ਪੰਜਾਬ ਦਾ ਪਹਿਲਾ 'ਬਾਲਿਕਾ ਮੰਚ' ਹੁਸ਼ਿਆਰਪੁਰ 'ਚ ਸਥਾਪਿਤ


  • ਸਰਕਾਰੀ ਸਕੂਲ ਖੜਕਾਂ 'ਚ ਸਥਾਪਿਤ 'ਬਾਲਿਕਾ ਮੰਚ' ਇਕ ਮਿਸਾਲ ਕਾਇਮ ਕਰੇਗਾ : ਡਿਪਟੀ ਕਮਿਸ਼ਨਰ  
  • ਕਿਹਾ, 'ਬਾਲਿਕਾ ਮੰਚ' ਦਾ ਸੰਕਲਪ ਲੜਕੀਆਂ ਦੇ ਸਰਵਪੱਖੀ ਵਿਕਾਸ ਲਈ ਇਕ ਮੀਲ ਪੱਥਰ
ਹੁਸ਼ਿਆਰਪੁਰ, 12 ਅਕਤੂਬਰ:  ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੰਜਾਬ ਦਾ ਪਹਿਲਾ 'ਬਾਲਿਕਾ ਮੰਚ' ਸਥਾਪਿਤ ਹੋ ਗਿਆ ਹੈ ਅਤੇ ਇਹ ਮੰਚ ਜਿਥੇ ਘਰੇਲੂ ਹਿੰਸਾ ਨੂੰ ਠੱਲ੍ਹ ਪਾਉਣ ਵਿੱਚ ਕਾਮਯਾਬ ਹੋਵੇਗਾ, ਉਥੇ ਸਕੂਲਾਂ 'ਚ ਪੜ੍ਹਦੀਆਂ ਲੜਕੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਵੇਗਾ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਵਿਖੇ 'ਬਾਲਿਕਾ ਮੰਚ' ਦੀ ਸਥਾਪਨਾ ਕਰਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵਲੋਂ ਚਲਾਈ ਜਾ ਰਹੀ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਕੀਮ ਅਧੀਨ 'ਬਾਲਿਕਾ ਮੰਚ' ਦਾ ਸੰਕਲਪ ਲੜਕੀਆਂ ਦੇ ਸਰਵਪੱਖੀ ਵਿਕਾਸ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬੱਚਾ ਆਪਣੇ ਘਰ ਵਿੱਚ ਹੁੰਦੀ ਘਰੇਲੂ ਹਿੰਸਾ ਦੇਖਦਾ ਹੈ, ਤਾਂ ਉਹ ਇਸ 'ਬਾਲਿਕਾ ਮੰਚ' ਨੂੰ ਜਾਣਕਾਰੀ ਦੇਣ ਤੋਂ ਗੁਰੇਜ਼ ਨਾ ਕਰੇ, ਕਿਉਂਕਿ ਇਸ ਜਾਣਕਾਰੀ ਨਾਲ ਹੀ ਘਰੇਲੂ ਹਿੰਸਾ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਖੜਕਾਂ ਦਾ ਇਹ 'ਬਾਲਿਕਾ ਮੰਚ' ਇਕ ਮਿਸਾਲ ਕਾਇਮ ਕਰੇਗਾ।

            ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਇਸ ਮੰਚ ਜ਼ਰੀਏ ਲੜਕੀਆਂ ਵਿੱਚੋਂ ਡਰ ਦੀ ਭਾਵਨਾ ਕੱਢੀ ਜਾਵੇਗੀ, ਤਾਂ ਜੋ ਉਹ ਬਿਨ੍ਹਾਂ ਕਿਸੇ ਡਰ ਤੋਂ ਸਿੱਖਿਆ ਹਾਸਲ ਕਰਕੇ ਉਚ ਮੁਕਾਮ ਤੱਕ ਪਹੁੰਚਣ।
ਉਨ੍ਹਾਂ ਕਿਹਾ ਕਿ ਸਿੱਖਿਆ ਨਾਲ ਹੀ ਲੜਕੀਆਂ ਆਰਥਿਕ ਤਰੱਕੀ ਹਾਸਲ ਕਰ ਸਕਦੀਆਂ ਹਨ ਅਤੇ ਸਮਾਜ ਵਿੱਚ ਉਚਾ ਰੁਤਬਾ ਪ੍ਰਾਪਤ ਕਰ ਸਕਦੀਆਂ ਹਨ, ਇਸ ਲਈ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ 'ਬਾਲਿਕਾ ਮੰਚ' ਵਰਗੀਆਂ ਸੰਸਥਾਵਾਂ ਵਿੱਚ ਸ਼ਾਮਲ ਹੋ ਕੇ ਆਪਣੀ ਪ੍ਰਤਿਭਾ ਨੂੰ ਉਜਾਗਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੜਕਾਂ ਸਕੂਲ ਦੇ ਇਸ 'ਬਾਲਿਕਾ ਮੰਚ' ਤੋਂ ਬਾਅਦ ਜ਼ਿਲ੍ਹੇ ਦੇ ਬਾਕੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੀ ਇਸ ਦੀ ਸਿਰਜਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੰਚ ਵਿਚ ਵਿਦਿਆਰਥਣਾਂ ਨੂੰ ਹੀ ਸ਼ਾਮਿਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੰਚ ਨਾਲ ਸਿਹਤ, ਸਿੱਖਿਆ, ਪੁਲਿਸ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ, ਕਰਮਚਾਰੀ ਸਿੱਧਾ ਰਾਬਤਾ ਕਾਇਮ ਕਰਨਗੇ। ਉਨ੍ਹਾਂ ਕਿਹਾ ਕਿ ਲੜਕੀਆਂ ਕੁਝ ਵੀ ਕਰ ਸਕਦੀਆਂ ਹਨ, ਇਸ ਲਈ ਉਹ ਆਪਣੇ ਅਧਿਆਪਕਾਂ ਨੂੰ ਰੋਲ ਮਾਡਲ ਬਣਾ ਕੇ ਸਖਤ ਮਿਹਨਤ ਕਰਨ। ਇਸ ਦੇ ਨਾਲ-ਨਾਲ ਉਹ ਘਰੇਲੂ ਹਿੰਸਾ ਅਤੇ ਕਿਸੇ ਵੀ ਪ੍ਰਕਾਰ ਦੀ ਛੇੜਛਾੜ ਬਾਰੇ 'ਬਾਲਿਕਾ ਮੰਚ' ਨੂੰ ਜਾਣੂ ਕਰਵਾਉਣ, ਤਾਂ ਜੋ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ ਅਤੇ ਲੜਕੀਆਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾ ਸਕੇ।

           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੰਚ ਸਥਾਪਿਤ ਹੋਣ ਨਾਲ ਜਿੱਥੇ ਲੜਕੀਆਂ ਸਹਿਜ ਮਹਿਸੂਸ ਕਰਨਗੀਆਂ, ਉਥੇ ਉਹ ਕਿਸੇ ਵੀ ਤਰ੍ਹਾਂ ਦੀ ਘਟਨਾ ਬਾਰੇ ਖੁੱਲ੍ਹ ਕੇ ਦੱਸ ਸਕਣਗੀਆਂ।
ਉਨ੍ਹਾਂ ਕਿਹਾ ਕਿ ਛੇੜਛਾੜ ਵਰਗੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸਖ਼ਤੀ ਨਾਲ ਕਦਮ ਚੁੱਕੇਗਾ, ਤਾਂ ਜੋ ਸਕੂਲਾਂ 'ਚ ਪੜ੍ਹਦੀਆਂ ਲੜਕੀਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝਣਾ ਨਾ ਪਵੇ। ਉਨ੍ਹਾਂ ਪੁਲਿਸ ਅਤੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਅੰਦਰ ਜਾਗਰੂਕਤਾ ਲਿਆਂਦੀ ਜਾਵੇ ਕਿ ਜੇਕਰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਗਲਤ ਹਰਕਤ ਕਰਦਾ ਹੈ ਜਾਂ ਫੱਬਤੀਆਂ ਕੱਸਦਾ ਹੈ, ਤਾਂ ਉਸ ਬਾਰੇ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਦੱਸਿਆ ਜਾਵੇ।

           ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀ ਮੋਹਨ ਸਿੰਘ ਲੇਹਲ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਰਣਜੀਤ ਕੌਰ, ਪ੍ਰਿੰਸੀਪਲ ਸਰਕਾਰੀ ਸਕੂਲ ਖੜਕਾਂ ਸ੍ਰੀਮਤੀ ਸਤਵੰਤ ਕੌਰ, ਸਹਾਇਕ ਫੂਡ ਤੇ ਸਿਵਲ ਸਪਲਾਈ ਅਫ਼ਸਰ ਸ੍ਰੀ ਅਮਿਤ ਕੁਮਾਰ ਭੱਟੀ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।
           ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਦੇ 'ਬਾਲਿਕਾ ਮੰਚ' ਦੀ ਰੂਪ ਰੇਖਾ
           ਬਾਹਰਵੀਂ ਕਲਾਸ ਦੀ ਵਿਦਿਆਰਥਣ ਦੀਕਸ਼ਾ ਚੇਅਰਪਰਸਨ, ਅਧਿਆਪਕ ਕੁਲਦੀਪ ਕੌਰ ਕਨਵੀਨਰ, ਸਕੂਲ ਮੈਨੇਜਮੈਂਟ ਕਮੇਟੀ ਦੀ ਮੈਂਬਰ ਜਸਬੀਰ ਕੌਰ ਤੋਂ ਇਲਾਵਾ ਬਾਕੀ ਮੈਂਬਰਾਂ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਤਾਨੀਆ, ਕੁਮਾਰੀ ਮਨੀਸ਼ਾ, ਤਾਰਾ, ਤਨੂ, ਸਾਕਸ਼ੀ ਅਤੇ ਮਨੀਸ਼ਾ ਸ਼ਾਮਲ ਹਨ। ਮੰਚ ਵਿੱਚ ਛੇਵੀਂ ਕਲਾਸ ਤੋਂ ਬਾਹਰਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ 'ਬਾਲਿਕਾ ਮੰਚ' ਦੇ ਕੁੱਲ 9 ਮੈਂਬਰ ਹਨ।

ਪਰਾਲੀ ਨੂੰ ਅੱਗ ਨਾ ਲਾਉਣ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ


  • ਮਨੁੱਖਤਾ ਲਈ ਘਾਤਕ ਪ੍ਰਦੂਸ਼ਣ ਖਿਲਾਫ ਇਕਜੁੱਟਤਾ ਦਾ ਦਿੱਤਾ ਸੱਦਾ
ਹੁਸ਼ਿਆਰਪੁਰ, 12 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਅੱਜ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨਾਲ ਮੀਟਿੰਗ ਕਰਕੇ ਜਿਥੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਗੱਲ ਕਹੀ ਗਈ, ਉਥੇ ਇਸ ਵਾਰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਵੀ ਕੀਤੀ ਗਈ, ਤਾਂ ਜੋ ਵਾਤਾਵਰਣ ਪ੍ਰਦੂਸ਼ਿਤ ਨਾ ਹੋ ਸਕੇ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨੁਪਮ ਕਲੇਰ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਵਾਤਾਵਰਣ ਵਿੱਚ ਪ੍ਰਦੂਸ਼ਣ ਲਗਾਤਾਰ ਵੱਧ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਮਾਨਯੋਗ ਸੁਪਰੀਮ ਕੋਰਟ ਵਲੋਂ ਵੀ ਇਸ ਸਬੰਧੀ ਗੰਭੀਰਤਾ ਦਿਖਾਈ ਗਈ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਸਬੰਧੀ ਪਟਾਕੇ ਚਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਵੇਗਾ, ਜੋ ਮਨੁੱਖੀ ਸਿਹਤ ਲਈ ਘਾਤਕ ਸਿੱਧ ਹੋ ਸਕਦਾ ਹੈ, ਇਸ ਲਈ ਜ਼ਿਲ੍ਹਾ ਨਿਵਾਸੀ ਇਸ ਸਾਲ ਦੀ ਦੀਵਾਲੀ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਵਜੋਂ ਮਨਾ ਕੇ ਸਮੁੱਚੀ ਮਨੁੱਖਤਾ ਲਈ ਅਹਿਮ ਭੂਮਿਕਾ ਅਦਾ ਕਰਨ।  

                       ਸ੍ਰੀਮਤੀ ਕਲੇਰ ਨੇ ਸਕੂਲ ਮੁਖੀਆਂ ਨੂੰ ਸਕੂਲਾਂ ਵਿੱਚ ਸੈਮੀਨਾਰ, ਪੋਸਟਰ ਮੇਕਿੰਗ ਮੁਕਾਬਲੇ, ਜਾਗਰੂਕਤਾ ਰੈਲੀਆਂ ਸਮੇਤ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਪਟਾਕਿਆਂ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਕਿਹਾ, ਜਦਕਿ ਸਿਹਤ ਵਿਭਾਗ ਨੂੰ ਵੀ ਸਕੂਲ ਮੁਖੀਆਂ ਨਾਲ ਤਾਲਮੇਲ ਕਰਕੇ ਪ੍ਰਦੂਸ਼ਣ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਸੈਮੀਨਾਰ ਆਦਿ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐਨ.ਜੀ.ਓਜ਼ ਗਰੀਨ ਦੀਵਾਲੀ ਮਨਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਵਿੱਚ ਮੋਹਰੀ ਰੋਲ ਅਦਾ ਕਰ ਸਕਦੇ ਹਨ। ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਰਹੇਗੇ, ਇਸ ਲਈ ਇਸ ਸਮੇਂ ਦੌਰਾਨ ਵਿਸ਼ੇਸ਼ ਤੌਰ 'ਤੇ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਸਰਪੰਚਾਂ, ਨੰਬਰਦਾਰਾਂ, ਐਨ.ਸੀ.ਸੀ./ਐਨ.ਐਸ.ਐਸ. ਵਲੰਟੀਅਰਾਂ ਸਮੇਤ ਸਮੂਹ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਗਰੀਨ ਦੀਵਾਲੀ ਮਨਾਉਣ ਲਈ ਇਕ ਦੂਸਰੇ ਨੂੰ ਜਾਗਰੂਕ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਗਰੀਨ ਦੀਵਾਲੀ ਮਨਾਉਣ ਲਈ ਸਹੁੰ ਵੀ ਚੁਕਾਈ ਗਈ।
                       ਏ.ਡੀ.ਸੀ. ਨੇ ਝੋਨੇ ਦੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨਾ ਸਾੜਨ ਲਈ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ, ਕਿਉਂਕਿ ਇਸ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਉਥੇ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨੂੰ ਇਸ ਰੁਝਾਨ ਖਿਲਾਫ਼ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰੀ ਅਮਰਜੀਤ ਸਿੰਘ, ਡੀ.ਐਸ.ਪੀ. (ਐਚ) ਸ੍ਰੀ ਜੰਗ ਬਹਾਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

'ਸਾਂਝੀ ਰਸੋਈ' 'ਚ ਖਾਣਾ ਖਾਣ ਵਾਲੇ 50 ਹਜ਼ਾਰਵੇਂ ਵਿਅਕਤੀ ਨੂੰ ਕੀਤਾ ਸਨਮਾਨਿਤ

  • ਹੁਣ ਤੱਕ 50 ਹਜ਼ਾਰ ਵਿਅਕਤੀਆਂ ਨੇ 'ਸਾਂਝੀ ਰਸੋਈ' 'ਚ ਖਾਧਾ ਖਾਣਾ
  • ਆਪਣੇ ਮਕਸਦ ਵਿੱਚ ਸਫ਼ਲ ਹੋ ਰਹੀ ਹੈ ਹੁਸ਼ਿਆਰਪੁਰ ਦੀ 'ਸਾਂਝੀ ਰਸੋਈ' : ਡਿਪਟੀ ਕਮਿਸ਼ਨਰ
  • ਹੁਣ ਤੱਕ ਕਰੀਬ 179 ਸਖਸ਼ੀਅਤਾਂ ਵਲੋਂ ਆਪਣੇ ਵਿਸ਼ੇਸ਼ ਦਿਨ ਬੁੱਕ ਕਰਵਾਏ ਗਏ
ਹੁਸ਼ਿਆਰਪੁਰ, 11 ਅਕਤੂਬਰ: ਹੁਸ਼ਿਆਰਪੁਰ ਵਿਖੇ ਲੋੜਵੰਦ ਵਿਅਕਤੀਆਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਖੋਲ੍ਹੀ ਗਈ 'ਸਾਂਝੀ ਰਸੋਈ' ਵਿੱਚ ਹੁਣ ਤੱਕ 50 ਹਜ਼ਾਰ ਵਿਅਕਤੀ ਖਾਣਾ ਖਾ ਚੁੱਕੇ ਹਨ ਅਤੇ ਅੱਜ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ 50 ਹਜ਼ਾਰਵੇਂ ਵਿਅਕਤੀ ਸ੍ਰੀ ਕ੍ਰਿਸ਼ਨ ਦੇਵ ਸਿੰਘ (ਬਿਹਾਰ) ਹਾਲ ਵਾਸੀ ਹੁਸ਼ਿਆਰਪੁਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਅਤੇ ਸੁਸਾਇਟੀ ਦੇ ਹੋਰ ਮੈਂਬਰਾਂ ਨੇ ਉਕਤ ਵਿਅਕਤੀ ਨੂੰ ਸਨਮਾਨ ਚਿੰਨ੍ਹ ਸੌਂਪ ਕੇ ਖੁਸ਼ੀ ਜਾਹਿਰ ਕੀਤੀ।

                       ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ 'ਸਾਂਝੀ ਰਸੋਈ' ਬਾਰੇ ਦੱਸਦਿਆਂ ਕਿਹਾ ਕਿ ਹੁਸ਼ਿਆਰਪੁਰ ਦੀ 'ਸਾਂਝੀ ਰਸੋਈ' ਆਪਣੇ ਮਕਸਦ ਵਿੱਚ ਸਫ਼ਲ ਹੋ ਰਹੀ ਹੈ, ਕਿਉਂਕਿ ਇਥੇ ਜ਼ਰੂਰਤਮੰਦ ਵਿਅਕਤੀਆਂ ਨੂੰ ਕੇਵਲ 10 ਰੁਪਏ ਵਿੱਚ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਕਰੀਬ 500 ਵਿਅਕਤੀਆਂ ਨੂੰ ਇਥੇ ਦੁਪਹਿਰ ਦਾ ਭੋਜਨ ਉਪਲਬੱਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਿਆਰ ਕੀਤੇ ਜਾਂਦੇ ਇਸ ਖਾਣੇ ਦੀ ਸਿਹਤ ਮਹਿਕਮੇ ਵਲੋਂ ਸਮੇਂ-ਸਮੇਂ 'ਤੇ ਜਾਂਚ ਵੀ ਕਰਵਾਈ ਜਾਂਦੀ ਹੈ।
                       ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਹੀ ਜ਼ਿਲ੍ਹੇ ਦਾ ਇਹ ਪ੍ਰੋਜੈਕਟ ਮੋਹਰੀ ਰੋਲ ਅਦਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦਾਨੀ ਸਖਸ਼ੀਅਤਾਂ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਅਤੇ ਹੋਰ ਵਿਸ਼ੇਸ਼ ਯਾਦ ਮਨ੍ਹਾ ਕੇ ਖੁਸ਼ੀ ਮਹਿਸੂਸ ਕਰ ਰਹੀਆਂ ਹਨ, ਕਿਉਂਕਿ ਉਨ੍ਹਾਂ ਨੂੰ ਆਪਣਾ ਵਿਸ਼ੇਸ਼ ਦਿਨ ਮਨਾਉਣ ਦੇ ਨਾਲ-ਨਾਲ ਮਾਨਵਤਾ ਦੀ ਸੇਵਾ ਕਰਨ ਦਾ ਵੀ ਮੌਕਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 179 ਸਖਸ਼ੀਅਤਾਂ ਵਲੋਂ ਆਪਣੇ ਵਿਸ਼ੇਸ਼ ਦਿਨ ਬੁੱਕ ਕਰਵਾਏ ਜਾ ਚੁੱਕੇ ਹਨ।
         ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 'ਸਾਂਝੀ ਰਸੋਈ' ਸ਼ੁਰੂ ਕਰਨ ਦਾ ਇਹੀ ਮਕਸਦ ਹੈ ਕਿ ਇਸ ਦਾ ਲਾਭ ਵੱਧ ਤੋਂ ਵੱਧ ਜ਼ਰੂਰਤਮੰਦਾਂ ਨੂੰ ਮਿਲੇ ਅਤੇ ਇਸ ਲਈ ਦਾਨੀ ਸੱਜਣਾਂ ਦੇ ਸਹਿਯੋਗ ਦੀ ਵੀ ਬੇਹੱਦ ਲੋੜ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਸਮਾਜ ਸੇਵਾ ਦਾ ਕੰਮ ਉਦੋਂ ਤੱਕ ਸਿਰੇ ਨਹੀਂ ਚੜ੍ਹ ਸਕਦਾ, ਜਦੋਂ ਤੱਕ ਉਸ ਵਿੱਚ ਆਮ ਜਨਤਾ ਦੀ ਸ਼ਮੂਲੀਅਤ ਨਾ ਹੋਵੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਲ ਵਿੱਚ ਘੱਟੋ-ਘੱਟ ਇਕ ਵਾਰ ਅਸੀਂ ਆਪਣੀਆਂ ਖੁਸ਼ੀਆਂ ਅਤੇ ਹੋਰ ਪਰਿਵਾਰਕ ਸਮਾਗਮ 'ਸਾਂਝੀ ਰਸੋਈ' ਵਿੱਚ ਮਨਾਈਏ ਅਤੇ ਦਾਨ ਦੀ ਰਾਸ਼ੀ ਦੇਣ ਤੋਂ ਇਲਾਵਾ ਸਾਰੇ ਜ਼ਰੂਰਤਮੰਦਾਂ ਨੂੰ ਇਕ ਦਿਨ ਦਾ ਖਾਣਾ ਖੁਦ ਖੁਆਈਏ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਆਪਣੇ ਵਿਸ਼ੇਸ਼ ਸਮਾਗਮ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਲ ਬੁੱਕ ਕਰਵਾਏ ਜਾ ਸਕਦੇ ਹਨ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਜੇਕਰ ਕੋਈ ਦਾਨੀ ਸੱਜਣ ਯੋਗਦਾਨ ਪਾਉਣਾ ਚਾਹੁੰਦਾ ਹੈ, ਤਾਂ ਉਹ ਰੈਡ ਕਰਾਸ ਸੁਸਾਇਟੀ ਨਾਲ ਸੰਪਰਕ ਕਰ ਸਕਦਾ ਹੈ।

ਬਾਲ ਸਾਹਿਤ ਕੁਇਜ਼ ਮੁਕਾਬਲਿਆਂ 'ਚ ਹਿੱਸਾ ਲੈਣ ਲਈ 17 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਨੇ ਫਾਰਮ : ਜ਼ਿਲ੍ਹਾ ਭਾਸ਼ਾ ਅਫ਼ਸਰ


  • ਪੰਜਾਬੀ ਸਾਹਿਤ, ਧਰਮ, ਭਾਸ਼ਾ ਪ੍ਰਸਿੱਧ ਸਖਸ਼ੀਅਤਾਂ, ਸਭਿਆਚਾਰ, ਇਤਿਹਾਸ ਅਤੇ ਭੂਗੋਲ ਨਾਲ ਸੰਬਧਤ ਹੋਣਗੇ ਮੁਕਾਬਲੇ
ਹੁਸ਼ਿਆਰਪੁਰ, 11 ਅਕਤੂਬਰ:  ਭਾਸ਼ਾ ਵਿਭਾਗ ਪੰਜਾਬ ਵਲੋਂ ਜਿਲ੍ਹਾ ਪੱਧਰ ਦੇ ਪੰਜਾਬੀ ਸਾਹਿਤ, ਧਰਮ, ਭਾਸ਼ਾ ਪ੍ਰਸਿੱਧ ਸਖਸ਼ੀਅਤਾਂ, ਸਭਿਆਚਾਰ, ਇਤਿਹਾਸ ਅਤੇ ਭੂਗੋਲ ਨਾਲ ਸੰਬਧਤ ਬਾਲ ਸਾਹਿਤ ਕੁਇਜ਼ ਮੁਕਾਬਲੇ 30 ਅਕਤੂਬਰ ਨੂੰ ਸਵੇਰੇ 10 ਵਜੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਇਹ ਮੁਕਾਬਲੇ 3 ਵਰਗਾਂ ਵਿੱਚ ਕਰਵਾਏ ਜਾਣਗੇ। ਵਰਗ (À) ਵਿੱਚ ਅੱਠਵੀਂ ਸ਼੍ਰੇਣੀ ਤੱਕ, ਵਰਗ (ਅ) ਵਿੱਚ ਬਾਹਰਵੀਂ ਅਤੇ ਵਰਗ (Â) ਵਿੱਚ ਬੀ.ਏ./ਬੀ.ਕਾਮ/ਬੀ.ਐਸ.ਸੀ. ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਕੁਇਜ਼ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਪ੍ਰਤੀਯੋਗੀ ਆਪਣੀ ਐਂਟਰੀ ਸਕੂਲ/ਕਾਲਜ ਰਾਹੀਂ 17 ਅਕਤੂਬਰ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਕਮਰਾ ਨੰ: 307-309, ਤੀਜ਼ੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਕੋਈ ਐਂਟਰੀ ਫੀਸ ਨਹੀਂ ਹੋਵੇਗੀ। ਭਾਗ ਲੈਣ ਵਾਲੇ ਹਰ ਵਿਦਿਆਰਥੀ ਲਈ ਆਪਣੀ ਸ਼੍ਰੇਣੀ ਅਤੇ ਜਨਮ ਮਿਤੀ ਸਬੰਧੀ ਸਰਟੀਫਿਕੇਟ ਆਪਣੀ ਵਿਦਿਅਕ ਸੰਸਥਾ ਦੇ ਮੁਖੀ ਤੋਂ ਲੈ ਕੇ ਆਉਣਾ ਲਾਜ਼ਮੀ ਹੈ। ਹਰ ਵਰਗ ਵਿੱਚ ਇਕ ਸੰਸਥਾ ਵੱਧ ਤੋਂ ਵੱਧ 2 ਵਿਦਿਆਰਥੀ ਹੀ ਭੇਜ ਸਕਦੀ ਹੈ। ਜ਼ਿਲ੍ਹਾ ਪੱਧਰ 'ਤੇ ਹਰੇਕ ਵਰਗ ਵਿੱਚ ਸਿਰਫ਼ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀ ਹੀ ਰਾਜ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲੈਣਗੇ। ਰਾਜ ਪੱਧਰ ਦਾ ਮੁਕਾਬਲਾ ਮੌਖਿਕ ਅਤੇ ਵਿਅਕਤੀਗਤ ਹੋਵੇਗਾ। ਰਾਜ ਪੱਧਰ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤੋਂ ਇਲਾਵਾ ਸਰਟੀਫਿਕੇਟ ਵੀ ਦਿੱਤੇ ਜਾਣਗੇ।

ਹੁਸ਼ਿਆਰਪੁਰ ਦੀਆਂ ਮੰਡੀਆਂ 'ਚ ਪੁੱਜਾ 60,701 ਮੀਟਰਕ ਟਨ ਝੋਨਾ

ਹੁਸ਼ਿਆਰਪੁਰ, 11 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 60,701 ਮੀਟਰਕ ਟਨ ਝੋਨਾ ਪਹੁੰਚ ਚੁੱਕਾ ਹੈ, ਜਿਸ ਵਿਚੋਂ 59,969 ਮੀਟਰਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 22,541 ਮੀਟਰਕ ਟਨ, ਮਾਰਕਫੈਡ ਵਲੋਂ 13,912 ਮੀਟਰਕ ਟਨ, ਪਨਸਪ ਵਲੋਂ 10,998 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 3146 ਮੀਟਰਕ ਟਨ, ਪੰਜਾਬ ਐਗਰੋ ਵਲੋਂ 3770 ਮੀਟਰਕ ਟਨ, ਜਦਕਿ ਐਫ.ਸੀ.ਆਈ ਵਲੋਂ 5602 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਸੁਕਾ ਕੇ ਹੀ ਮੰਡੀਆਂ ਵਿਚ ਲਿਆਂਦੀ ਜਾਵੇ, ਤਾਂ ਜੋ ਜਿਣਸ ਵੇਚਣ ਲਈ ਉਨ੍ਹਾਂ ਨੂੰ ਵਧੇਰੇ ਸਮਾਂ ਮੰਡੀਆਂ ਵਿਚ ਨਾ ਗੁਜ਼ਾਰਨਾ ਪਵੇ।

ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਲਈ ਪ੍ਰਬੰਧ ਮੁਕੰਮਲ : ਏ ਡੀ ਸੀ

  • ਦੁਸਹਿਰਾ ਗਰਾਉਂਡ ਹਰਿਆਣਾ ਵਿਖੇ 17 ਅਤੇ 18 ਅਕਤੂਬਰ ਨੂੰ ਹੋਵੇਗਾ ਜ਼ਿਲ੍ਹਾ ਪੱਧਰੀ ਪਸ਼ੂ ਮੇਲਾ
  • ਜ਼ਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਮੇਲੇ ਵਿੱਚ ਸ਼ਿਰਕਤ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 11 ਅਕਤੂਬਰ: ਪਸ਼ੂ ਪਾਲਣ ਵਿਭਾਗ ਹੁਸ਼ਿਆਰਪੁਰ ਵਲੋਂ ਦੁਸਹਿਰਾ ਗਰਾਉਂਡ ਹਰਿਆਣਾ ਵਿਖੇ 17 ਅਤੇ 18 ਅਕਤੂਬਰ ਨੂੰ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਵਿਸ਼ੇਸ਼ ਬੈਠਕ ਹੋਈ।
ਬੈਠਕ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪਸ਼ੂ ਮੇਲੇ ਦੌਰਾਨ ਵਧੀਆ ਨਸਲ ਦੇ ਘੋੜੇ, ਮੱਝਾਂ, ਗਾਵਾਂ, ਬੱਕਰੀਆਂ, ਭੇਡਾਂ ਅਤੇ ਸੂਰਾ ਦੇ ਨਸਲੀ ਮੁਕਾਬਲੇ ਵੀ ਕਰਵਾਏ ਜਾਣਗੇ। ਮੁਕਾਬਲਿਆਂ ਦੌਰਾਨ ਜਿੱਤਣ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ ਵੱਖ-ਵੱਖ ਕੈਟਾਗਰੀਆਂ ਵਿੱਚ ਕੁੱਲ 7 ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਲਈ ਪਸ਼ੂ ਪਾਲਣ ਦੀਆਂ ਨਵੀਨਤਮ ਤਕਨੀਕਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਪ੍ਰਦਰਸ਼ਨੀਆਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਮੁਕਾਬਲਿਆਂ ਦੌਰਾਨ ਘੋੜੀਆਂ ਦੇ ਨਾਚ ਅਤੇ ਸਜਾਵਟ ਦੇ ਮੁਕਾਬਲੇ ਵੀ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹਿਣਗੇ।
                       ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਕਿਹਾ ਕਿ ਮੇਲੇ ਵਾਲੇ ਸਥਾਨ 'ਤੇ ਪਾਣੀ ਛਿੜਕਣ ਲਈ ਸਪਰਿੰਕਲਰ, ਪਸ਼ੂਆਂ ਅਤੇ ਪਸ਼ੂ ਪਾਲਕਾਂ ਲਈ ਪੀਣ ਵਾਲੇ ਸਾਫ਼ ਪਾਣੀ ਦੇ ਟੈਂਕਰ, ਕੂੜਾ-ਕਰਕਟ ਦੀ ਡਿਸਪੋਜ਼ਲ ਲਈ ਡੰਪਰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੱਖਰੇ ਤੌਰ 'ਤੇ ਮੈਡੀਕਲ ਟੀਮ ਤਾਇਨਾਤ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡੇਅਰੀ ਵਿਕਾਸ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਨੂੰ ਪਸ਼ੂ ਪਾਲਕਾਂ ਲਈ ਡੇਅਰੀ ਵਿਕਾਸ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਪਸ਼ੂ ਪਾਲਣ ਸਬੰਧੀ ਨਵੀਆਂ ਤਕਨੀਕਾਂ ਦੀ ਜਾਣਕਾਰੀ ਵੀ ਹਾਸਲ ਕਰਨ।
                       ਇਸ ਮੌਕੇ 'ਤੇ ਡਿਪਟੀ ਡਾਇਰੈਕਟਰ ਡਾ. ਹਰਮੇਸ਼ ਕੁਮਾਰ, ਵੈਟਰਨਰੀ ਅਫ਼ਸਰ ਡਾ. ਮਨਮੋਹਨ ਸਿੰਘ ਦਰਦੀ, ਸੀਨੀਅਰ ਵੈਟਰਨਰੀ ਅਫ਼ਸਰ ਗੜ੍ਹਸ਼ੰਕਰ ਸ੍ਰੀ ਹਰਜੀਪ ਸਿੰਘ, ਡਾ. ਅਵਤਾਰ ਸਿੰਘ ਬਾਗਪੁਰ ਸਤੌਰ, ਡਾ. ਰਾਜੀਵ ਬਾਲੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਸਿਵਲ ਹਸਪਤਾਲ 'ਚ ਬਣੇ ਫਿਜਿਓਥਰੈਪੀ ਸੈਂਟਰ ਦੀ ਬਦਲੀ ਨੁਹਾਰ


  • ਕਰੋੜਾਂ ਰੁਪਏ ਦਾਨ ਦੇਣ ਵਾਲੇ ਪਿਆਰੇ ਲਾਲ ਸੈਣੀ ਨੇ ਕੀਤਾ ਇਕ ਹੋਰ ਉਪਰਾਲਾ
  • ਹਲਕਾ ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਨੇ ਉਪਰਾਲੇ ਦੀ ਕੀਤੀ ਸ਼ਲਾਘਾ
ਹੁਸ਼ਿਆਰਪੁਰ 10 ਅਕਤੂਬਰ: ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਚੱਲ ਰਹੇ ਫਿਜਿਓਥਰੈਪੀ ਸੈਂਟਰ ਦੀ ਨੁਹਾਰ ਬਦਲ ਦਿੱਤੀ ਗਈ ਹੈ ਅਤੇ ਸੈਂਟਰ ਨੂੰ ਦਿੱਤੀ ਗਈ ਨਵੀਂ ਦਿੱਖ ਸਬੰਧੀ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਵਿਧਾਇਕ ਹਲਕਾ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਹਲਕਾ ਚੱਬੇਵਾਲ ਡਾ. ਰਾਜ ਕੁਮਾਰ, ਉਪ ਚੇਅਰਮੈਨ ਭਾਰਤੀ ਰੈਡ ਕਰਾਸ ਸੁਸਾਇਟੀ ਸ੍ਰੀ ਅਵਿਨਾਸ਼ ਰਾਏ ਖੰਨਾ ਅਤੇ ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਸ਼ਾਮਲ ਹੋਏ। ਉਘੇ ਸਮਾਜ ਸੇਵੀ ਸ੍ਰੀ ਪਿਆਰੇ ਲਾਲ ਸੈਣੀ ਵਲੋਂ ਕਰੀਬ 3.50 ਲੱਖ ਰੁਪਏ ਦੀ ਲਾਗਤ ਨਾਲ ਜਿਥੇ ਫਿਜਿਓਥਰੈਪੀ ਸੈਂਟਰ ਨੂੰ ਨਵੀਂ ਦਿੱਖ ਦਿੱਤੀ ਗਈ, ਉਥੇ ਆਧੁਨਿਕ ਸਿਹਤ ਸੰਭਾਲ ਸਬੰਧੀ ਤਕਨੀਕੀ ਯੰਤਰ ਵੀ ਦਾਨ ਕੀਤੇ ਗਏ। ਇਸ ਮੌਕੇ ਅਹਿਮ ਸਖਸ਼ੀਅਤਾਂ ਦੀ ਹਾਜ਼ਰੀ ਵਿੱਚ ਨਵੀਂ ਦਿੱਖ ਵਾਲੇ ਫਿਜਿਓਥਰੈਪੀ ਸੈਂਟਰ ਦਾ ਉਦਘਾਟਨ ਕੀਤਾ ਗਿਆ।

                       ਉਦਘਾਟਨੀ ਸਮਾਰੋਹ ਦੌਰਾਨ ਹਲਕਾ ਵਿਧਾਇਕਾਂ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਡਾ. ਰਾਜ ਕੁਮਾਰ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਅਤੇ ਉਘੇ ਸਮਾਜ ਸੇਵੀ ਸ੍ਰੀ ਪਿਆਰੇ ਲਾਲ ਸੈਣੀ ਵਲੋਂ ਸਮਾਜ ਸੇਵਾ ਲਈ ਕੀਤੇ ਜਾਂਦੇ ਯਤਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਉਦਮ ਸਦਕਾ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਹੀ ਹੁਸ਼ਿਆਰਪੁਰ ਦੀ ਰੈਡ ਕਰਾਸ ਸੁਸਾਇਟੀ ਮੋਹਰੀ ਰੋਲ ਅਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਰੈਡ ਕਰਾਸ ਸੁਸਾਇਟੀ ਵਲੋਂ ਕੇਵਲ 10 ਰੁਪਏ ਵਿੱਚ 'ਸਾਂਝੀ ਰਸੋਈ' ਵਿਖੇ ਜ਼ਰੂਰਤਮੰਦਾਂ ਨੂੰ ਖਾਣਾ ਖੁਆ ਕੇ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਉਘੇ ਸਮਾਜ ਸੇਵੀ ਸ੍ਰੀ ਪਿਆਰੇ ਲਾਲ ਸੈਣੀ ਨੇ ਸਿਵਲ ਹਸਪਤਾਲ ਵਿਖੇ ਚੱਲ ਰਹੇ ਫਿਜਿਓਥਰੈਪੀ ਸੈਂਟਰ ਦੀ ਰੈਨੋਵੇਸ਼ਨ ਅਤੇ ਸਿਹਤ ਸੰਭਾਲ ਸਬੰਧੀ ਤਕਨੀਕੀ ਯੰਤਰ ਦੇ ਕੇ ਸ਼ਹਿਰ ਵਾਸੀਆਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਪਿਆਰੇ ਲਾਲ ਸੈਣੀ ਵਲੋਂ ਦਾਨ ਕੀਤੇ ਗਏ ਕਰੋੜਾਂ ਰੁਪਏ ਦੀ ਰਾਸ਼ੀ ਸਦਕਾ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਵਜੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਲੋੜਵੰਦਾਂ ਦੀ ਸਮੇਂ-ਸਮੇਂ 'ਤੇ ਸਹਾਇਤਾ ਵੀ ਕੀਤੀ ਜਾ ਰਹੀ ਹੈ।
                       ਇਸ ਦੌਰਾਨ ਭਾਰਤੀ ਰੈਡ ਕਰਾਸ ਸੁਸਾਇਟੀ ਦੇ ਉਪ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਵੀ ਸ੍ਰੀ ਪਿਆਰੇ ਲਾਲ ਸੈਣੀ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਵਿੱਚ ਵੀ ਜ਼ਰੂਰਤਮੰਦਾਂ ਦੀ ਸਹਾਇਤਾ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇੰਡੀਅਨ ਰੈਡ ਕਰਾਸ ਸੁਸਾਇਟੀ ਦੇਸ਼ ਵਿੱਚ ਜ਼ਰੂਰਤਮੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਹੈ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਅਨੇਕਾਂ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ।
                       ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਮਾਜ ਸੇਵਕਾਂ ਦੇ ਸਹਿਯੋਗ ਕਾਰਨ ਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਆਪਣੇ ਮਕਸਦ ਵਿੱਚ ਸਫ਼ਲ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਅਤੇ ਸਮਾਜ ਸੇਵੀਆਂ ਦੀ ਸਹਾਇਤਾ ਨਾਲ ਭਵਿੱਖ ਵਿੱਚ ਵੀ ਸਮਾਜ ਸੇਵਾ ਦੇ ਕੰਮਾਂ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅੱਗੇ ਵੱਧੇਗੀ ਅਤੇ ਨਵੇਂ ਪ੍ਰੋਜੈਕਟਾਂ ਰਾਹੀਂ ਲੋਕਾਂ ਦੀ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਸ੍ਰੀ ਪਿਆਰੇ ਲਾਲ ਸੈਣੀ ਵਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਹੀ ਉਨ੍ਹਾਂ ਨੇ ਆਪਣੀ ਰਿਹਾਇਸ਼ 'ਤੇ ਹੋਮਿਓਪੈਥਿਕ ਡਿਸਪੈਂਸਰੀ ਖੋਲ੍ਹੀ ਗਈ ਹੈ, ਜੋ ਇਲਾਕਾ ਵਾਸੀਆਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਰੈਡ ਕਰਾਸ ਸੁਸਾਇਟੀ ਵਲੋਂ ਲੋੜਵੰਦਾਂ ਦੀ ਮਦਦ ਅਤੇ ਹੋਰ ਸਮਾਜ ਭਲਾਈ ਸਕੀਮਾਂ ਲਾਗੂ ਕਰਨ ਲਈ ਜੀਅ ਤੋੜ ਯਤਨ ਕੀਤੇ ਜਾਣਗੇ। ਇਸ ਮੌਕੇ 'ਤੇ ਸਿਵਲ ਸਰਜਨ ਡਾ. ਰੇਨੂ ਸੂਦ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਨਰੇਸ਼ ਕੁਮਾਰ ਗੁਪਤਾ ਅਤੇ ਰੈਡ ਕਰਾਸ ਸੁਸਾਇਟੀ ਦੇ ਸਮੂਹ ਮੈਂਬਰ ਵੀ ਮੌਜੂਦ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)