- -ਰਾਜਨੀਤਿਕ, ਸਮਾਜਸੇਵੀ ਸੰਸਥਾਵਾਂ ਅਤੇ ਅਧਿਕਾਰੀਆਂ/ਮੁਲਾਜ਼ਮਾਂ ਨੇ ਸ਼ਰਮਦਾਨ ਦਿਵਸ 'ਤੇ ਬਿਨ੍ਹਾਂ ਸ਼ਰਮ ਦਫ਼ਤਰਾਂ, ਸਕੂਲਾਂ ਅਤੇ ਚੌਕਾਂ ਦੀ ਕੀਤੀ ਸਫ਼ਾਈ
- -ਕੇਂਦਰੀ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਡਾ.ਬੀ.ਆਰ. ਅੰਬੇਦਕਰ ਜੀ ਦੇ ਬੁੱਤ ਦੀ ਖੁਦ ਕੀਤੀ ਸਫ਼ਾਈ
- -'ਸਵੱਛਤਾ ਰੱਥ' ਨੂੰ ਵੀ ਦਿੱਤੀ ਹਰੀ ਝੰਡੀ
- - ਜ਼ਿਲ੍ਹਾ ਵਾਸੀ 'ਸਵੱਛਤਾ ਹੀ ਸੇਵਾ' ਪੰਦਰਵਾੜਾ ਮੁਹਿੰਮ ਨਾਲ ਕਾਰ ਸੇਵਾ ਵਾਂਗ ਜੁੜਨ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ,17 ਸਤੰਬਰ: ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਨਾਏ ਜਾ ਰਹੇ 'ਸਵੱਛਤਾ ਹੀ ਸੇਵਾ' ਪੰਦਰਵਾੜੇ ਤਹਿਤ ਤੀਸਰੇ ਦਿਨ ਅੱਜ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਮਦਾਨ ਦਿਵਸ 'ਤੇ ਖੁਦ ਝਾੜੂ ਫੜ ਕੇ ਸਫ਼ਾਈ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦੀ ਸਿਰਜਣਾ ਲਈ ਸਫ਼ਾਈ ਦੇ ਇਸ ਮਹਾਂਕੁੰਭ 'ਸਵੱਛਤਾ ਹੀ ਸੇਵਾ' ਵਿੱਚ ਦੇਸ਼ ਦੇ ਹਰ ਇਕ ਨਾਗਰਿਕ ਦੀ ਸ਼ਮੂਲੀਅਤ ਜਰੂਰੀ ਹੈ। ਇਸ ਮੌਕੇ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਬੜੀ ਹੀ ਸ਼ਰਧਾ ਨਾਲ ਖੁਦ ਡਾ.ਬੀ.ਆਰ.ਅੰਬੇਦਕਰ ਜੀ ਦੇ ਬੁੱਤ ਦੀ ਸਫ਼ਾਈ ਵੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਸਵੱਛਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਇਕ ਵਿਸ਼ੇਸ਼ 'ਸਵੱਛਤਾ ਰੱਥ' ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ।

ਆਪਣੇ ਸੰਬੋਧਨ ਵਿੱਚ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਪੂਰੇ ਭਾਰਤ ਵਿੱਚ 15 ਸਤੰਬਰ ਤੋਂ ਗਾਂਧੀ ਜੈਅੰਤੀ 2 ਅਕਤੂਬਰ ਤੱਕ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਸਮੁੱਚੇ ਭਾਰਤ ਵਾਸੀਆਂ ਨੂੰ ਸਫ਼ਾਈ ਕਰਨ ਦਾ ਸੰਕਲਪ ਦਿਵਾਉਣ ਲਈ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜਿਥੇ ਸਰਕਾਰੀ ਵਿਭਾਗ ਇਸ ਮੁਹਿੰਮ ਵਿੱਚ ਯੋਗਦਾਨ ਪਾ ਰਹੇ ਹਨ, ਉਥੇ ਯੂਥ ਕਲੱਬ, ਖਿਡਾਰੀ, ਮਹਿਲਾਵਾਂ, ਉਦਯੋਗਿਕ ਅਦਾਰੇ ਅਤੇ ਸੰਸਥਾਵਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਇਸ ਮੁਹਿੰਮ ਨਾਲ ਜੁੜ ਰਹੀਆਂ ਹਨ। ਉਨ੍ਹਾਂ ਕਿਹਾ ਕਿ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ 2 ਅਕਤੂਬਰ ਤੱਕ ਹਸਪਤਾਲਾਂ, ਪਾਰਕਾਂ, ਸਮਾਰਕਾਂ, ਬੱਸ ਅੱਡਿਆਂ, ਛੱਪੜਾਂ, ਚੌਕਾਂ ਅਤੇ ਜਨਤਕ ਪਖਾਨਿਆਂ ਆਦਿ ਨੂੰ ਸਾਫ਼-ਸੁਥਰਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਨੁਹਾਰ ਬਦਲਣ ਲਈ ਸਮੂਹਿਕ ਇਕਜੁੱਟਤਾ ਕਾਇਮ ਕਰਦੇ ਹੋਏ ਹਰੇਕ ਨਾਗਰਿਕ ਨੂੰ ਇਸ ਦੇਸ਼ ਸੇਵਾ ਵਾਲੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਸਮੂਹ ਰਾਜਨੀਤਿਕ ਪਾਰਟੀਆਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਆਮ ਜਨਤਾ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੁੜਨ, ਤਾਂ ਜੋ ਦੇਸ਼ ਵਿੱਚ ਸਫ਼ਾਈ ਵਿਵਸਥਾ ਦੀ ਮਿਸਾਲ ਕਾਇਮ ਕੀਤੀ ਜਾ ਸਕੇ। ਸਮਾਗਮ ਦੌਰਾਨ ਸ੍ਰੀ ਵਿਜੇ ਸਾਂਪਲਾ ਵਲੋਂ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਕੰਪਲੈਕਸ ਦੇ ਬਾਹਰ ਪੌਦੇ ਵੀ ਲਗਾਏ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਲੋਕ 'ਸਵੱਛਤਾ ਹੀ ਸੇਵਾ' ਪੰਦਰਵਾੜਾ ਮੁਹਿੰਮ ਨਾਲ ਕਾਰ ਸੇਵਾ ਵਾਂਗ ਜੁੜਨ, ਤਾਂ ਜੋ ਜ਼ਿਲ੍ਹੇ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਨਾਲ ਜੁੜੀ ਇਸ ਮੁਹਿੰਮ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਸਮੇਤ ਆਮ ਜਨਤਾ ਨੂੰ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ, ਤਾਂ ਜੋ ਸਫ਼ਾਈ ਵਿਵਸਥਾ ਕਾਇਮ ਕਰਕੇ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਕੇਵਲ ਜ਼ਿਲ੍ਹੇ ਵਿੱਚ ਹੀ ਨਹੀਂ ਪੂਰੇ ਭਾਰਤ ਵਿੱਚ ਸ਼ਰਮਦਾਨ ਦਿਵਸ ਮਨਾ ਕੇ ਭਾਰਤ ਵਾਸੀਆਂ ਨੂੰ ਸਫ਼ਾਈ ਵਿਵਸਥਾ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਹੀ ਨਹੀਂ, ਬਲਕਿ ਸਾਰੀਆਂ ਪ੍ਰਾਈਵੇਟ ਸੰਸਥਾਵਾਂ, ਉਦਯੋਗਿਕ ਅਦਾਰੇ, ਸ਼ਹਿਰਾਂ-ਕਸਬਿਆਂ, ਪਿੰਡਾਂ ਅਤੇ ਵਿਦਿੱਅਕ ਅਦਾਰਿਆਂ ਵਿੱਚ ਵੀ ਆਮ ਜਨਤਾ ਨੂੰ ਜੋੜ ਕੇ ਸਫ਼ਾਈ ਕੀਤੀ ਜਾ ਰਹੀ ਹੈ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜਿਥੇ ਕਾਰਪੋਰੇਸ਼ਨ ਦਫ਼ਤਰਾਂ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਹਰਬੀਰ ਸਿੰਘ ਦੀ ਅਗਵਾਈ ਵਿੱਚ ਸਫ਼ਾਈ ਮੁਹਿੰਮ ਵਿੱਢੀ ਗਈ ਹੈ, ਉਥੇ ਐਸ.ਡੀ.ਐਮ. ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਐਸ.ਡੀ.ਐਮ. ਗੜ੍ਹਸ਼ੰਕਰ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ-ਡਵੀਜ਼ਨਾਂ ਵਿੱਚ ਵੀ ਵੱਡੇ ਪੱਧਰ 'ਤੇ ਸਫ਼ਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੀ ਬੀ.ਡੀ.ਪੀ.ਓਜ਼ ਵਲੋਂ ਪੰਚਾਇਤਾਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਚਲਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 'ਸਵੱਛ ਭਾਰਤ ਮਿਸ਼ਨ' ਤਹਿਤ ਪਿੰਡਾਂ ਨੂੰ ਖੁੱਲ੍ਹੇ ਵਿੱਚ ਸ਼ੋਚ ਮੁਕਤ ਕਰਨ ਲਈ ਸਰਕਾਰ ਵਲੋਂ ਮੁਫ਼ਤ ਪਖਾਨੇ ਬਣਾ ਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਮੁਹਿੰਮ 2 ਅਕਤੂਬਰ ਤੱਕ ਚੱਲਦੀ ਰਹੇਗੀ, ਪਰ ਜ਼ਿਲ੍ਹਾ ਵਾਸੀ ਅਤੇ ਸਰਕਾਰੀ ਅਧਿਕਾਰੀ/ਮੁਲਾਜ਼ਮ ਸਫ਼ਾਈ ਵਿਵਸਥਾ ਕਾਇਮ ਰੱਖਣ ਲਈ ਭਵਿੱਖ ਵਿੱਚ ਵੀ ਆਪਣਾ ਯੋਗਦਾਨ ਪਾਉਂਦੇ ਰਹਿਣ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਜਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਮੈਡਮ ਹਰਦੀਪ ਭਾਂਵਰਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਲਵਿੰਦਰ ਸਿੰਘ ਸਮਰਾ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ, ਐਕਸੀਅਨ ਵਾਰਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਅਮਰਜੀਤ ਸਿੰਘ ਗਿੱਲ, ਐਸ.ਡੀ.ਓ ਸ੍ਰੀ ਨਵਨੀਤ ਕੁਮਾਰ ਜਿੰਦਲ, ਸ੍ਰੀ ਭਾਰਤ ਭੂਸ਼ਨ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਮੁਲਾਜ਼ਮ ਹਜ਼ਾਰਾਂ ਦੀ ਗਿਣਤੀ ਵਿੱਚ ਹਾਜ਼ਰ ਸਨ।
- ਸਫ਼ਾਈ ਦੇ ਮਹਾਂਕੁੰਭ 'ਚ ਸਰਕਾਰੀ ਅਧਿਕਾਰੀਆਂ ਸਮੇਤ ਸਮਾਜ ਸੇਵੀ ਸੰਸਥਾਵਾਂ ਵੀ ਨਿੱਤਰੀਆਂ
- ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਸਾਫ਼-ਸੁਥਰਾ ਬਣਾਉਣ ਲਈ ਦਿੱਤਾ ਸਮੂਹਿਕ ਇਕਜੁੱਟਤਾ ਦਾ ਸੱਦਾ
ਹੁਸ਼ਿਆਰਪੁਰ, 15 ਸਤੰਬਰ: ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 'ਸਵੱਛਤਾ ਹੀ ਸੇਵਾ' ਪੰਦਰਵਾੜਾ ਦਾ ਅੱਜ ਸ਼ਾਨਦਾਰ ਤਰੀਕੇ ਨਾਲ ਆਗਾਜ਼ ਹੋ ਗਿਆ ਹੈ ਅਤੇ ਇਸ ਮੁਹਿੰਮ ਵਿੱਚ ਸਰਕਾਰੀ ਮੁਲਾਜ਼ਮਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਵੀ ਨਿੱਤਰ ਆਈਆਂ ਹਨ। ਪੰਦਰਵਾੜਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਸਮਾਗਮ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ 'ਸਵੱਛਤਾ ਹੀ ਸੇਵਾ' ਸਬੰਧੀ ਪ੍ਰਣ ਦੁਆਇਆ ਗਿਆ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਨੂੰ ਸਾਫ਼-ਸੁਥਰਾ ਬਣਾਉਣ ਲਈ ਸਮਾਜ ਦੇ ਹਰੇਕ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ, ਕਿਉਂਕਿ ਸਮੂਹਿਕ ਇਕਜੁੱਟਤਾ ਨਾਲ ਹੀ 'ਸਵੱਛਤਾ ਹੀ ਸੇਵਾ' ਮੁਹਿੰਮ ਨੂੰ ਕਾਰਗਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਹਰੇਕ ਮੁਲਾਜ਼ਮ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਆਪਣੇ ਦਫ਼ਤਰ, ਘਰ, ਪਿੰਡ ਅਤੇ ਸ਼ਹਿਰ ਵਿੱਚ ਸਫ਼ਾਈ ਲਈ ਯੋਗਦਾਨ ਪਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਮੈਡਮ ਹਰਦੀਪ ਭਾਂਵਰਾ, ਜਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਮੁਲਾਜ਼ਮ ਹਾਜ਼ਰ ਸਨ।
ਉਕਤ ਸਮਾਗਮ ਤੋਂ ਬਾਅਦ ਡੀ.ਏ.ਵੀ. ਬੀ.ਐਡ ਕਾਲਜ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਵੀ ਸਹੁੰ ਚੁਕਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸਵੱਛ ਭਾਰਤ ਮਿਸ਼ਨ' ਤਹਿਤ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਲੋਕਾਂ ਨੂੰ ਸਫ਼ਾਈ ਰੱਖਣ ਅਤੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ 2000 ਪ੍ਰਭਾਤਫੇਰੀਆਂ, ਸਕੂਲਾਂ ਵਿੱਚ ਸੈਮੀਨਾਰਾਂ ਤੋਂ ਇਲਾਵਾ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਫ਼ਾਈ ਵਿਵਸਥਾ ਲਈ ਗਰਾਮ ਪੰਚਾਇਤਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਫ਼-ਸੁਥਰਾ ਮਾਹੌਲ ਸਿਰਜਣ ਦੇ ਉਦੇਸ਼ ਨਾਲ ਖੁੱਲ੍ਹੇ ਵਿੱਚ ਸ਼ੋਚ ਮੁਕਤ ਕਰਨ ਲਈ ਪਖਾਨੇ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਈ ਐਸੇ ਪਿੰਡ ਰਹਿ ਗਏ ਹਨ, ਜਿਨ੍ਹਾਂ ਵਿੱਚ ਮਹਿਜ 10-15 ਪਖਾਨੇ ਬਣਾਉਣੇ ਹੀ ਬਾਕੀ ਰਹਿ ਗਏ ਹਨ। ਅਜਿਹੇ ਪਿੰਡਾਂ ਵਿੱਚ ਗਰਾਮ ਪੰਚਾਇਤਾਂ ਨੂੰ ਪਹਿਲ ਕਰਦੇ ਹੋਏ ਪਖਾਨਾ ਬਣਾਉਣ ਲਈ ਇਸ ਪੰਦਰਵਾੜੇ ਦੌਰਾਨ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਸਮੁੱਚੇ ਜ਼ਿਲ੍ਹੇ ਨੂੰ ਜਲਦ ਤੋਂ ਜਲਦ ਨੂੰ ਖੁੱਲ੍ਹੇ 'ਚ ਪਖਾਨਾ ਮੁਕਤ ਘੋਸ਼ਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਆਪਣੇ-ਆਪਣੇ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਕੋਈ ਕਸਰ ਬਾਕੀ ਨਾ ਛੱਡਣ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸ੍ਰੀ ਅਮਰਜੀਤ ਸਿੰਘ ਗਿੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਲਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਉਪ ਮੰਡਲ ਇੰਜੀਨੀਅਰ ਸੈਨੀਟੇਸ਼ਨ ਸ੍ਰੀ ਨਵਨੀਤ ਕੁਮਾਰ ਜਿੰਦਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
- ਜ਼ਿਲ੍ਹੇ ਦੇ ਇਤਿਹਾਸਕ ਸਥਾਨਾਂ ਦੀ ਬਦਲੀ ਜਾਵੇਗੀ ਦਿੱਖ
ਹੁਸ਼ਿਆਰਪੁਰ, 15 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ 'ਸਵੱਛਤਾ ਹੀ ਸੇਵਾ' ਪੰਦਰਵਾੜਾ ਨੂੰ ਸਫ਼ਲ ਬਣਾਉਣ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ, ਉਦਯੋਗਿਕ ਅਦਾਰੇ, ਸਰਕਾਰੀ ਮੁਲਾਜ਼ਮਾਂ ਅਤੇ ਆਮ ਜਨਤਾ ਦੇ ਸਾਂਝੇ ਉਦਮ ਸਦਕਾ ਹੀ ਜ਼ਿਲ੍ਹੇ, ਸੂਬੇ ਅਤੇ ਭਾਰਤ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਫ਼ਾਈ ਵਿਵਸਥਾ ਸਬੰਧੀ ਚੱਲਣ ਵਾਲੇ ਇਸ ਮਹਾਂਕੁੰਭ ਦੌਰਾਨ 17 ਸਤੰਬਰ ਨੂੰ ਸੇਵਾ ਦਿਵਸ ਮਨਾਉਂਦੇ ਹੋਏ 'ਸ਼ਰਮਦਾਨ' ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਆਪਣੇ ਦਫ਼ਤਰਾਂ ਦੀ ਸਫਾਈ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਤਿਹਾਸਕ ਸਥਾਨਾਂ ਅਤੇ ਮੇਨ ਚੌਕਾਂ ਦੀ ਵੀ ਸਫਾਈ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜਨਤਕ ਪਖਾਨਿਆਂ ਦੀ ਸਫ਼ਾਈ, ਪਿੰਡਾਂ ਵਿੱਚ ਕੂੜੇ ਦੇ ਢੇਰਾਂ ਤੋਂ ਇਲਾਵਾ ਸਕੂਲਾਂ ਵਿੱਚ ਸਫ਼ਾਈ ਸਬੰਧੀ ਸੈਮੀਨਾਰ ਅਤੇ ਮੁਕਾਬਲੇ ਆਦਿ ਵੀ ਕਰਵਾਏ ਜਾਣਗੇ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 24 ਸਤੰਬਰ ਨੂੰ 'ਸਮਗਰ ਸਵੱਛਤਾ' ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ, ਪੰਚਾਇਤ ਭਵਨ, ਜੰਝਘਰ, ਧਰਮਸ਼ਲਾਵਾਂ, ਕਮਿਊਨਿਟੀ ਸੈਂਟਰ, ਜੁਵਨਾਈਲ ਹੋਮ, ਚੌਕਾਂ, ਫਲਾਈ ਓਵਰਜ਼ ਅਤੇ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 25 ਸਤੰਬਰ ਨੂੰ 'ਸਰਵਤਰ ਸਵੱਛਤਾ' ਅਭਿਆਨ ਤਹਿਤ ਹਸਪਤਾਲਾਂ, ਪਾਰਕਾਂ, ਸਮਾਰਕਾਂ, ਬੱਸ ਅੱਡਿਆਂ, ਛੱਪੜਾਂ, ਰੇਲਵੇ ਸਟੇਸ਼ਨਾਂ ਤੋਂ ਇਲਾਵਾ ਨਹਿਰਾਂ, ਚੋਆਂ, ਚਿਲਡਰਨ ਹੋਮ ਅਤੇ ਓਲਡਏਜ ਹੋਮ ਦੀ ਸਫ਼ਾਈ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ 1 ਅਕਤੂਬਰ ਨੂੰ ਵੀ ਇਸ ਮੁਹਿੰਮ ਤਹਿਤ ਘੰਟਾਘਰ, ਗਰੀਨ ਵਿਊ ਪਾਰਕ, ਕਮਾਹੀ ਦੇਵੀ ਟੈਂਪਲ, ਸ਼ਹੀਦ ਭਗਤ ਸਿੰਘ ਮਿਊਜ਼ੀਅਮ ਮੋਰਾਂਵਾਲੀ ਅਤੇ ਸ਼ੀਸ਼ ਮਹਿਲ ਆਦਿ ਦੀ ਸਫ਼ਾਈ ਵੀ ਇਸ ਵਿਸ਼ੇਸ਼ ਅਭਿਆਨ ਰਾਹੀਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਉਦਯੋਗਿਕ ਅਦਾਰੇ ਜ਼ਿਲ੍ਹੇ ਦੀ ਸਫ਼ਾਈ ਪੱਖੋਂ ਨੁਹਾਰ ਬਦਲਣ ਲਈ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰ, ਆਲੇ-ਦੁਆਲੇ, ਪਿੰਡ ਜਾਂ ਸ਼ਹਿਰ ਦੀ ਦਿੱਖ ਬਦਲਣ ਲਈ ਆਪਣਾ ਬਹੁਮੁੱਲਾ ਯੋਗਦਾਨ ਜ਼ਰੂਰ ਦੇਣ। ਉਧਰ ਅੱਜ ਅਹੀਆਪੁਰ ਅਤੇ ਪਿੰਡ ਸੀਬੋਚੱਕ ਵਿਖੇ ਪਿੰਡ ਦੀਆਂ ਪੰਚਾਇਤਾਂ, ਆਂਗਣਵਾੜੀ ਵਰਕਰਾਂ, ਮਹਿਲਾ ਮੰਡਲ ਦੇ ਮੈਂਬਰਾਂ ਅਤੇ ਆਮ ਜਨਤਾ ਵਲੋਂ ਪਿੰਡਾਂ ਦੀ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਖੇਤੀ ਭਵਨ ਹੁਸ਼ਿਆਰਪੁਰ ਵਿਖੇ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਪ੍ਰਣ ਲੈਂਦਿਆਂ 2 ਅਕਤੂਬਰ ਤੱਕ ਚੌਗਿਰਦੇ ਦੀ ਸਫ਼ਾਈ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਹੁਸ਼ਿਆਰਪੁਰ, 15 ਸਤੰਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਅਤੇ ਐਡਵੋਕੇਟ ਸ੍ਰੀ ਸੁਖਵੀਰ ਸਿੰਘ ਦੇ ਸਹਿਯੋਗ ਨਾਲ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸ੍ਰੀ ਰਵੀ ਗੁਲਾਟੀ ਤੋਂ ਇਲਾਵਾ ਹੋਰ ਜੱਜ ਸਾਹਿਬਾਨ ਅਤੇ ਵਕੀਲ ਸਾਹਿਬਾਨ ਵੀ ਹਾਜ਼ਰ ਸਨ।
ਪੌਦੇ ਲਗਾਉਣ ਦੀ ਇਸ ਮੁਹਿੰਮ ਨਾਲ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੱਤਾ ਗਿਆ ਹੈ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ, ਕਿਉਂਕਿ ਰੁੱਖ ਲਗਾਉਣ ਨਾਲ ਵਾਤਾਵਰਣ ਦਾ ਸੰਤੁਲਨ ਬਰਕਰਾਰ ਰਹਿੰਦਾ ਹੈ। 'ਇਕ ਰੁੱਖ-ਸੌ ਸੁੱਖ' ਨਾਂ ਹੇਠ ਲਗਾਏ ਗਏ ਇਨ੍ਹਾਂ ਪੌਦਿਆਂ ਨਾਲ ਜਿਥੇ ਆਕਸੀਜਨ ਵਿੱਚ ਵਾਧਾ ਹੁੰਦਾ ਹੈ, ਉਥੇ ਵਾਤਾਵਰਣ ਦੀ ਸ਼ੁੱਧਤਾ ਵੀ ਬਰਕਰਾਰ ਰਹਿੰਦੀ ਹੈ।
- ਵਿਸ਼ੇਸ਼ ਦਿਵਸ ਮਨਾ ਕੇ ਸਫ਼ਾਈ ਵਿਵਸਥਾ ਅਪਨਾਉਣ ਸਬੰਧੀ ਕੀਤਾ ਜਾਵੇਗਾ ਜਾਗਰੂਕ
- ਜ਼ਿਲ੍ਹੇ ਦੇ ਕਸਬਿਆਂ, ਸ਼ਹਿਰਾਂ, ਪਿੰਡਾਂ ਅਤੇ ਹਸਪਤਾਲਾਂ ਵਿੱਚ ਚਲਾਏ ਜਾਣਗੇ ਵਿਸ਼ੇਸ਼ ਸਫ਼ਾਈ ਅਭਿਆਨ
ਹੁਸ਼ਿਆਰਪੁਰ, 13 ਸਤੰਬਰ: 'ਸਵੱਛ ਭਾਰਤ ਮਿਸ਼ਨ' ਤਹਿਤ ਜ਼ਿਲ੍ਹੇ ਵਿੱਚ 15 ਸਤੰਬਰ ਤੋਂ 1 ਅਕਤੂਬਰ ਤੱਕ 'ਸਵੱਛਤਾ ਹੀ ਸੇਵਾ' ਥੀਮ ਤਹਿਤ ਵਿਸ਼ੇਸ਼ ਦਿਵਸ ਮਨਾਉਂਦੇ ਹੋਏ ਸਫ਼ਾਈ ਵਿਵਸਥਾ ਸਬੰਧੀ ਜਾਗਰੂਕਤਾ ਲਿਆਂਦੀ ਜਾਵੇਗੀ। ਇਸ ਸਬੰਧੀ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਦੇ ਕਸਬਿਆਂ, ਸ਼ਹਿਰਾਂ, ਪਿੰਡਾਂ, ਸਮਾਰਕਾਂ, ਸਿਵਲ ਹਸਪਤਾਲਾਂ, ਬੱਸ ਅੱਡਿਆਂ ਅਤੇ ਪ੍ਰਮੁੱਖ ਸਥਾਨਾਂ 'ਤੇ ਸਫ਼ਾਈ ਅਭਿਆਨ ਚਲਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੱਛ ਭਾਰਤ ਮਿਸ਼ਨ ਦੀ ਤੀਸਰੀ ਵਰ੍ਹੇਗੰਢ 'ਤੇ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਦੀ ਤੀਸਰੀ ਵਰ੍ਹੇਗੰਢ 'ਤੇ ਸਮੂਹ ਦੇਸ਼ ਵਿੱਚ ਵੱਖ-ਵੱਖ ਦਿਵਸ ਮਨਾ ਕੇ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹੇ ਵਿੱਚ 15 ਸਤੰਬਰ ਤੋਂ ਲੈ ਕੇ 1 ਅਕਤੂਬਰ ਤੱਕ ਵੱਖ-ਵੱਖ ਦਿਵਸ ਮਨਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਉਲੀਕੇ ਗਏ ਪ੍ਰੋਗਰਾਮ ਤਹਿਤ 15 ਅਤੇ 16 ਸਤੰਬਰ ਨੂੰ ਸਵੱਛਤਾ ਅਪਨਾਉਣ ਸਬੰਧੀ ਸਹੁੰ ਚੁੱਕਾ ਕੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 17 ਸਤੰਬਰ ਨੂੰ ਸੇਵਾ ਦਿਵਸ ਦੇ ਤਹਿਤ ਨੈਸ਼ਨਲ ਵਾਈਡ ਸ਼ਰਮਦਾਨ ਪ੍ਰੋਗਰਾਮ ਤਹਿਤ ਸਵੇਰੇ 10 ਵਜੇ ਤੋਂ ਲੈ ਕੇ 12 ਵਜੇ ਤੱਕ ਵੱਖ-ਵੱਖ ਵਿਭਾਗਾਂ ਵਲੋਂ ਪ੍ਰੋਗਰਾਮ ਉਲੀਕ ਕੇ ਸਫ਼ਾਈ ਮੁਹਿੰਮ ਸਬੰਧੀ ਜਾਗਰੂਕਤਾ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ 24 ਸਤੰਬਰ ਨੂੰ ਸਮਗਰ ਸਵੱਛਤਾ ਦੇ ਤਹਿਤ ਸਾਰੇ ਸ਼ਹਿਰ ਵਾਸੀਆਂ, ਮਿਉਂਸੀਪਲ ਬਾਡੀਜ਼, ਯੂਥ ਐਂਡ ਡਿਫੈਂਸ ਪਰਸਨਲ, ਮਹਿਲਾਵਾਂ ਅਤੇ ਬੱਚਿਆਂ, ਖਿਡਾਰੀਆਂ, ਕਾਰਪੋਰੇਟਸ, ਸਿਵਲ ਸਰਵੈਂਸ ਦੇ ਸਹਿਯੋਗ ਨਾਲ ਸਫ਼ਾਈ ਵਿਵਸਥਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਸਫ਼ਾਈ ਅਭਿਆਨ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 25 ਸਤੰਬਰ ਨੂੰ ਸਰਵਤਰ ਸਵੱਛਤਾ ਅਭਿਆਨ ਤਹਿਤ ਹਸਪਤਾਲਾਂ, ਪਾਰਕਾਂ, ਸਮਾਰਕਾਂ, ਬੱਸ ਅੱਡਿਆਂ, ਛੱਪੜਾਂ ਅਤੇ ਪਖਾਨਿਆਂ ਵਿੱਚ ਸਫ਼ਾਈ ਅਭਿਆਨ ਚਲਾ ਕੇ ਸਾਫ਼-ਸੁਥਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 1 ਅਕਤੂਬਰ ਨੂੰ ਵੀ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰਾਂ ਅਤੇ ਕਸਬਿਆਂ ਦੀਆਂ ਮੁੱਖ ਥਾਵਾਂ ਦੀ ਸਫ਼ਾਈ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪੱਧਰ 'ਤੇ ਸਮਾਗਮ ਦਾ ਆਯੋਜਨ ਕੀਤਾਜਾਵੇਗਾ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਇਕ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਵਿਸ਼ੇਸ਼ ਤੌਰ 'ਤੇ ਰੂਪ ਰੇਖਾ ਤਿਆਰ ਕਰਨ, ਤਾਂ ਜੋ ਸਮੂਹ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਅਧਿਕਾਰੀ ਅਤੇ ਕਰਮਚਾਰੀ ਸਫ਼ਾਈ ਵਿਵਸਥਾ ਨੂੰ ਅਪਨਾਉਣ ਲਈ ਵਿਸਥਾਰ ਨਾਲ ਆਮ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਅਮਰਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਸ੍ਰੀ ਅਮਰਜੀਤ ਸਿੰਘ ਗਿੱਲ, ਸੈਨੀਟੇਸ਼ਨ ਅਫ਼ਸਰ ਸ੍ਰੀ ਨਵਨੀਤ ਕੁਮਾਰ ਜਿੰਦਲ , ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।