰੂਦੂਸ਼ਣ ਕੰਟਰੋਲ ਬੋਰਡ ਸਮੇਤ ਕਰੀਬ ਸਾਰੇ ਵਿਭਾਗਾਂ ਵਲੋਂ ਜ਼ਿਲ੍ਹੇ ਵਿਚ ਸਫਾਈ ਅਭਿਆਨ, ਛੱਪੜਾਂ, ਨਾਲਿਆਂ ਦੀ ਸਫਾਈ, ਮੁਫਤ ਪ੍ਰਦੂਸ਼ਣ ਚੈਕਅੱਪ ਕੈਂਪ, ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਆਦਿ ਤੋਂ ਇਲਾਵਾ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਵੀ ਉਲੀਕੇ ਗਏ ਹਨ। ਇਸ ਤੋਂ ਪਹਿਲਾਂ ਸਾਫ਼ ਵਾਤਾਵਰਣ, ਤੰਦਰੁਸਤ ਸਿਹਤ ਅਤੇ ਪਲਾਸਟਿਕ ਮੁਕਤ ਆਲਾ-ਦੁਆਲਾ ਦਾ ਸੁਨੇਹਾ ਦਿੰਦੀ ਇੱਕ ਸਾਇਕਲ ਰੈਲੀ ਨੂੰ ਤਹਿਸੀਲ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਉਪਰੰਤ ਪੁਲਿਸ ਲਾਈਨ ਵਿਖੇ ਤੁਲਸੀ ਦੇ ਪੌਦੇ ਵੀ ਵੰਡੇ ਗਏ।
ਸਮਾਗਮ ਦੌਰਾਨ ਪ੍ਰੋਗਰੈਸਿਵ ਕਿਸਾਨ ਸ਼੍ਰੀ ਨਰਿੰਦਰ ਸਿੰਘ ਅਤੇ ਸ਼੍ਰੀ ਤਰਸੇਮ ਸਿੰਘ ਨੇ ਆਰਗੈਨਿਕ ਖੇਤੀ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਕਿਸਾਨ ਧੜਾਧੜ ਦਵਾਈਆਂ ਅਤੇ ਸਪਰੇਆਂ ਦੀ ਵਰਤੋਂ ਨਾ ਕਰਨ। ਉਨ੍ਹਾਂ ਆਮ ਲੋਕਾਂ ਨੂੰ ਵੀ ਸਬਜ਼ੀ ਘਰ ਵਿਚ ਹੀ ਬੀਜਣ ਦੀ ਸਲਾਹ ਦਿੱਤੀ ਅਤੇ ਯੋਗ ਥਾਂ ਨਾ ਹੋਣ 'ਤੇ ਛੱਤ 'ਤੇ ਸਬਜ਼ੀਆਂ ਉਗਾਉਣ ਦੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ, ਐਸ.ਡੀ.ਐਮ. ਸ਼੍ਰੀ ਜਿਤੇਂਜਰ ਜ਼ੋਰਵਾਰ, ਸਹਾਇਕ ਕਮਿਸ਼ਨਰ (ਜ) ਸ਼੍ਰੀ ਰਣਦੀਪ ਸਿੰਘ ਹੀਰ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਾਜ ਕੁਮਾਰ, ਡੀ.ਐਫ.ਓ ਸ਼੍ਰੀ ਸੁਰਜੀਤ ਸਿੰਘ, ਸਿਵਲ ਸਰਜਨ ਡਾ. ਰੇਨੂੰ ਸੂਦ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼੍ਰੀ ਨਰੇਸ਼ ਕੁਮਾਰ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਵਿਭਾਗ ਸ਼੍ਰੀ ਪ੍ਰੀਤ ਕੋਹਲੀ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਥਾਨਕ ਵਾਸੀ ਮੌਜੂਦ ਸਨ।
ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ : ਅਰੋੜਾ
ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਵਿਚ 'ਮਿਸ਼ਨ ਤੰਦਰੁਸਤ ਪੰਜਾਬ' ਦਾ ਆਗਾਜ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਰਾਜ ਵਿਚ ਚੱਲ ਰਹੇ ਉਦਯੋਗਾਂ ਅਤੇ ਫੈਕਟਰੀਆਂ ਦੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪ੍ਰਦੂਸ਼ਣ ਫੈਲਾਉਣ ਵਾਲਿਆਂ 'ਤੇ ਨਕੇਲ ਕੱਸੀ ਜਾ ਸਕੇ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕੋਈ ਉਦਯੋਗਿਕ ਅਦਾਰਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।
ਸੈਲਾ ਖੁਰਦ ਵਿਖੇ ਇਕ ਫੈਕਟਰੀ ਵਲੋਂ ਪ੍ਰਦੂਸ਼ਣ ਫੈਲਾਏ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਸਬੰਧਤ ਵਿਭਾਗ ਵਲੋਂ ਇਸ ਫੈਕਟਰੀ ਦੇ ਪਾਣੀ ਦਾ ਸੈਂਪਲ ਭਰ ਲਿਆ ਗਿਆ ਹੈ ਅਤੇ ਰਿਪੋਰਟ ਮਿਲਣ ਤੋਂ ਬਾਅਦ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
No comments:
Post a Comment